ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ’ਚ ਸੰਘਰਸ਼ ’ਤੇ ਵਿਚਾਰ

06:37 AM Dec 12, 2024 IST
ਮੀਟਿੰਗ ਦੌਰਾਨ ਹਾਜ਼ਰ ਸੰਯੁਕਤ ਕਿਸਾਨ ਮੋਰਚੇ ਦੇ ਆਗੂ। -ਫੋਟੋ: ਇੰਦਰਜੀਤ ਵਰਮਾ

ਗੁਰਿੰਦਰ ਸਿੰਘ
ਲੁਧਿਆਣਾ, 11 ਦਸੰਬਰ
ਸੰਯੁਕਤ ਕਿਸਾਨ ਮੋਰਚਾ ਦੀਆਂ ਪੰਜਾਬ ਨਾਲ ਸਬੰਧਤ ਕਿਸਾਨ ਜਥੇਬੰਦੀਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਖਨੌਰੀ ਬਾਰਡਰ ਵਿੱਚ ਵਿਗੜ ਰਹੀ ਸਿਹਤ ’ਤੇ ਚਿੰਤਾ ਪ੍ਰਗਟ ਕੀਤੀ ਹੈ। ਆਗੂਆਂ ਨੇ ਸ਼ੰਭੂ ਵਿੱਚ ਦਿੱਲੀ ਵੱਲ ਮਾਰਚ ਕਰ ਰਹੇ ਅਤੇ ਲੇਲੇਵਾਲਾ ਵਿੱਚ ਜ਼ਮੀਨ ਅਧਿਗ੍ਰਹਿਣ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਕੀਤੇ ਜਾ ਰਹੇ ਜਬਰ ’ਤੇ ਵੀ ਦੁੱਖ ਪ੍ਰਗਟਾਇਆ। ਅੱਜ ਇੱਥੇ ਪੰਜਾਬੀ ਭਵਨ ਵਿੱਚ ਹੋਈ ਮੀਟਿੰਗ ਨੇ ਮਤਾ ਪਾਸ ਕਰਕੇ ਪੈਦਾ ਹੋ ਰਹੇ ਹਾਲਾਤ ਲਈ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਜਬਰ ਕਰਨ ਦੀ ਥਾਂ ਗੱਲਬਾਤ ਕਰਕੇ ਮੰਗਾਂ ਮਸਲਿਆਂ ਨੂੰ ਹੱਲ ਕੀਤਾ ਜਾਵੇ।
ਇੱਕ ਹੋਰ ਮਤੇ ਵਿੱਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਹ ਤੁਰੰਤ ਸੀਨੀਅਰ ਡਾਕਟਰਾਂ ਦੀ ਟੀਮ ਤੋਂ ਕਿਸਾਨ ਆਗੂ ਦੀ ਸਿਹਤ ਦਾ ਮੁਆਇਨਾ ਕਰਕੇ ਪੰਜਾਬ ਦੇ ਲੋਕਾਂ ਨਾਲ ਜਾਣਕਾਰੀ ਸਾਂਝੀ ਕਰੇ। ਕਿਸਾਨ ਆਗੂਆਂ ਡਾ. ਸਤਨਾਮ ਸਿੰਘ ਅਜਨਾਲਾ, ਬਲਦੇਵ ਸਿੰਘ ਲਤਾਲਾ ਅਤੇ ਬਿੰਦਰ ਸਿੰਘ ਗੋਲੇਵਾਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਲਈ ਸਾਫ਼ ਪਾਣੀ ਦੇਣ, ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ, ਬਾਸਮਤੀ,ਆਲੂ, ਮੱਕੀ ਆਦਿ ਫਸਲਾਂ ਦਾ ਐੱਮਐੱਸਪੀ ਦੇਣ, ਅਬਾਦਕਾਰਾਂ ਨੂੰ ਮਾਲਕੀ ਹੱਕ ਦੇਣ ਸਣੇ ਸੁੰਡੀ ਨਾਲ ਤਬਾਹ ਹੋਈ ਕਣਕ ਦੀ ਫ਼ਸਲ ਦਾ ਮੁਆਵਜ਼ਾ ਦੇਣ, ਯੂਰੀਆ ਅਤੇ ਡੀਏਪੀ ਦੀ ਢੁੱਕਵੀਂ ਸਪਲਾਈ ਯਕੀਨੀ ਬਣਾਉਣ ਆਦਿ ਮੰਗਾਂ ਮਸਲਿਆਂ ਲਈ ਭਵਿੱਖੀ ਸੰਘਰਸ਼ ਦੀ ਰੂਪ ਰੇਖਾ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਸੰਘਰਸ਼ ਦੀ ਰਣਨੀਤੀ ਨੂੰ ਅੰਤਿਮ ਰੂਪ ਦੇਣ ਲਈ 24 ਦਸੰਬਰ ਨੂੰ ਮੁੜ ਲੁਧਿਆਣਾ ਵਿੱੱਚ ਮੀਟਿੰਗ ਕਰਨ ਦਾ ਫ਼ੈਸਲਾ ਕਰਦਿਆਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਪੰਜਾਬ ਸਰਕਾਰ ਨੇ 24 ਦਸੰਬਰ ਤੱਕ ਕਿਸਾਨਾਂ ਦੇ ਮਸਲੇ ਹੱਲ ਨਾ ਕੀਤੇ ਤਾਂ ਮੀਟਿੰਗ ਦੌਰਾਨ ਸਖ਼ਤ ਕਦਮ ਚੁੱਕੇ ਜਾਣ ਬਾਰੇ ਫ਼ੈਸਲਾ ਕੀਤਾ ਜਾਵੇਗਾ। ਮੀਟਿੰਗ ਵਿੱਚ ਬਲਬੀਰ ਸਿੰਘ ਰਾਜੇਵਾਲ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ, ਪਰਮਿੰਦਰ ਸਿੰਘ ਪਾਲ ਮਾਜਰਾ, ਫੁਰਮਾਨ ਸਿੰਘ ਸੰਧੂ, ਬਲਦੇਵ ਸਿੰਘ ਨਿਹਾਲਗੜ੍ਹ, ਮਨਜੀਤ ਸਿੰਘ ਧਨੇਰ, ਰੁਲਦੂ ਸਿੰਘ ਮਾਨਸਾ, ਰਣਜੀਤ ਸਿੰਘ ਬਾਜਵਾ, ਗੁਰਮੀਤ ਸਿੰਘ ਮਹਿਮਾ, ਹਰਜਿੰਦਰ ਸਿੰਘ ਟਾਂਡਾ, ਹਰਦੇਵ ਸਿੰਘ ਸੰਧੂ, ਸੁਖਦੇਵ ਸਿੰਘ ਅਰਾਈਆਂਵਾਲਾ ਆਦਿ ਹਾਜ਼ਰ ਸਨ।

Advertisement

Advertisement