ਧਵਨ ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 29 ਮਾਰਚ
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐੱਮਪੀਸੀਏ) ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਧਵਨ ਨੂੰ ਅਗਲੇ ਦੋ ਸਾਲਾਂ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਹਰਪ੍ਰੀਤ ਡਡਵਾਲ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਸੀ, ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ਦੀ ਬਿਹਤਰੀ ਦੇ ਨਾਲ-ਨਾਲ ਸਮੂਹ ਮੈਂਬਰਾਂ ਦੀਆਂ ਨਿੱਜੀ ਸਮੱਸਿਆਵਾਂ ਦੇ ਹੱਲ ਲਈ ਨਿਰੰਤਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸੰਵਿਧਾਨ ਅਨੁਸਾਰ ਉਹ ਆਪਣਾ ਕਾਰਜਕਾਲ ਪੂਰਾ ਹੋਣ ’ਤੇ ਕਾਰਜਕਾਰਨੀ ਨੂੰ ਭੰਗ ਕਰਨ ਦਾ ਐਲਾਨ ਕਰਦੇ ਹਨ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਵਨ ਦਾ ਨਾਮ ਤਜਵੀਜ਼ ਕੀਤਾ ਗਿਆ, ਜਿਸ ਦੀ ਹਾਊਸ ਨੇ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਤੇ ਉਨ੍ਹਾਂ ਨੂੰ ਨਵੀਂ ਕਾਰਜਕਾਰਨੀ ਦੇ ਗਠਨ ਦੇ ਸਾਰੇ ਅਧਿਕਾਰ ਵੀ ਦਿੱਤੇ ਗਏ। ਅਖੀਰ ਹਰਜਿੰਦਰ ਸਿੰਘ ਧਵਨ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।