ਭਾਜਪਾ ਦੀ ਬੇੜੀ ’ਚ ਵੱਟੇ ਪਾਵੇਗੀ ਅਨਾਜ ਅਤੇ ਅੰਨਦਾਤੇ ਦੀ ਬੇਕਦਰੀ: ਬਰਸਟ
ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 27 ਅਕਤੂਬਰ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕੇਂਦਰ ਸਰਕਾਰ ਦੀ ਅਣਦੇਖੀ ਕਾਰਨ ਮੰਡੀਆਂ ਵਿੱਚ ਰੁਲ ਰਿਹਾ ਅਨਾਜ ਅਤੇ ਅੰਨਦਾਤੇ ਦੀ ਬੇਕਦਰੀ ਦਾ ਸਰਾਪ ਭਾਜਪਾ ਦੀ ਬੇੜੀਆਂ ਵਿੱਚ ਵੱਟੇ ਪਾਉਣ ਲਈ ਕਾਫ਼ੀ ਹੈ। ਉਨ੍ਹਾਂ ਕਿਹਾ ਕਿ ਅੰਨ ਦੀ ਬੇਕਦਰੀ ਕਰਨਾ ਮਹਾਂ ਪਾਪ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਵੱਲੋਂ ਕੇਂਦਰ ਖ਼ਿਲਾਫ਼ ਕੀਤੇ ਅੰਦੋਲਨ ਦਾ ਬਦਲਾ ਲੈਣ ਲਈ ਭਾਜਪਾ ਹਕੂਮਤ ਪੰਜਾਬ ਵਿੱਚ ਅੰਨ ਦੀ ਬੇਕਦਰੀ ਕਰ ਰਹੀ ਹੈ। ਇਹੀ ਨਹੀਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਸ਼ੈੱਲਰ ਮਾਲਕਾਂ ਅਤੇ ਆੜ੍ਹਤੀ ਭਾਈਚਾਰੇ ਨੂੰ ਵੀ ਮੰਡੀਆਂ ਵਿੱਚ ਰੁਲਣਾ ਪੈ ਰਿਹਾ ਹੈ।
ਸ੍ਰੀ ਬਰਸਟ ਨੇ ਕਿਹਾ ਕਿ ਭਾਜਪਾ ਅਤੇ ਕੇਂਦਰ ਸਰਕਾਰ ਸਿਰਫ਼ ਤੇ ਸਿਰਫ਼ ਪੰਜਾਬ ਸਰਕਾਰ ਨੂੰ ਨੀਵਾਂ ਦਿਖਾਉਣ ਲਈ ਅਜਿਹਾ ਕਰ ਰਹੀ ਹੈ। ਇਸ ਨਾਲ ਵੱਡੀ ਗਿਣਤੀ ਵਿੱਚ ਪੰਜਾਬੀ ਖ਼ਾਸ ਕਰ ਕੇ ਕਿਸਾਨ ਖੱਜਲ ਹੋ ਰਹੇ ਹਨ ਜਦੋਂਕਿ ਭਾਜਪਾ ਪੰਜਾਬ ਦੇ ਆਗੂ ਮਗਰਮੱਛ ਦੇ ਹੰਝੂ ਵਹਾਅ ਰਹੇ ਹਨ ਜਦੋਂਕਿ ਉਨ੍ਹਾਂ ਨੂੰ ਕੇਂਦਰ ਸਰਕਾਰ ’ਤੇ ਦਬਾਅ ਬਣਾ ਕੇ ਕਿਸਾਨਾਂ ਦੇ ਮਸਲੇ ਹੱਲ ਕਰਨੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਪੰਜਾਬ ਦੇ ਅੰਨਦਾਤਾ ਅਤੇ ਅੰਨ ਪ੍ਰਤੀ ਆਪਣੇ ਰਾਜ ਧਰਮ ਦੀ ਪਾਲਣਾ ਕਰਨ ਵਿੱਚ ਅਸਮਰੱਥ ਹਨ ਕਿਉਂਕਿ ਉਹ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਝੋਨੇ ਦੇ ਖ਼ਰੀਦ ਕਾਰਜਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।