ਧੂਰੀ: ਕਿਸਾਨਾਂ ਦਾ ਧਰਨਾ ਜਾਰੀ, ਮੁੱਖ ਮੰਤਰੀ ਦਾ ਪੁਤਲਾ ਫੂਕਣ ਦਾ ਫੈ਼ਸਲਾ
ਹਰਦੀਪ ਸਿੰਘ ਸੋਢੀ
ਧੂਰੀ, 26 ਸਤੰਬਰ
ਨਹਿਰੀ ਪਾਣੀ ਲੈਣ ਲਈ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਫ਼ਤਰ ਅੱਗੇ ਲੱਗਾ ਧਰਨਾ ਸੱਤਵੇਂ ਦਿਨ ਵੀ ਜਾਰੀ ਰਿਹਾ। ਇਸ ਮੌਕੇ ਨਹਿਰੀ ਪਾਣੀ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਯੂਥ ਵਿੰਗ ਦੇ ਸੂਬਾ ਕਨਵੀਨਰ ਭੁਪਿੰਦਰ ਸਿੰਘ ਲੌਂਗੋਵਾਲ ਨੇ ਚੰਡੀਗੜ੍ਹ ਵਿਖੇ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਬੇਸਿੱਟਾ ਰਹੀ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਅਤੇ ਸਰਕਾਰ ਵੱਲੋਂ ਨਹਿਰੀ ਪਾਣੀਆਂ ਦਾ ਮਸਲਾ ਹੱਲ ਕਰਨ ਲਈ ਸੁਹਿਰਦ ਨਾ ਹੋਣ ਦੇ ਰੋਸ ਵਜੋਂ ਕੱਲ੍ਹ ਮੁੱਖ ਮੰਤਰੀ ਦਾ ਪੁਤਲਾ ਫ਼ੂਕਣ ਲਈ ਲੋਕਾਂ ਨੂੰ ਵੱਡੀ ਗਿਣਤੀ ਵਿਚ ਪਹੁੰਚਣ ਦਾ ਸੱਦਾ ਦਿੱਤਾ। ਧਰਨੇ ਵਿੱਚ ਵਿਸ਼ੇਸ਼ ਤੌਰ ’ਤੇ ਪਹੁੰਚੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਸਰਕਾਰ ਵੱਲੋਂ ਮੰਗਾਂ ਮੰਨਵਾਉਣ ਤੱਕ ਉਹ ਮੋਰਚੇ ਦੀ ਹਮਾਇਤ ਕਰਨਗੇ। ਇਸ ਮੌਕੇ ਧਰਨੇ ਨੂੰ ਮੱਘਰ ਸਿੰਘ ਭੂਦਨ, ਚਮਕੌਰ ਸਿੰਘ ਬਧਰਾਵਾਂ, ਸੁਖਵਿੰਦਰ ਸਿੰਘ ਚੁੰਘਾਂ,ਪ੍ਰਮੇਲ ਸਿੰਘ ਹਥਨ,ਗੁਰਮੁਖ ਸਿੰਘ ਚੁੰਘਾਂ, ਬੀਕੇਯੂ ਉਗਰਾਹਾਂ ਦੇ ਆਗੂ ਹਰਜੀਤ ਸਿੰਘ ਬਦੇਸ਼ਾ, ਮਾਨ ਸਿੰਘ ਸੱਦੋਪੁਰ, ਬੀਕੇਯੂ ਰਾਜੇਵਾਲ ਦੇ ਆਗੂ ਬਲਵਿੰਦਰ ਸਿੰਘ ਜੱਖਲਾਂ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਕੁਲਵਿੰਦਰ ਸਿੰਘ ਭੂਦਨ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਆਗੂ ਚਮਕੌਰ ਸਿੰਘ ਹਥਨ, ਜੁਝਾਰ ਸਿੰਘ ਬਡਰੁੱਖਾਂ, ਦਰਸ਼ਨ ਸਿੰਘ ਕੁੰਨਰਾਂ ਸਮੇਤ ਵੱਖ ਵੱਖ ਬੁਲਾਰਿਆਂ ਨੇ ਸੰਬੋਧਨ ਕੀਤਾ।