ਆਜ਼ਾਦੀ ਦਿਹਾੜੇ ਤੋਂ ਪਹਿਲਾਂ ਡੋਡਾ ਘਟਨਾ ਚਿੰਤਾ ਦਾ ਵਿਸ਼ਾ: ਪ੍ਰਿਯੰਕਾ
ਨਵੀਂ ਦਿੱਲੀ:
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਜੰਮੂ ਕਸ਼ਮੀਰ ਦੇ ਡੋਡਾ ’ਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਹੋਏ ਮੁਕਾਬਲੇ ’ਤੇ ਅੱਜ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਪੂਰਾ ਦੇਸ਼ ਅਤਿਵਾਦ ਖ਼ਿਲਾਫ਼ ਇਕਜੁੱਟ ਹੈ ਅਤੇ ਕੇਂਦਰ ਨੂੰ ਇਸ ਖ਼ਿਲਾਫ਼ ਠੋਸ ਕਦਮ ਚੁੱਕਣੇ ਚਾਹੀਦੇ ਹਨ। ਪ੍ਰਿਯੰਕਾ ਨੇ ਐਕਸ ’ਤੇ ਪੋਸਟ ਕੀਤਾ, ‘ਜੰਮੂ ਕਸ਼ਮੀਰ ਦੇ ਡੋਡਾ ’ਚ ਅਤਿਵਾਦੀਆਂ ਨਾਲ ਮੁਕਾਬਲੇ ’ਚ ਭਾਰਤੀ ਸੈਨਾ ਦੇ ਇੱਕ ਅਧਿਕਾਰੀ ਦੇ ਸ਼ਹੀਦ ਹੋਣ ਦੀ ਖ਼ਬਰ ਬਹੁਤ ਹੀ ਦੁੱਖ ਭਰੀ ਹੈ। ਰੱਬ ਵਿੱਛੜੀ ਰੂਹ ਨੂੰ ਸ਼ਾਂਤੀ ਦੇਵੇ ਤੇ ਸ਼ਹੀਦ ਦੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ।’ ਕਾਂਗਰਸ ਆਗੂ ਨੇ ਕਿਹਾ ਕਿ ਪਿਛਲੇ ਚਾਰ ਮਹੀਨਿਆਂ ’ਚ ਜੰਮੂ ਕਸ਼ਮੀਰ ’ਚ ਅਤਿਵਾਦ ਨਾਲ ਸਬੰਧਤ ਕੁੱਲ 83 ਘਟਨਾਵਾਂ ਵਾਪਰੀਆਂ ਹਨ ਜਿਨ੍ਹਾਂ ’ਚ 20 ਜਵਾਨ ਸ਼ਹੀਦ ਹੋਏ ਹਨ ਤੇ 14 ਨਾਗਰਿਕ ਵੀ ਮਾਰੇ ਗਏ ਹਨ। ਉਨ੍ਹਾਂ ਕਿਹਾ, ‘ਸਾਡੇ ਆਜ਼ਾਦੀ ਦਿਹਾੜੇ ਤੋਂ ਪਹਿਲਾਂ ਅਜਿਹੀ ਘਟਨਾ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਪੂਰਾ ਦੇਸ਼ ਅਤਿਵਾਦ ਖ਼ਿਲਾਫ਼ ਇਕਜੁੱਟ ਹੈ। ਕੇਂਦਰ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ।’ -ਪੀਟੀਆਈ