ਬੱਚਿਆਂ ਵਿੱਚ ਮਾਨਸਿਕ ਰੋਗਾਂ ਦਾ ਕਾਰਨ ਮਾਪਿਆ ਤੋਂ ਦੂਰੀ: ਰਿਪੋਰਟ
ਪਟਿਆਲਾ (ਖੇਤਰੀ ਪ੍ਰਤੀਨਿਧ): ਮਾਪਿਆਂ ਜਾਂ ਹੋਰ ਨੇੜਲਿਆਂ ਤੋਂ ਦੂਰ ਹੋਣ ਜਾਂ ਵਿਛੋੜਾ ਪੈਣ ਕਾਰਨ ਪੈਦਾ ਹੋਣ ਵਾਲੇ ਮਾਨਸਿਕ ਰੋਗ ‘ਅਡਲਟ ਸੈਪਰੇਸ਼ਨ ਐਂਗਜ਼ਾਇਟੀ ਡਿਸਆਰਡਰ’ ਦੇ ਭਾਰਤ ਵਿਚਲੇ ਨੌਜਵਾਨਾਂ ’ਤੇ ਅਸਰ ਬਾਰੇ ਪੰਜਾਬੀ ਯੂਨੀਵਰਸਿਟੀ ’ਚ ਇੱਕ ਅਧਿਐਨ ਕੀਤਾ ਗਿਆ ਹੈ। ’ਵਰਸਿਟੀ ਦੇ ਮਨੋਵਿਗਿਆਨ ਵਿਭਾਗ ਤੋਂ ਪ੍ਰੋ. ਹਰਪ੍ਰੀਤ ਕੌਰ ਦੀ ਅਗਵਾਈ ਵਿੱਚ ਖੋਜਾਰਥੀ ਆਸਥਾ ਵਰਮਾ ਵੱਲੋਂ ਕੀਤਾ ਗਿਆ ਇਹ ਅਧਿਐਨ ਭਾਰਤ ਵਿੱਚ ਇਸ ਖੇਤਰ ਦਾ ਪਹਿਲਾ ਅਧਿਐਨ ਹੈ। ਏਐੱਸਏਡੀ ਦੇ ਸੰਖੇਪ ਨਾਮ ਨਾਲ ਜਾਣੇ ਜਾਂਦੇ ਇਸ ਮਾਨਸਿਕ ਰੋਗ ਨੂੰ 2019 ਦੌਰਾਨ ਵਿਸ਼ਵ ਸਿਹਤ ਸੰਗਠਨ ਵੱਲੋਂ ਹੋਰਨਾਂ ਮਾਨਸਿਕ ਰੋਗਾਂ ਦੀ ਸੂਚੀ ਵਿੱਚ ਸ਼ਾਮਿਲ ਕੀਤਾ ਗਿਆ ਹੈ। ਨਿਗਰਾਨ ਡਾ. ਹਰਪ੍ਰੀਤ ਕੌਰ ਨੇ ਦੱਸਿਆ ਕਿ ਅਧਿਐਨ ਦੌਰਾਨ ਪ੍ਰਾਪਤ ਅੰਕੜੇ ਪੁਸ਼ਟੀ ਕਰਦੇ ਹਨ ਕਿ ਜਿਹੜੇ ਬੱਚੇ ਛੋਟੀ ਉਮਰ ਵਿੱਚ ਆਪਣੇ ਵੱਖ ਹੋਣ ਸਬੰਧੀ ਚਿੰਤਾ ਦਾ ਸ਼ਿਕਾਰ ਸਨ, ਉਹੀ ਬੱਚੇ ਵੱਡੇ ਹੋ ਕੇ ਇਸ ਮਾਨਸਿਕ ਰੋਗ ਦਾ ਸ਼ਿਕਾਰ ਹੋਏ ਹਨ। ਉਨ੍ਹਾਂ ਕਿਹਾ ਕਿ ਖੋਜ ਦੱਸਦੀ ਹੈ ਕਿ ਬੱਚਿਆਂ ਦਾ ਆਪਣੇ ਮਾਪਿਆਂ ਨਾਲ ਲਗਾਓ ਤਾਂ ਹੋਵੇ ਪਰ ਇਹ ਲਗਾਓ ਘਬਰਾਹਟ ਵਾਲਾ ਨਾ ਹੋਵੇ।