ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਵੱਖ-ਵੱਖ ਸਕੂਲਾਂ ਦਾ ਦੌਰਾ
ਪੱਤਰ ਪ੍ਰੇਰਕ
ਪਠਾਨਕੋਟ, 27 ਸਤੰਬਰ
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕਮਲਦੀਪ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡੀਜੀ ਸਿੰਘ ਨੇ ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਅਤੇ ਬਲਾਕਾਂ ਵਿੱਚ ਸੀਈਪੀ (ਕੰਪੀਟੈਂਸੀ ਐਨਹੈਂਸਮੈਂਟ ਪਲਾਨ) ਤਹਿਤ ਅਧਿਆਪਕਾਂ ਦੇ ਚੱਲ ਰਹੇ ਸੈਮੀਨਾਰਾਂ ਦਾ ਜਾਇਜ਼ਾ ਲਿਆ। ਉਨ੍ਹਾਂ ਆਪਣੇ ਦੌਰੇ ਦੌਰਾਨ ਸਕੂਲਾਂ ਵਿੱਚ ਮਿੱਡ-ਡੇਅ ਮੀਲ, ਬੱਚਿਆਂ ਦੀ ਹਾਜ਼ਰੀ ਅਤੇ ਕੰਪੀਟੈਂਸੀ ਐਨਹੈਂਸਮੈਂਟ ਪਲਾਨ ਅਧੀਨ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਜਿਹੜੇ ਸਕੂਲਾਂ ਦਾ ਦੌਰਾ ਕੀਤਾ, ਉਨ੍ਹਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਸੁੰਦਰਚੱਕ, ਸਰਕਾਰੀ ਪ੍ਰਾਇਮਰੀ ਸਕੂਲ ਭੋਆ, ਸਰਕਾਰੀ ਪ੍ਰਾਇਮਰੀ ਸਕੂਲ ਤਾਰਾਗੜ੍ਹ ਲੜਕੇ, ਸਰਕਾਰੀ ਪ੍ਰਾਇਮਰੀ ਸਕੂਲ ਬਕਨੌਰ, ਸਰਕਾਰੀ ਮਿਡਲ ਸਕੂਲ ਬਕਨੌਰ, ਸਰਕਾਰੀ ਪ੍ਰਾਇਮਰੀ ਸਕੂਲ ਨਰਾਇਣਪੁਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਤੰਗੋਸ਼ਾਹ ਸ਼ਾਮਲ ਸਨ। ਕਮਲਦੀਪ ਕੌਰ ਨੇ ਕਿਹਾ ਕਿ ਸਿਖਲਾਈ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣਾ ਹੈ।