ਜਨਤਕ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਤੇ ਮੁਜ਼ਾਹਰਾ 10 ਨੂੰ
ਖੇਤਰੀ ਪ੍ਰਤੀਨਿਧ
ਲੁਧਿਆਣਾ, 29 ਨਵੰਬਰ
ਜਮਹੂਰੀ ਅਧਿਕਾਰ ਸਭਾ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਲੁਧਿਆਣੇ ਦੀਆਂ ਸੰਘਰਸ਼ਸੀਲ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹੋਈ ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ’ਚ ਫੈਸਲਾ ਹੋਇਆ ਕਿ ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ 10 ਦਸੰਬਰ ਨੂੰ ਪੰਜਾਬੀ ਭਵਨ ਲੁਧਿਆਣਾ ਵਿੱਚ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕਰਨ ਮਗਰੋਂ ਮਿੰਨੀ ਸਕੱਤਰੇਤ ਤੱਕ ਮੁਜ਼ਾਹਰਾ ਕਰਕੇ ਲੋਕਾਂ ਉੱਪਰ ਹੋ ਰਹੀ ਸਰਕਾਰੀ ਧੱਕੇਸ਼ਾਹੀ ਵਿਰੁੱਧ ਡਿਪਟੀ ਕਮਿਸ਼ਨਰ ਨੂੰ ਮੈਮੋਰੰਡਮ ਦਿੱਤਾ ਜਾਵੇਗਾ। ਇਸ ਕਨਵੈਨਸ਼ਨ ਦੇ ਮੁੱਖ ਬੁਲਾਰੇ ਐਡਵੋਕੇਟ ਹਰਪ੍ਰੀਤ ਜ਼ੀਰਖ ਨਵੇਂ ਲਾਗੂ ਕੀਤੇ ਕਾਨੂੰਨਾਂ ਦਾ ਲੋਕ ਵਿਰੋਧੀ ਖਾਸਾ ਸਪੱਸ਼ਟ ਕਰਨਗੇ। ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰੋ. ਜਗਮੋਹਨ ਸਿੰਘ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਪਿੱਛੇ ਛੁਪੇ ਸਰਕਾਰੀ ਮਨਸੂਬਿਆਂ ਬਾਰੇ ਦੱਸਣਗੇ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਜ਼ੀਰਖ ਅਤੇ ਤਰਕਸ਼ੀਲ ਸੁਸਾਇਟੀ ਦੇ ਇਕਾਈ ਲੁਧਿਆਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਪੰਜਾਬ ਵੱਲੋਂ ਵੱਡੀ ਗਿਣਤੀ ਪਤਵੰਤੇ ਸ਼ਾਮਲ ਸਨ।