ਡਾਕਟਰਾਂ ਵੱਲੋਂ ਤਿੰਨ ਘੰਟੇ ਸਿਹਤ ਸੇਵਾਵਾਂ ਠੱਪ
ਸਰਬਜੀਤ ਸਿੰਘ ਭੰਗੂ
ਪਟਿਆਲਾ, 9 ਸਤੰਬਰ
ਹਸਪਤਾਲਾਂ ’ਚ ਡਾਕਟਰਾਂ ਅਤੇ ਹੋਰ ਸਿਹਤ ਅਮਲੇ ਦੀ ਸੁਰੱਖਿਆ ਯਕੀਨੀ ਬਣਾਉਣ ਸਣੇ ਹੋਰ ਮੰਗਾਂ ਮੰਨਵਾਉਣ ਲਈ ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਦੇ ਸੱਦੇ ’ਤੇ ਅੱਜ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਵਿੱਚ ਐਲਾਨੀ ਗਈ ਹੜਤਾਲ ਸ਼ੁਰੂ ਹੋ ਗਈ। ਇਸ ਦੌਰਾਨ ਅੱਜ ਸਵੇਰੇ 8 ਤੋਂ 11 ਵਜੇ ਤੱਕ ਡਾਕਟਰਾਂ ਅਤੇ ਸਿਹਤ ਸਟਾਫ਼ ਨੇ ਸਿਹਤ ਸੇਵਾਵਾਂ ਠੱਪ ਰੱਖੀਆਂ ਤੇ ਇਸ ਦਾ ਅਸਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਜ਼ਿਲ੍ਹੇ ’ਚ ਵੇਖਣ ਨੂੰ ਮਿਲਿਆ। ਇਸ ਦੌਰਾਨ ਰਾਜਿੰਦਰਾ ਹਸਪਤਾਲ ਸਣੇ ਹੋਰਨਾਂ ਸਿਹਤ ਕੇਂਦਰਾਂ ਵਿੱਚ ਇਲਾਜ ਲਈ ਆਏ ਹਜ਼ਾਰਾਂ ਹੀ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਜਾਣਕਾਰੀ ਅਨੁਸਾਰ ਡਾਕਟਰਾਂ ਨੇ ਪ੍ਰਦਰਸ਼ਨ ਤੇ ਰੈਲੀਆਂ ਕਰਕੇ ਆਪਣੀਆਂ ਮੰਗਾਂ ਦੇ ਪੈਂਫਲਿਟ ਵੰਡੇ ਅਤੇ ਭਾਸ਼ਣਾਂ ਰਾਹੀਂ ਮਰੀਜ਼ਾਂ ਨੂੰ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ। ਸੁਰੱਖਿਆ ਦੇ ਮੁੱਦੇ ’ਤੇ ਮਹਿਲਾ ਡਾਕਟਰਾਂ ਵਿੱਚ ਕਾਫੀ ਰੋਸ ਵੇਖਣ ਨੂੰ ਮਿਲਿਆ। ਇਸ ਮੌਕੇ ਮੁਹਾਲੀ ਵਿੱਚ ਇੱਕ ਗਰਭਵਤੀ ਡਾਕਟਰ ’ਤੇ ਡਿਊਟੀ ਦੌਰਾਨ ਹਮਲਾ ਹੋਣ ਦੀ ਘਟਨਾ ਵੀ ਉਭਾਰੀ ਗਈ। ਜ਼ਿਕਰਯੋਗ ਹੈ ਕਿ ਪਹਿਲਾਂ ਐਸੋਸੀਏਸ਼ਨ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ ਪਰ ਸਿਹਤ ਮੰਤਰੀ ਵੱਲੋਂ ਕੀਤੀ ਗਈ ਅਪੀਲ ਅਤੇ ਕੈਬਿਨਟ ਦੀ ਸਬ-ਕਮੇਟੀ ਦੇ ਤੌਰ ’ਤੇ ਵਿੱਤ ਮੰਤਰੀ ਨਾਲ ਐਸੋਸੀਏਸ਼ਨ ਨੂੰ ਮੀਟਿੰਗ ਕਰਵਾਏ ਜਾਣ ਮਿਲੇ ਸੱਦੇ ਅਤੇ ਮਰੀਜ਼ਾਂ ਹਿਤਾਂ ਨੂੰ ਦੇਖਦਿਆਂ ਡਾਕਟਰਾਂ ਨੇ ਸੰਘਰਸ਼ ਨੂੰ ਘੱਟ ਕੀਤਾ ਹੈ।
ਡਾ. ਸੁਮਿਤ ਸਿੰਘ ਤੇ ਹੋਰਾਂ ਦਾ ਕਹਿਣਾ ਸੀ ਕਿ ਉਹ ਗੱਲਬਾਤ ਲਈ ਸੁਖਾਵਾਂ ਮਾਹੌਲ ਬਣਾਏ ਰੱਖਣਾ ਚਾਹੁੰਦੇ ਹਨ। ਕਿਉਂਕਿ ਉਨ੍ਹਾਂ ਦਾ ਮੁੱਖ ਮਕਸਦ ਸਿਰਫ਼ ਆਪਣੀਆਂ ਮੰਗਾਂ ਅਤੇ ਮਸਲਿਆਂ ਦਾ ਹੱਲ ਯਕੀਨੀ ਬਣਾਉਣਾ ਹੈ। ਡਾਕਟਰਾਂ ਦੀ ਜਥੇਬੰਦੀ ਦੇ ਕਈ ਹੋਰ ਆਗੂਆਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਨੇ ਸੰਜੀਦਗੀ ਨਾ ਵਰਤੀ ਤਾਂ ਉਨ੍ਹਾਂ ਨੂੰ ਮਜਬੂਰਨ ਆਪਣਾ ਸੰਘਰਸ਼ ਤਿੱਖਾ ਕਰਨਾ ਪਵੇਗਾ। ਕਿਉਂਕਿ ਚੰਗਾ ਮਾਹੌਲ ਨਾ ਮਿਲਣ ’ਤੇ ਚੰਗੇ ਅਤੇ ਮਾਹਰ ਡਾਕਟਰ ਸਰਕਾਰੀ ਹਸਪਤਾਲ ਛੱਡ ਜਾਣਗੇ। ਡਾਕਟਰਾਂ ਦੀ ਐਸੋਸੀਏਸ਼ਨ ਦੇ ਇੱਕ ਸੀਨੀਅਰ ਅਹੁਦੇਦਾਰ ਨੇ ਦੱਸਿਆ ਕਿ ਹੜਤਾਲ ਦੀ ਰੂਪ ਰੇਖ ਤਿੰਨ ਭਾਗਾਂ ਵਿੱਚ ਵੰਡੀ ਜਾ ਰਹੀ ਹੈ। ਪਹਿਲੇ ਤਿੰਨ ਦਿਨ ਲਈ ਸਿਰਫ ਅੱਧੇ ਦਿਨ ਲਈ ਓਪੀਡੀ ਬੰਦ ਰੱਖੀ ਜਾਵੇਗੀ। ਦੂਜੇ ਪੜਾਅ ਵਿੱਚ 12 ਸਤੰਬਰ ਤੋਂ ਪੂਰੇ ਸਮੇਂ ਲਈ ਸਾਰੀਆਂ ਸੇਵਾਵਾਂ ਬੰਦ ਕਰ ਦਿਤੀਆਂ ਜਾਣਗੀਆਂ। ਸਿਰਫ ਐਮਰਜਂਸੀ ਮਰੀਜ਼ਾਂ ਦੀ ਲੋੜ ਨੂੰ ਦੇਖਦੇ ਹੋਏ ਬਹਾਲ ਰੱਖੀ ਜਾਵੇਗੀ। 16 ਸਤੰਬਰ ਵੀ ਜੇਕਰ ਨੌਬਤ ਆਈ ਤਾਂ ਡਾਕਟਰ ਹਰ ਤਰ੍ਹਾਂ ਦੀਆਂ ਸੇਵਾਵਾਂ ਠੱਪ ਕਰਨ ਲਈ ਮਜਬੂਰ ਹੋਣਗੇ।
ਸਮਾਣਾ (ਪੱਤਰ ਪ੍ਰੇਰਕ): ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਦੇ ਸੱਦੇ ’ਤੇ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਹੜਤਾਲ ਕੀਤੀ, ਜਿਸ ਵਿੱਚ ਡਾਕਟਰਾਂ ਦੀਆਂ ਮੰਗਾਂ ਨਾਲ ਸਹਿਮਤ ਐਸੋਸੀਏਸ਼ਨਾਂ ਦੇ ਮੁਲਾਜ਼ਮਾਂ ਨੇ ਵੀ ਹਿੱਸਾ ਲਿਆ। ਇਸ ਦੌਰਾਨ ਮਰੀਜ਼ਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਧਰਨਾਕਾਰੀਆਂ ਨੇ ਮੰਗ ਕੀਤੀ ਕਿ ਖਾਲੀ ਅਸਾਮੀਆਂ ਦੀ ਭਰਤੀ ਜਲਦੀ ਕੀਤੀ ਜਾਵੇ। ਡਾਕਟਰਾਂ ਦੇ ਕੱਟੇ ਭਤੇ ਬਹਾਲ ਕੀਤੇ ਜਾਣ। ਇਸ ਮੌਕੇ ਡਾ. ਜਤਿਨ ਡਾਹਰਾ, ਡਾ ਦੀਪਕ ਮੋਗਾ, ਡਾਕਟਰ ਸਚੀਵ ਗਰਗ, ਡਾਕਟਰ ਕਮਲਪ੍ਰੀਤ, ਡਾਕਟਰ ਜਸਪ੍ਰੀਤ ਕੌਰ, ਡਾਕਟਰ ਸਰਬਜੀਤ ਕੌਰ, ਡਾਕਟਰ ਮਨੀਸ਼ ਵਰਮਾ, ਡਾਕਟਰ ਅਨਮੋਲ ਨਾਗਪਾਲ, ਡਾਕਟਰ ਸਿਲਕੀ, ਮਨਦੀਪ ਸ਼ਰਮਾ ਤੇ ਪਰਮਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਸੰਗਰੂਰ ਵਿੱਚ ਡਾਕਟਰਾਂ ਵੱਲੋਂ ਮੰਗਾਂ ਦੇ ਹੱਕ ਵਿੱਚ ਧਰਨਾ
ਸੰਗਰੂਰ (ਗੁਰਦੀਪ ਸਿੰਘ ਲਾਲੀ): ਪੰਜਾਬ ਸਿਵਲ ਮੈਡੀਕਲ ਸਰਵਿਸਿਸ ਐਸੋਸੀਏਸ਼ਨ ਦੇ ਸੱਦੇ ’ਤੇ ਸਥਾਨਕ ਸਿਵਲ ਹਸਪਤਾਲ ਅਤੇ ਸਰਕਾਰੀ ਸਿਹਤ ਕੇਂਦਰਾਂ ’ਚ ਡਾਕਟਰਾਂ ਵੱਲੋਂ ਸਵੇਰੇ 8 ਤੋਂ 11 ਵਜੇ ਤੱਕ ਤਿੰਨ ਘੰਟੇ ਲਈ ਹੜਤਾਲ ਕਰ ਕੇ ਓਪੀਡੀ ਸੇਵਾਵਾਂ ਠੱਪ ਰੱਖੀਆਂ ਅਤੇ ਹੜਤਾਲੀ ਡਾਕਟਰਾਂ ਵਲੋਂ ਸਿਵਲ ਹਸਪਤਾਲ ਵਿਚ ਰੋਸ ਧਰਨਾ ਦਿੰਦਿਆਂ ਆਪਣੀਆਂ ਮੰਗਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕੀਤੀ। ਓਪੀਡੀ ਸੇਵਾਵਾਂ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਡਾਕਟਰਾਂ ਵਲੋਂ ਮਰੀਜ਼ਾਂ ਨੂੰ ਵੀ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ। ਧਰਨੇ ’ਚ ਮਰੀਜ਼ਾਂ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੀ ਸ਼ਾਮਲ ਹੋ ਕੇ ਸੰਘਰਸ਼ ਦੀ ਹਮਾਇਤ ਕੀਤੀ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਮੈਡੀਕਲ ਅਫ਼ਸਰਾਂ ਇੰਦਰ ਮਨਜੋਤ ਸਿੰਘ, ਡਾ. ਰਾਹੁਲ, ਡਾ. ਹਿਮਾਂਸ਼ੂ ਅਤੇ ਡਾ. ਵਰਿੰਦਰ ਸਿੰਘ ਨੇ ਕਿਹਾ ਕਿ ਜਿਥੇ ਕੋਲਕਾਤਾ ਵਿੱਚ ਮਹਿਲਾ ਡਾਕਟਰ ਨਾਲ ਜਬਰ- ਜਨਾਹ ਮਗਰੋਂ ਕਤਲ ਕਰਨ ਦੀ ਘਟਨਾ ਨੂੰ ਸਮੁੱਚੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਉਥੇ ਪੰਜਾਬ ਦੇ ਮੁਹਾਲੀ ਜ਼ਿਲ੍ਹੇ ਵਿਚ ਇੱਕ ਗਰਭਵਤੀ ਡਾਕਟਰ ’ਤੇ ਡਿਊਟੀ ਦੌਰਾਨ ਹੋਏ ਹਮਲੇ ਨੇ ਡਾਕਟਰਾਂ ਖਾਸ ਕਰਕੇ ਮਹਿਲਾ ਡਾਕਟਰਾਂ ਵਿਚ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਐਸੋਸੀਏਸ਼ਨ ਵਲੋਂ ਭਾਵੇਂ ਮੁਕੰਮਲ ਤੌਰ ’ਤੇ ਬੇਮਿਆਦੀ ਹੜਤਾਲ ਦਾ ਐਲਾਨ ਕੀਤਾ ਗਿਆ ਸੀ ਪਰ ਸਿਹਤ ਮੰਤਰੀ ਦੀ ਅਪੀਲ ’ਤੇ ਸੰਘਰਸ਼ ਨੂੰ ਘੱਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਦਾਅਵਿਆਂ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਦੀ ਲੋੜ ਹੈ। ਆਗੂਆਂ ਨੇ ਦੱਸਿਆ ਕਿ ਡਾਕਟਰਾਂ ਦੀਆਂ ਮੰਗਾਂ ਨੂੰ ਵੀ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ। ਇਹੋ ਕਾਰਨ ਹੈ ਕਿ ਸਮਾਂਬੱਧ ਤਰੱਕੀਆਂ ਸਬੰਧੀ ਅਜੇ ਤੱਕ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਪੰਜਾਬ ਵਿਚ ਡਾਕਟਰਾਂ ਨੂੰ 4 ਅਤੇ 7 ਸਾਲ ’ਤੇ ਤਰੱਕੀ ਦਿੱਤੀ ਜਾ ਰਹੀ ਹੈ ਤਾਂ ਫ਼ਿਰ ਸਿਹਤ ਵਿਭਾਗ ਦੇ ਡਾਕਟਰਾਂ ਨੂੰ ਇਹਨ੍ਹਾਂ ਤਰੱਕੀਆਂ ਤੋਂ ਵਾਂਝੇ ਕਿਉਂ ਰੱਖਿਆ ਗਿਆ। ਸਰਕਾਰ ਦੇ ਅਜਿਹੇ ਪੱਖਪਾਤੀ ਰਵੱਈਏ ਕਾਰਨ ਡਾਕਟਰਾਂ ਵਿਚ ਭਾਰੀ ਰੋਸ ਹੈ।