ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡਾਕਟਰਾਂ ਦੀ ਹੜਤਾਲ: ਸਰਕਾਰੀ ਹਸਪਤਾਲਾਂ ਵਿੱਚ ਲੱਗੀਆਂ ਮਰੀਜ਼ਾਂ ਦੀਆਂ ਕਤਾਰਾਂ

08:42 AM Sep 11, 2024 IST
ਸਿਵਲ ਹਸਪਤਾਲ ਬਠਿੰਡਾ ਵਿੱਚ ਡਾਕਟਰਾਂ ਦੀ ਹੜਤਾਲ ਕਾਰਨ ਓਪੀਡੀ ਦੇ ਬਾਹਰ ਇੰਤਜ਼ਾਰ ਕਰਦੇ ਹੋਏ ਮਰੀਜ਼। -ਫੋਟੋ: ਪਵਨ ਸ਼ਰਮਾ

ਕੁਲਦੀਪ ਸਿੰਘ
ਚੰਡੀਗੜ੍ਹ, 10 ਸਤੰਬਰ
ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਵੱਲੋਂ ਪੰਜਾਬ ਭਰ ਦੇ ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿੱਚ ਕੀਤੀ ਹੜਤਾਲ ਦੇ ਅੱਜ ਦੂਸਰੇ ਦਿਨ ਵੀ ਡਾਕਟਰਾਂ ਵੱਲੋਂ ਸਵੇਰੇ ਅੱਠ ਤੋਂ ਸਵੇਰੇ ਗਿਆਰਾਂ ਵਜੇ ਤੱਕ ਓਪੀਡੀ ਸੇਵਾਵਾਂ ਬੰਦ ਰੱਖੀਆਂ ਗਈਆਂ। ਹੜਤਾਲ ਦੀ ਜਾਣਕਾਰੀ ਨਾ ਹੋਣ ਕਾਰਨ ਅੱਜ ਵੀ ਹਸਪਤਾਲਾਂ ਦੀਆਂ ਓਪੀਡੀਜ਼ ਦੇ ਬਾਹਰ ਮਰੀਜ਼ਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ ਤੇ ਉਹ ਖੱਜਲ ਖੁਆਰ ਹੁੰਦੇ ਰਹੇ। ਭਾਵੇਂ ਕਿ ਸਰਕਾਰ ਵੱਲੋਂ ਵਿੱਤ ਮੰਤਰੀ ਦੀ ਅਗਵਾਈ ਹੇਠ ਭਲਕੇ 11 ਸਤੰਬਰ ਨੂੰ ਕੈਬਨਿਟ ਸਬ-ਕਮੇਟੀ ਨਾਲ ਐਸੋਸੀਏਸ਼ਨ ਦੀ ਮੀਟਿੰਗ ਵੀ ਰੱਖੀ ਹੋਈ ਹੈ ਪ੍ਰੰਤੂ ਡਾਕਟਰਾਂ ਦੀ ਮੰਗ ਹੈ ਕਿ ਜਦੋਂ ਤੱਕ ਮੰਗਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਹੜਤਾਲ ਖ਼ਤਮ ਨਹੀਂ ਕੀਤੀ ਜਾਵੇਗੀ। ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ. ਅਖਿਲ ਸਰੀਨ ਨੇ ਦੱਸਿਆ ਕਿ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਹੜਤਾਲੀ ਮੈਡੀਕਲ ਅਫ਼ਸਰਾਂ ਨੇ ਆਪਣੀਆਂ ਮੰਗਾਂ ਸਬੰਧੀ ਪੈਂਫਲੇਟ ਵੰਡ ਕੇ, ਫਲੈਕਸ ਬੈਨਰਾਂ ਅਤੇ ਭਾਸ਼ਣਾਂ ਰਾਹੀਂ ਮਰੀਜ਼ਾਂ ਨੂੰ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ ਅਤੇ ਹੜਤਾਲ ਦੇ ਕਾਰਨਾਂ ਬਾਰੇ ਵੀ ਦੱਸਿਆ। ਹਸਪਤਾਲਾਂ ਵਿੱਚ ਸੁਰੱਖਿਆ ਦੇ ਮੁੱਦੇ ’ਤੇ ਮਹਿਲਾ ਡਾਕਟਰਾਂ ਵਿੱਚ ਕਾਫ਼ੀ ਰੋਸ ਵੇਖਣ ਨੂੰ ਮਿਲਿਆ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੀ ਦੂਜੇ ਵਿਭਾਗ ਮੈਡੀਕਲ ਸਿੱਖਿਆ ਤੇ ਖੋਜ ਵਿੱਚ ਹੀ ਡਾਕਟਰਾਂ ਨੂੰ 4 ਅਤੇ 7 ਸਾਲ ’ਤੇ ਤਰੱਕੀ ਦਿੱਤੀ ਜਾ ਰਹੀ ਹੈ ਤਾਂ ਫਿਰ ਸਭ ਤੋਂ ਜ਼ਰੂਰੀ ਸਿਹਤ ਵਿਭਾਗ ਦੀ ਤਰੱਕੀ ’ਤੇ ਰੋਕ ਕਿਉਂ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਡਾਕਟਰਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕਰਦੀ ਤਾਂ ਅਗਲੇ ਪੜਾਅ ਵਿੱਚ 12 ਸਤੰਬਰ ਤੋਂ ਪੂਰੇ ਸਮੇਂ ਲਈ ਸਾਰੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ ਜਦਕਿ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਜਾਰੀ ਰਹਿਣਗੀਆਂ। ਉਨ੍ਹਾਂ ਇਹ ਐਲਾਨ ਵੀ ਕੀਤਾ ਕਿ ਜੇ 16 ਸਤੰਬਰ ਤੋਂ ਬਾਅਦ ਵੀ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਡਾਕਟਰ ਸਾਰੇ ਹਸਪਤਾਲਾਂ ਅਤੇ ਡਿਸਪੈਂਸਰੀਆਂ ਸਣੇ ਸਿਹਤ ਕੇਂਦਰਾਂ ਵਿੱਚ ਹਰ ਤਰ੍ਹਾਂ ਦੀਆਂ ਮੈਡੀਕੋ ਲੀਗਲ ਸੇਵਾਵਾਂ ਵੀ ਬੰਦ ਕਰਨ ਲਈ ਮਜਬੂਰ ਹੋ ਜਾਣਗੇ।

Advertisement

ਬੀਕੇਯੂ (ਏਕਤਾ ਉਗਰਾਹਾਂ) ਵੱਲੋਂ ਡਾਕਟਰਾਂ ਦੀ ਹੜਤਾਲ ਦੀ ਹਮਾਇਤ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਨੇ ਅੱਜ ਪੰਜਾਬ ਭਰ ਦੇ ਸਰਕਾਰੀ ਡਾਕਟਰਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਕੀਤੀ ਜਾ ਰਹੀ ਹੜਤਾਲ ਦੀ ਹਮਾਇਤ ਕੀਤੀ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਮੰਗ ਕੀਤੀ ਕਿ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ ਦੀ ਖਾਸ ਕਰ ਕੇ ਮਹਿਲਾ ਡਾਕਟਰਾਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ। ਇਸ ਤੋਂ ਇਲਾਵਾ ਡਾਕਟਰਾਂ ਦੀਆਂ ਭਖ਼ਦੀਆਂ ਮੰਗਾਂ ਮੰਨੀਆਂ ਜਾਣ। ਕਿਸਾਨ ਆਗੂਆਂ ਨੇ ਪੈਟਰੋਲ ਤੇ ਡੀਜ਼ਲ ਦੇ ਭਾਅ ਸਣੇ ਬੱਸਾਂ ਦੇ ਕਿਰਾਏ ’ਚ ਕੀਤੇ ਵਾਧੇ ਦੀ ਨਿਖੇਧੀ ਕੀਤੀ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਨੇ ਤੇਲ ਕੀਮਤਾਂ ਅਤੇ ਬੱਸਾਂ ਦਾ ਕਿਰਾਇਆ ਵਧਾ ਕੇ ਆਰਥਿਕ ਮੰਦਹਾਲੀ ਕਾਰਨ ਖ਼ੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਪੰਜਾਬ ਦੇ ਆਮ ਕਿਸਾਨਾਂ, ਖੇਤ ਮਜ਼ਦੂਰਾਂ ਤੇ ਕਿਰਤੀ ਲੋਕਾਂ ’ਤੇ ਨਵਾਂ ਬੋਝ ਪਾ ਦਿੱਤਾ ਹੈ। ਇਸੇ ਤਰ੍ਹਾਂ ਖੇਤ ਮਜ਼ਦੂਰ ਯੂਨੀਅਨ ਵੀ ਡਾਕਟਰਾਂ ਤੇ ਬਿਜਲੀ ਕਾਮਿਆਂ ਦੇ ਹੱਕ ’ਚ ਡਟੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਤੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਸਰਕਾਰੀ ਹਸਪਤਾਲਾਂ ’ਚ ਹੜਤਾਲ ਕਰ ਰਹੇ ਡਾਕਟਰਾਂ ਦੀ ਹਮਾਇਤ ਦਾ ਐਲਾਨ ਕੀਤਾ ਹੈ।

ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਸਰਕਾਰ ਦੀ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਕਿਸੇ ਵੀ ਕਿਸਮ ਦੀ ਹਿੰਸਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਿਹਤ ਮੰਤਰੀ ਨੇ ਅੱਜ ਸੂਬੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਆਨ-ਲਾਈਨ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਸਾਰੀਆਂ ਸਿਹਤ ਸਹੂਲਤਾਂ ਵਾਲੀਆਂ ਥਾਵਾਂ ’ਤੇ ਹੋਮਗਾਰਡਾਂ ਤਾਇਨਾਤ ਕੀਤੇ ਜਾਣ ਤੇ ਸੀਸੀਟੀਵੀ ਕੈਮਰੇ ਲਗਾਏ ਜਾਣ।

Advertisement

Advertisement