ਬਰਨਾਲਾ ’ਚ ਬੀਕੇਯੂ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਕਾਨਫਰੰਸ
ਪਰਸ਼ੋਤਮ ਬੱਲੀ
ਬਰਨਾਲਾ, 13 ਫਰਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਰਨਾਲਾ ਵੱਲੋਂ ਪੰਜਾਬ ਸਰਕਾਰ ਦੇ ਵਾਅਦੇ ਮੁਤਾਬਿਕ ਨਵੀਂ ਖੇਤੀ ਨੀਤੀ ਲਾਗੂ ਕਰਵਾਉਣ ਲਈ ਬਰਨਾਲਾ ਦਾਣਾ ਮੰਡੀ ਵਿਖੇ ਜ਼ਿਲ੍ਹਾ ਪੱਧਰੀ ਕਾਨਫਰੰਸ ਕੀਤੀ ਗਈ। ਸੂਬਾ ਸਕੱਤਰ ਸ਼ਿਗਾਰਾ ਸਿੰਘ ਮਾਨ ਤੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾ ਝਾੜ ਨੇ ਇਕੱਠ ਨੂੰ ਸਬੋਧਨ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਦੇ ਸਾਰੇ ਵਰਗਾਂ ਦੇ ਕਿਰਤੀ 78 ਪ੍ਰਤੀਸ਼ਤ ਖੇਤੀ ਖੇਤਰ ਨਾਲ ਜੁੜੇ ਹੋਏ ਹਨ। ਇਨ੍ਹਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ਾਂ ਦੇ ਰਾਹ ਪੈਣ ਦੀ ਸਖ਼ਤ ਲੋੜ ਹੈ। ਬੁਲਾਰਿਆਂ ਸਰਕਾਰਾਂ ਤੋਂ ਮੰਗ ਕੀਤੀ ਕਿ ਹਰ ਬਾਲਗ ਪੰਜਾਬੀ ਨੂੰ ਪੱਕਾ ਰੁਜ਼ਗਾਰ, 60 ਸਾਲ ਤੋਂ ਵੱਧ ਉਮਰ ਦੇ ਹਰ ਕਿਸਾਨ ਮਜ਼ਦੂਰ ਮਰਦ ਔਰਤ ਨੂੰ 10000 ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਨਸ਼ਿਆਂ ਦਾ ਖਾਤਮਾ, ਤਸਕਰਾਂ ਨੂੰ ਨੱਥ ਪਾਉਣ, ਕਿਸਾਨਾਂ ਮਜ਼ਦੂਰਾਂ ਸਿਰ ਕਰਜ਼ੇ 'ਤੇ ਲੀਕ, ਖ਼ੁਦਕੁਸ਼ੀਆਂ ਕਰ ਗਏ ਕਿਸਾਨ ਮਜ਼ਦੂਰ ਪਰਿਵਾਰਾਂ ਨੂੰ 10-10 ਲੱਖ ਮੁਆਵਜ਼ਾ ਤੇ ਇੱਕ-ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚੇ ਵੱਲੋਂ 16 ਫਰਵਰੀ ਦੇ ਭਾਰਤ ਬੰਦ ਦੇ ਸੱਦੇ ਨੂੰ ਪੂਰੇ ਜ਼ੋਰ ਨਾਲ ਸਫ਼ਲ ਬਣਾਉਂਣ ਦਾ ਸੱਦਾ ਵੀ ਦਿੱਤਾ। ਸੂਬਾ ਮੀਤ ਪ੍ਰਧਾਨ ਰੂਪ ਸਿੰਘ ਛੰਨਾ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਜਰਨਲ ਸਕੱਤਰ ਜਰਨੈਲ ਸਿੰਘ ਬਦਰਾ, ਖਜ਼ਾਨਚੀ ਭਗਤ ਸਿੰਘ ਸਿੰਘ ਛੰਨਾ, ਜ਼ਿਲ੍ਹਾ ਔਰਤ ਕਨਵੀਨਰ ਕਮਲਜੀਤ ਕੌਰ ਬਰਨਾਲਾ ਤੇ ਬਿੰਦਰ ਪਾਲ ਕੌਰ ਭਦੌੜ ਨੇ ਵੀ ਸੰਬੋਧਨ ਕੀਤਾ।