ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਚਰਚਾ
ਪੱਤਰ ਪ੍ਰੇਰਕ
ਮੁਕੇਰੀਆਂ, 11 ਜਨਵਰੀ
ਪੰਜਾਬ ਪੈਨਸ਼ਨਰਜ਼ ਵੈਲਫੇਅਰ ਯੂਨੀਅਨ ਦੀ ਮੀਟਿੰਗ ਕੰਵਰ ਰਕੇਸ਼ ਸਿੰਘ ਦੀ ਪ੍ਰਧਾਨਗੀ ਹੇਠ ਮੌਨਸਰ ਮੰਦਰ ਮੁਕੇਰੀਆਂ ਵਿਖੇ ਹੋਈ। ਵਿਛੜੇ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਉਪਰੰਤ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਚਰਚਾ ਕੀਤੀ ਗਈ। ਆਗੂਆਂ ਕਿਹਾ ਕਿ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਨ੍ਹਾਂ ਵਿੱਚ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੈਨਸ਼ਨਰਜ਼ ਲਈ ਸਿਫਾਰਿਸ਼ ਕੀਤੀ ਪੈਨਸ਼ਨ ਸੋਧ ਕਰਨ, 1-1-2016 ਤੋਂ 30-6-2021 ਤੱਕ ਦਾ ਪੈਨਸ਼ਨ ਸੋਧ ਅਤੇ ਮਹਿੰਗਾਈ ਭੱਤੇ ਦਾ ਬਕਾਇਆ ਅਦਾ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਰਿਲੀਜ਼ ਕਰਨ ਅਤੇ ਉਨ੍ਹਾਂ ਦਾ ਬਕਾਇਆ ਅਦਾ ਕਰਨਾ, ਮੈਡੀਕਲ ਭੱਤੇ ਵਿੱਚ ਯੋਗ ਵਾਧਾ ਕਰਨ, ਕੈਸ਼ਲੈਸ ਮੈਡੀਕਲ ਸਕੀਮ ਸੋਧ ਕੇ ਫਿਰ ਤੋਂ ਸ਼ੁਰੂ ਕਰਨ, ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਆਦਿ ਮੰਗਾਂ ਮੰਨਣ ਬਾਰੇ ਸਰਕਾਰ ਆਨਾਕਾਨੀ ਕਰ ਰਹੀ ਹੈ। ਪੈਨਸ਼ਨਰ ਆਗੂ ਜਸਵੀਰ ਸਿੰਘ, ਬਲਵਿੰਦਰ ਸਿੰਘ, ਦਿਲਾਵਰ ਸਿੰਘ, ਸੁਜਾਨ ਸਿੰਘ, ਤੀਰਥ ਸਿੰਘ ਸੈਣੀ, ਗਨੇਸ਼ ਦੱਤ ਮਹਿਤਾ ਤੇ ਪ੍ਰਿੰਸੀਪਲ ਜਗਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਬਜ਼ੁਰਗਾਂ ਨੂੰ ਖੁਆਰ ਕਰਨ ਦੇ ਨਤੀਜੇ ਭੁਗਤਣੇ ਪੈਣਗੇ। ਪ੍ਰਿੰਸੀਪਲ ਦਵਿੰਦਰ ਸਿੰਘ ਨੇ ਹਾਈ ਕੋਰਟ ਵਿੱਚ ਪੈਨਸ਼ਨਰਾਂ ਦੀਆਂ ਰਿੱਟਾਂ ਦੇ ਸਟੇਟਸ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੈਨਸ਼ਨਰਾਂ ਦੇ ਹੱਕ ਵਿੱਚ ਹੋਏ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਸਰਕਾਰ ਟਾਲ ਮਟੋਲ ਦੀ ਨੀਤੀ ਅਪਣਾ ਰਹੀ ਹੈ।