ਨਵੇਂ ਫ਼ੌਜਦਾਰੀ ਕਾਨੂੰਨਾਂ ਵਿਰੁੱਧ ਜ਼ਿਲ੍ਹਾ ਪੱਧਰੀ ਕਨਵੈਨਸ਼ਨ
ਸਤਨਾਮ ਸਿੰਘ
ਮਸਤੂਆਣਾ ਸਾਹਿਬ, 2 ਸਤੰਬਰ
ਅਰੁੰਧਤੀ ਰਾਏ ਅਤੇ ਪ੍ਰੋਫੈਸਰ ਸ਼ੇਖ ਸ਼ੌਕਰ ਹੁਸੈਨ ਖ਼ਿਲਾਫ਼ ਯੂਏਪੀਏ ਅਧੀਨ ਕੇਸ ਚਲਾਉਣ ਦੀ ਮੰਨਜ਼ੂਰੀ ਦੇਣ ਅਤੇ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੀ ਮੁਹਿੰਮ ਨੂੰ ਅੱਗੇ ਵਧਾਉਣ ਲਈ ਜਨਤਕ ਜ਼ਮਹੂਰੀ ਜਥੇਬੰਦੀਆਂ ਵੱਲੋਂ ਅੱਜ ਮਸਤੂਆਣਾ ਸਾਹਿਬ ਵਿੱਚ ਜ਼ਿਲ੍ਹਾ ਪੱਧਰੀ ਚੇਤਨਾ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਜਗਜੀਤ ਸਿੰਘ ਭੁਟਾਲ, ਮਾਸਟਰ ਪਰਮ ਵੇਦ, ਮਹਿੰਦਰ ਸਿੰਘ ਭੱਠਲ, ਫਲਜੀਤ ਸਿੰਘ, ਪ੍ਰਗਟ ਸਿੰਘ ਕਾਲਾਝਾੜ, ਸੰਪੂਰਨ ਸਿੰਘ ਛਾਜਲੀ, ਬਲਜੀਤ ਸਿੰਘ ਨਮੋਲ, ਸੁਖਦੀਪ ਸਿੰਘ ਹਥਨ, ਦਾਤਾ ਸਿੰਘ ਨਮੋਲ, ਗੁਰਚਰਨ ਸਿੰਘ ਅਕੋਈ, ਊਧਮ ਸਿੰਘ ਸੰਤੋਖਪੁਰਾ ਅਤੇ ਕਰਮਜੀਤ ਸਿੰਘ ਸਤੀਪੁਰਾ ਲੌਂਗੋਵਾਲ ਵੱਲੋਂ ਕੀਤੀ ਗਈ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਆਗੂ ਸਵਰਨਜੀਤ ਸਿੰਘ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਹੱਕ ਸੱਚ ਦੀ ਆਵਾਜ਼ ਬੁਲੰਦ ਕਰਨ ਵਾਲੇ ਲੇਖਕਾਂ, ਵਕੀਲਾਂ, ਬੁੱਧੀਜੀਵੀਆਂ, ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਨੂੰ ਸ਼ਹਿਰੀ ਨਕਸਲੀ ਗ਼ਰਦਾਨ ਕੇ ਯੂਏਪੀਏ ਲਗਾ ਕੇ ਝੂਠੇ ਕੇਸਾਂ ਵਿੱਚ ਸਾਲਾਂ ਬੱਧੀ ਜੇਲ੍ਹਾਂ ਵਿੱਚ ਬੰਦ ਕੀਤਾ ਹੋਇਆ ਹੈ। ਕਨਵੈਨਸ਼ਨ ਦੇ ਮੁੱਖ ਬੁਲਾਰੇ ਐਡਵੋਕੇਟ ਹਰਮਨਦੀਪ ਸਿੰਘ ਰਾਏਸਰ ਨੇ ਕਿਹਾ ਕਿ ਦੇਸ਼ ਵਿੱਚ ਚੱਲ ਰਹੇ ਫੌਜਦਾਰੀ ਕਾਨੂੰਨਾਂ ਨੂੰ ਬਸਤੀਵਾਦੀ ਕਹਿ ਕੇ ਪਾਸ ਕੀਤੇ ਨਵੇਂ ਕਾਨੂੰਨ ਲਾਗੂ ਕਰਕੇ ਕੇਂਦਰ ਸਰਕਾਰ ਨੇ ਲੋਕਾਂ ਦੀ ਆਵਾਜ਼ ਬਣ ਰਹੇ ਅਤੇ ਕਾਰਪੋਰੇਟ ਲੁੱਟ ਖਿਲਾਫ ਸੰਘਰਸ਼ ਕਰ ਰਹੇ ਲੋਕਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਲਈ ਪੁਲੀਸ ਨੂੰ ਅਥਾਹ ਸ਼ਕਤੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਸ੍ਰੀ ਜਗਦੀਸ਼ ਪਾਪੜਾ, ਤਰਸੇਮ ਸ਼ਰਮਾ, ਬਿੱਲੂ ਨਮੋਲ ਅਤੇ ਕੁਲਵਿੰਦਰ ਬੰਟੀ ਵਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ। ਇਸ ਮੌਕੇ ਜ਼ਮਹੂਰੀ ਅਧਿਕਾਰ ਸਭਾ ਪੰਜਾਬ ਦੇ ਤਰਜ਼ਮਾਨ ਜ਼ਮਹੂਰੀ ਚੇਤਨਾ ਮੈਗਜ਼ੀਨ ਰਿਲੀਜ਼ ਕੀਤਾ ਗਿਆ।