ਨਸ਼ੇ ਰੋਕਣ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 1 ਜਨਵਰੀ
ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਇਥੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੁਲੀਸ, ਸਿਹਤ, ਖੇਤੀਬਾੜੀ, ਸਿੱਖਿਆ, ਖੇਡ, ਜੰਗਲਾਤ, ਆਬਕਾਰੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਵੀ ਮੌਜੂਦ ਸਨ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਿਵਾਉਣ ਲਈ ਆਰੰਭੀ ਲੜਾਈ ਵਿੱਚ ਸਿਰਫ਼ ਪ੍ਰਸ਼ਾਸਨ ਦੀ ਹੀ ਨਹੀਂ, ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ, ਜੋ ਨਾ ਸਿਰਫ਼ ਨਸ਼ੇ ਦੀ ਰੋਕਥਾਮ ਕਰਨ, ਬਲਕਿ ਇਸ ਖ਼ਿਲਾਫ਼ ਲੋਕ ਜਾਗਰੂਕਤਾ ਵੀ ਪੈਦਾ ਕਰਨ।