ਆਰਐੱਮਪੀਆਈ ਦੀ ਵਰਕਸ਼ਾਪ ਵਿੱਚ ਭਖ਼ਦੇ ਮੁੱਦਿਆਂ ’ਤੇ ਚਰਚਾ
ਪੱਤਰ ਪ੍ਰੇਰਕ
ਪਠਾਨਕੋਟ, 15 ਨਵੰਬਰ
ਆਰਐੱਮਪੀਆਈ (ਰੈਵੋਲੂਸ਼ਨਰੀ ਪਾਰਟੀ) ਦੇ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਦਾਅਵਾ ਕੀਤਾ ਕਿ ਕੈਨੇਡਾ ਅਤੇ ਭਾਰਤ ਦੇ ਸਬੰਧ ਵਿਗੜਨੇ ਕਿਸੇ ਵੀ ਤਰ੍ਹਾਂ ਦੇਸ਼ ਹਿੱਤ ਵਿੱਚ ਨਹੀਂ ਹਨ। ਇੰਨ੍ਹਾਂ ਸਬੰਧਾਂ ਵਿੱਚ ਪੈਦਾ ਹੋਈ ਕਸ਼ੀਦਗੀ ਨੂੰ ਘਟਾਉਣ ਲਈ ਭਾਰਤ ਦੀ ਸਰਕਾਰ ਨੂੰ ਟਕਰਾਅ ਦਾ ਰਸਤਾ ਅਖਤਿਆਰ ਕਰਨ ਦੀ ਬਜਾਏ ਸਾਰਾ ਮਾਮਲਾ ਡਿਪਲੋਮੈਸੀ ਰਾਹੀਂ ਹੱਲ ਕਰਨਾ ਚਾਹੀਦਾ ਹੈ। ਉਹ ਸ਼ਾਹਪੁਰਕੰਡੀ ਵਿੱਚ ਆਰਐੱਮਪੀਆਈ ਦੀ ਚਾਰ ਰੋਜ਼ਾ ਵਰਕਸ਼ਾਪ ਵਿੱਚ ਭਾਗ ਲੈ ਰਹੇ ਸਨ। ਇਸ ਕਾਨਫਰੰਸ ਵਿੱਚ ਦੇਸ਼ ਅਤੇ ਪੰਜਾਬ ਦੇ ਭਖਦੇ ਮੁੱਦਿਆਂ ਉਪਰ ਵਿਚਾਰ ਚਰਚਾ ਕੀਤੀ ਗਈ। ਕਾਮਰੇਡ ਪਾਸਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਸ ਵੇਲੇ ਸੰਵਿਧਾਨ ਦੀਆਂ ਖੂਬ ਧੱਜੀਆਂ ਉਡਾ ਰਹੀ ਹੈ, ਜਿਸ ਤਰ੍ਹਾਂ ਦਾ ਫਿਰਕਾਪ੍ਰਸਤੀ ਦਾ ਪ੍ਰਚਾਰ ਇਸ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਘੱਟ ਗਿਣਤੀਆਂ ਖ਼ਿਲਾਫ਼ ਹਮਲੇ ਕੀਤੇ ਜਾ ਰਹੇ ਹਨ, ਉਸ ਨਾਲ ਦੇਸ਼ ਅੰਦਰ ਲਗਾਤਾਰ ਡਰ ਅਤੇ ਭੈਅ ਦਾ ਮਾਹੌਲ ਬਣਿਆ ਹੈ, ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ। ਇਸ ਸਰਕਾਰ ਵੱਲੋਂ ਅਪਨਾਈਆਂ ਗਈਆਂ ਨੀਤੀਆਂ ਨਾਲ ਮਹਿੰਗਾਈ ਅਤੇ ਬੇਰੁਜ਼ਗਾਰੀ ਚਰਮ ਸੀਮਾ ’ਤੇ ਪੁੱਜ ਗਈ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਵੀ ਲੋਕਾਂ ਦਾ ਵਿਸ਼ਵਾਸ ਉਠ ਚੁੱਕਾ ਹੈ।