ਪ੍ਰਸ਼ਾਸਨ ਵੱਲੋਂ ਨਵਾਂ ਹਸਪਤਾਲ ਬਣਾਉਣ ਬਾਰੇ ਚਰਚਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਨਵੰਬਰ
ਪੰਜਾਬ ਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਹਸਪਤਾਲਾਂ ’ਚ ਪੰਜਾਬ, ਹਰਿਆਣਾ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਤੇ ਉਤਰਾਖੰਡ ਸਣੇ ਆਲੇ-ਦੁਆਲੇ ਦੇ ਇਲਾਕੇ ਦੇ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੂੰ ਦੇਖਦਿਆਂ ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਨਵਾਂ ਆਧੁਨਿਕ ਹਸਪਤਾਲ ਖੋਲ੍ਹਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸ਼ਹਿਰ ਵਿੱਚ ਨਵਾਂ ਆਧੁਨਿਕ ਹਸਪਤਾਲ ਬਣਾਉਣ ਬਾਰੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸ਼ਹਿਰ ਵਿੱਚ ਸਥਿਤ ਹਸਪਤਾਲਾਂ ਦੇ ਮੌਜੂਦਾਂ ਹਾਲਾਤ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਵਧੀਆਂ ਸਹੂਲਤਾਂ ਦੇਣ ਅਤੇ ਵੱਧ ਰਹੀ ਮਰੀਜ਼ਾਂ ਦੀ ਗਿਣਤੀ ਨੂੰ ਘਟਾਉਣ ਦੀ ਅਪੀਲ ਕੀਤੀ।
ਸ੍ਰੀ ਕਟਾਰੀਆ ਨੇ ਸ਼ਹਿਰ ਨੂੰ ਹਸਪਤਾਲਾਂ ਵਿੱਚ ਵਧੀਆਂ ਸਿਹਤ ਸਹੂਲਤਾਂ ਦੇ ਨਾਲ ਸਿਹਤ ਸਿੱਖਿਆ ਦੇ ਖੇਤਰ ਵਿੱਚ ਵਿਕਸਿਤ ਕਰਨ ਦੀ ਜ਼ਰੂਰਤ ਹੈ। ਨੀਤੀ ਆਯੋਗ ਦੇ ਮੈਂਬਰ ਡਾ. ਵੀਕੇ ਪਾਲ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਹੋਰ ਵਿਕਸਤ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਵੀਂ ਸਿਹਤ ਸਹੂਲਤਾਂ ਸ਼ੁਰੂ ਕਰਨ ਦੇ ਫੈਸਲੇ ਨੂੰ ਵਿਕਸਿਤ ਭਾਰਤ-2047 ਦੇ ਵਿਜ਼ਨ ਨਾਲ ਵੀ ਜੋੜਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਚਲੇ ਹਸਪਤਾਲਾਂ ਨੂੰ ਏਮਸ ਵਰਗੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਸਕਦਾ ਹੈ।
ਇਸ ਦੌਰਾਨ ਸਿੱਖਿਆ ਸਕੱਤਰ ਪ੍ਰੇਰਨਾ ਪੁਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਮੈਂਟਰਸ਼ਿਪ ਪ੍ਰੋਗਰਾਮ ਸ਼ੁਰੂ ਕੀਤੇ ਜਾਣੇ ਚਾਹੀਦੇ ਹਨ। ਮੌਜੂਦਾ ਸਮੇਂ ਕੰਮ ਕਰਨ ਵਾਲੇ ਤੇ ਸੇਵਾਮੁਕਤ ਹੋ ਚੁੱਕੇ ਡਾਕਟਰ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਣਕਾਰੀ ਦੇਣਗੇ।