ਵਿਵਾਦਤ ਜ਼ਮੀਨ: ਡੀਸੀ ਤੇ ਐੱਸਐਸਪੀ ਦਫ਼ਤਰ ਦਾ ਘਿਰਾਓ ਭਲਕ ਤੋਂ
ਪੱਤਰ ਪ੍ਰੇਰਕ
ਮਾਨਸਾ, 31 ਮਾਰਚ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਸੂਬਾ ਕਮੇਟੀ ਦੀ ਅਗਵਾਈ ਵਿੱਚ ਮਾਨਸਾ ਜ਼ਿਲ੍ਹੇ ਅੰਦਰ ਕੁੱਲਰੀਆਂ ਪਿੰਡ ਦੇ ਅਬਾਦਕਾਰ ਕਿਸਾਨਾਂ ਦੀਆਂ ਜ਼ਮੀਨਾਂ ਬਚਾਉਣ ਲਈ ਲੰਬੇ ਸਮੇਂ ਤੋਂ ਲੜੇ ਜਾ ਰਹੇ ਘੋਲ ਦੀ ਕਮਾਨ ਖੁਦ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਸੰਭਾਲਦਿਆਂ ਕਿਹਾ ਕਿ 2 ਅਪਰੈਲ ਨੂੰ ਮਾਨਸਾ ਦੇ ਐੱਸਐੱਸਪੀ ਤੇ ਡੀ.ਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਹੋਣ ਦਾ ਦਾਅਵਾ ਕੀਤਾ ਗਿਆ ਹੈ। ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਇੱਕ ਦਿਨ ਦੇ ਇਸ ਘਿਰਾਓ ਤੋਂ ਬਾਅਦ ਇਸ ਨੂੰ ਅਣਮਿੱਥੇ ਸਮੇਂ ਦਾ ਕੀਤਾ ਜਾ ਸਕਦਾ ਹੈ, ਜਿਸਦਾ ਫੈਸਲਾ ਧਰਨੇ ਵਾਲੇ ਦਿਨ ਬਾਅਦ ਦੁਪਹਿਰ ਲਿਆ ਜਾਵੇਗਾ। ਉਹ ਅੱਜ ਪਿੰਡ ਕੁਲਰੀਆਂ ਵਿੱਚ ਕਿਸਾਨਾਂ-ਮਜ਼ਦੂਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਦੀਆਂ ਰਿਪੋਰਟਾਂ ਅਨੁਸਾਰ ਮਾਨਸਾ ਤੋਂ ਇਲਾਵਾ ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਮੁਹਾਲੀ, ਕਪੂਰਥਲਾ, ਮਲੇਰਕੋਟਲਾ ਅਤੇ ਸੰਗਰੂਰ ਵਿੱਚ ਇਸੇ ਤਰ੍ਹਾਂ ਮੀਟਿੰਗਾਂ ਕਰ ਕੇ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਮੱਖਣ ਸਿੰਘ ਭੈਣੀਬਾਘਾ, ਦੇਵੀ ਰਾਮ ਰੰਘੜਿਆਲ ਅਤੇ ਬਲਕਾਰ ਸਿੰਘ ਚਹਿਲਾਂਵਾਲੀ ਨੇ ਵੀ ਸੰਬੋਧਨ ਕੀਤਾ।