ਮਨੁੱਖੀ ਅਧਿਕਾਰ ਦਿਹਾੜਾ ਮਨਾਉਣ ਬਾਰੇ ਵਿਚਾਰ-ਚਰਚਾ
ਗੁਰਦੀਪ ਸਿੰਘ ਲਾਲੀ
ਸੰਗਰੂਰ, 2 ਦਸੰਬਰ
ਇੱਥੇ ਵੱਖ-ਵੱਖ ਜਨਤਕ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ 8 ਦਸੰਬਰ ਨੂੰ ਕੌਮਾਂਤਰੀ ਮਨੁੱਖੀ ਅਧਿਕਾਰਾਂ ਸਬੰਧੀ ਮੁਹਿੰਮ ਚਲਾਉਣ ਤੇ ਤਿੰਨ ਫੌਜਦਾਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲਿਆਂ ਖ਼ਿਲਾਫ਼ ਸਥਾਨਕ ਪ੍ਰਜਾਪਤ ਧਰਮਸ਼ਾਲਾ ਵਿੱਚ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਇੱਥੇ ਮੀਟਿੰਗ ਤੋਂ ਬਾਅਦ ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਜਗਜੀਤ ਭੂਟਾਲ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਜ਼ੋਨ ਜਥੇਬੰਦਕ ਮੁਖੀ ਮਾਸਟਰ ਪਰਮਵੇਦ ਨੇ ਦੱਸਿਆ ਕਿ ਸੈਮੀਨਾਰ ਦੇ ਮੁੱਖ ਬੁਲਾਰੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਆਗੂ ਬੂਟਾ ਸਿੰਘ ਤੋਂ ਇਲਾਵਾ ਮਨੁੱਖੀ ਅਧਿਕਾਰਾਂ ਦੀ ਉੱਘੀ ਕਾਰਕੁਨ ਐਡਵੋਕੇਟ ਅਮਨਦੀਪ ਕੌਰ ਹੋਣਗੇ। ਆਗੂਆਂ ਨੇ ਦੱਸਿਆ ਭਾਰਤੀ ਹਕੂਮਤ ਲਗਾਤਾਰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ’ਤੇ ਹਮਲੇ ਕਰਨ ਅਤੇ ਵਿਰੋਧੀ ਵਿਚਾਰ ਰੱਖਣ ਵਾਲੇ ਲੋਕ ਪੱਖੀ ਮਨੁੱਖੀ ਅਧਿਕਾਰਾਂ ਦੇ ਕਾਰਕੁਨਾਂ, ਬੁੱਧੀਜੀਵੀਆਂ, ਚਿੰਤਕਾਂ , ਪੱਤਰਕਾਰਾਂ ਅਤੇ ਵਕੀਲਾਂ ਨੂੰ ਵੱਖ ਵੱਖ ਝੂਠੇ ਪਰਚਿਆਂ ਵਿਚ ਉਲਝਾ ਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਕੱਤਰ ਕੁਲਦੀਪ ਸਿੰਘ, ਸੂਬਾ ਆਗੂ ਮਨਧੀਰ ਸਿੰਘ, ਵਿਸਾਖਾ ਸਿੰਘ, ਸਵਰਨਜੀਤ ਸਿੰਘ ਤੇ ਇਕਾਈ ਪ੍ਰਧਾਨ ਸੁਰਿੰਦਰਪਾਲ ਉਪਲੀ ਆਦਿ ਮੌਜੂਦ ਸਨ।