ਦੋਹਰਾ ਕਤਲ ਕਾਂਡ: ਇਨਸਾਫ਼ ਲਈ ਥਾਣੇ ਅੱਗੇ ਧਰਨਾ
ਜੋਗਿੰਦਰ ਸਿੰਘ ਮਾਨ
ਮਾਨਸਾ, 17 ਮਾਰਚ
ਜ਼ਿਲ੍ਹੇ ਦੇ ਪਿੰਡ ਅਹਿਮਦਪੁਰ ਵਿਚ ਵਾਪਰੇ ਦੋਹਰੇ ਕਤਲ ਕਾਂਡ ਦੇ ਮਾਮਲੇ ’ਚ 2 ਮਹੀਨੇ ਬੀਤ ਜਾਣ ਦੇ ਬਾਵਜੂਦ ਪੁਲੀਸ ਵੱਲੋਂ ਕਾਤਲਾਂ ਨੂੰ ਨਾ ਕਾਬੂ ਕੀਤੇ ਜਾਣ ਦੇ ਰੋਸ ਵਜੋਂ ਅੱਜ ਪਿੰਡ ਦੇ ਲੋਕਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਸਿਟੀ ਥਾਣਾ ਬੁਢਲਾਡਾ ਦੇ ਬਾਹਰ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਨੇ ਕਿਹਾ ਕਿ ਇਸ ਕਤਲ ਕਾਂਡ ਨੂੰ ਕਰੀਬ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਪੁਲੀਸ ਕਾਤਲਾਂ ਤੱਕ ਨਹੀਂ ਪਹੁੰਚ ਸਕੀ। ਇਸ ਸਬੰਧੀ ਜਥੇਬੰਦੀ ਦੇ ਆਗੂ ਦੋ ਵਾਰ ਪੁਲੀਸ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ ਪ੍ਰੰਤੂ ਮਸਲਾ ਉਥੇ ਹੀ ਅਟਕਿਆ ਹੋਇਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸੁਣਵਾਈ ਨਾ ਕੀਤੀ ਗਈ ਤਾਂ ਉਹ ਰੇਲਾਂ ਦਾ ਚੱਕਾ ਜਾਮ ਕਰਨਗੇ। ਇਸੇ ਦੌਰਾਨ ਪੁਲੀਸ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ ਛੇਤੀ ਹੀ ਕਾਤਲਾਂ ਦਾ ਪਤਾ ਲਗਾਕੇ ਮਸਲਾ ਹੱਲ ਕੀਤਾ ਜਾਵੇਗਾ। ਜਥੇਬੰਦੀ ਵੱਲੋਂ 25 ਮਾਰਚ ਤੱਕ ਦਾ ਸਮਾਂ ਦਿੰਦਿਆਂ ਥਾਣਾ ਸਿਟੀ ਦੇ ਅੱਗੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ।