ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਮੰਟੂ ਵੱਲੋਂ ਘੋਹ ਮੰਡੀ ਦਾ ਦੌਰਾ
ਪੱਤਰ ਪ੍ਰੇਰਕ
ਪਠਾਨਕੋਟ, 28 ਅਕਤੂਬਰ
ਜ਼ਿਲ੍ਹਾ ਪਠਾਨਕੋਟ ਦੀ ਦਾਣਾ ਮੰਡੀ ਘੋਹ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਫਸਲਾਂ ਦੀ ਲਿਫਟਿੰਗ ਬਾਰੇ ਚਰਚਾ ਕੀਤੀ। ਦੂਜੇ ਪਾਸੇ ਕਿਸਾਨਾਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਜ਼ਿਲ੍ਹਾ ਪ੍ਰਧਾਨ ਨੂੰ ਜਾਣੂ ਕਰਵਾਇਆ।
ਦਾਣਾ ਮੰਡੀ ਘੋਹ ਵਿੱਚ ਝੋਨੇ ਦੀ ਫਸਲ ਦੀ ਗੁਣਵੱਤਾ ਅਤੇ ਨਮੀ ਦੀ ਮਾਤਰਾ ਨੂੰ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਜਾਂਚਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਕਿਸਾਨਾਂ ਦੱਸਿਆ ਕਿ ਪਿਛਲੇ ਕੁਝ ਸਮੇਂ ਤੋਂ ਮੌਸਮ ਦੀ ਮਾਰ ਨੇ ਉਨ੍ਹਾਂ ਦੀ ਫਸਲ ਨੂੰ ਪ੍ਰਭਾਵਿਤ ਕੀਤਾ ਹੈ। ਝੱਖੜ ਕਾਰਨ ਕਈ ਖੇਤਰਾਂ ਵਿੱਚ ਝੋਨੇ ਦੀ ਫਸਲ ਖੇਤਾਂ ਵਿੱਚ ਹੀ ਵਿਛ ਜਾਣ ਕਾਰਨ ਬਰਬਾਦ ਹੋ ਗਈ ਹੈ। ਉਨ੍ਹਾਂ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਆੜ੍ਹਤੀਆਂ ਨੇ ਵੀ ਆਪਣੀਆਂ ਚਿੰਤਾਵਾਂ ਜ਼ਾਹਰ ਕੀਤੀਆਂ।