For the best experience, open
https://m.punjabitribuneonline.com
on your mobile browser.
Advertisement

ਝੋਨੇ ਦੀ ਸਿੱਧੀ ਬਿਜਾਈ ਨੇ ਪੁੱਠਾ ਕੀਤਾ ਖੇਤ ਮਜ਼ਦੂਰਾਂ ਦਾ ਕਾਰੋਬਾਰ

07:56 AM Aug 08, 2024 IST
ਝੋਨੇ ਦੀ ਸਿੱਧੀ ਬਿਜਾਈ ਨੇ ਪੁੱਠਾ ਕੀਤਾ ਖੇਤ ਮਜ਼ਦੂਰਾਂ ਦਾ ਕਾਰੋਬਾਰ
Advertisement

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 7 ਅਗਸਤ
ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਕਾਰਨ ਖੇਤ ਮਜ਼ਦੂਰਾਂ ਹੱਥੋਂ ਝੋਨੇ ਦੀ ਲੁਆਈ ਦਾ ਰੁਜ਼ਗਾਰ ਖੁੱਸਣ ਕਾਰਨ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਔਖਾ ਹੋ ਗਿਆ ਹੈ। ਪਹਿਲਾਂ ਤੋਂ ਹੀ ਕਣਕ ਤੇ ਝੋਨੇ ਦੀ ਵਾਢ ਦੇ ਕੰਮ ਦਾ ਮਸ਼ੀਨੀਕਰਨ ਹੋਣ ਕਾਰਨ ਖੇਤ ਮਜ਼ਦੂਰਾਂ ਲਈ ਸਿਰਫ ਝੋਨੇ ਦੀ ਲੁਆਈ ਹੀ ਰੁਜ਼ਗਾਰ ਦਾ ਇਕੋ ਇਕ ਸਾਧਨ ਸੀ। ਇਸ ਲਈ ਹੁਣ ਖੇਤ ਮਜ਼ਦੂਰਾਂ ਵੱਲੋਂ ਆਪਣੇ ਰੁਜ਼ਗਾਰ ਦੀ ਰਾਖੀ ਲਈ ਲਾਮਬੰਦ ਹੁੰਦਿਆਂ ਸਰਕਾਰ ਪਾਸੋਂ ਆਪਣੇ ਨੁਕਸਾਨ ਦੀ ਭਰਪਾਈ ਲਈ ਸੰਘਰਸ਼ ਕਰਨ ਦੀ ਵਿਉਂਤਬੰਦੀ ਸ਼ੁਰੂ ਕਰ ਦਿੱਤੀ ਹੈ। ‘ਪੰਜਾਬ ਖੇਤ ਮਜ਼ਦੂਰ ਯੂਨੀਅਨ’ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਆਖਿਆ ਖੇਤੀਬਾੜੀ ਵਿਭਾਗ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਫਿਰੋਜ਼ਪੁਰ ਤੇ ਮੁਕਤਸਰ ਜ਼ਿਲ੍ਹਿਆਂ ’ਚ ਢਾਈ ਲੱਖ ਏਕੜ ਤੋਂ ਵੱਧ ਰਕਬੇ ’ਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਇਸ ਤਰ੍ਹਾਂ ਖੇਤ ਮਜ਼ਦੂਰਾਂ ਨੂੰ ਝੋਨੇ ਦੀ ਲੁਆਈ ’ਚ ਮਿਲਣ ਵਾਲੀਆਂ ਲਗਪਗ 15 ਲੱਖ ਦਿਹਾੜੀਆਂ ਦਾ ਨੁਕਸਾਨ ਹੋ ਚੁੱਕਿਆ ਹੈ। ਸ੍ਰੀ ਸੇਵੇਵਾਲਾ ਨੇ ਦੱਸਿਆ ਕਿ ਇੱਕ ਏਕੜ ਦੀ ਲੁਆਈ ਔਸਤਨ 4 ਹਜ਼ਾਰ ਰੁਪਏ ਦੇ ਹਿਸਾਬ ਨਾਲ ਮਜ਼ਦੂਰਾਂ ਨੂੰ ਮਿਲਣ ਵਾਲੀ ਮਜ਼ਦੂਰੀ ਦੇ 88 ਕਰੋੜ ਰੁਪਏ ਦਾ ਨੁਕਸਾਨ ਝੱਲਣਾ ਪਿਆ। ਉਨ੍ਹਾਂ ਆਖਿਆ ਕਿ ਜਿਸ ਤਰ੍ਹਾਂ ‘ਆਪ’ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ 15 ਸੌ ਰੁਪਏ ਪ੍ਰਤੀ ਏਕੜ ਉਤਸ਼ਾਹੀ ਭੱਤਾ ਜਾ ਰਿਹਾ ਹੈ ਜੋ ਕੁੱਲ ਮਿਲਾ ਕੇ 37 ਕਰੋੜ 2 ਲੱਖ ਰੁਪਏ ਬਣਦਾ ਹੈ ਉਸੇ ਤਰ੍ਹਾਂ ਸਰਕਾਰ ਨੂੰ ਸਿੱਧੀ ਬਿਜਾਈ ਕਾਰਨ ਖੇਤ ਮਜ਼ਦੂਰਾਂ ਦੇ ਹੋਣ ਵਾਲੇ ਨੁਕਸਾਨ ਦੀ ਭਰਪਾਈ ਵੀ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਸਰਕਾਰ ਵੱਲੋਂ ਖੇਤ ਮਜ਼ਦੂਰਾਂ ਦੇ ਹੋਣ ਵਾਲੇ ਰੁਜ਼ਗਾਰ ਉਜਾੜੇ ਦੀ ਪੂਰਤੀ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ ਜਾ ਰਿਹਾ ਜਿਸ ਕਰਕੇ ਖੇਤ ਮਜ਼ਦੂਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਜ਼ਦੂਰ-ਕਿਸਾਨ ਤੇ ਵਾਤਾਵਰਨ ਪੱਖੀ ਖੇਤੀ ਨੀਤੀ ਲਾਗੂ ਕਰਨ ਲਈ ਹਰਪਾਲ ਸਿੰਘ ਚੀਮਾ ਤੇ ਕੁਲਤਾਰ ਸਿੰਘ ਸੰਧਵਾਂ ਦੇ ਘਰ ਅੱਗੇ ਇੱਕ ਰੋਜ਼ਾ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਘਰ ਅੱਗੇ 21 ਅਗਸਤ ਤੋਂ ਲਗਾਤਾਰ ਧਰਨਾ ਦਿੱਤਾ ਜਾਵੇਗਾ।

Advertisement
Advertisement
Author Image

Advertisement