ਡਾ. ਹਿਮਾਂਸ਼ੂ ਅਗਰਵਾਲ ਤੇ ਸਾਰੰਗਲ ਨੇ ਡੀਸੀ’ ਜ਼ ਵਜੋਂ ਅਹੁਦੇ ਸੰਭਾਲੇ
ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਮਾਰਚ
ਚੋਣ ਕਮਿਸ਼ਨ ਵੱਲੋਂ ਬਦਲੇ ਗਏ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਥਾਂ ਨਵੇਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ (ਆਈਏਐਸ) ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜਲੰਧਰ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ। ਉਹ ਫਾਜ਼ਿਲਕਾ ਅਤੇ ਗੁਰਦਾਸਪੁਰ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਜਲੰਧਰ ਲੋਕ ਸਭਾ ਹਲਕੇ ਲਈ ਆਜ਼ਾਦ ਅਤੇ ਨਿਰਪੱਖ ਲੋਕ ਸਭਾ ਚੋਣਾਂ ਨੂੰ ਮੁੱਖ ਤਰਜੀਹ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਚੋਣਾਂ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ।
ਇਸ ਤੋਂ ਪਹਿਲਾਂ ਪੰਜਾਬ ਪੁਲਿਸ ਦੀ ਟੁਕੜੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ।
ਡਿਪਟੀ ਕਮਿਸ਼ਨਰ (ਜ) ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਲਖਵਿੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਆ।

ਗੁਰਦਾਸਪੁਰ (ਪੱਤਰ ਪ੍ਰੇਰਕ): ਇੱਥੇ ਅੱਜ 2013 ਬੈਚ ਦੇ ਆਈਏਐੱਸ ਅਧਿਕਾਰੀ ਵਿਸ਼ੇਸ਼ ਸਾਰੰਗਲ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਅਧਿਕਾਰੀਆਂ ਨਾਲ ਜਾਣ-ਪਛਾਣ ਕਰਦਿਆਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹੇ ਵਿੱਚ ਲੋਕ ਸਭਾ ਚੋਣਾਂ ਨੂੰ ਨਿਰਪੱਖ, ਸ਼ਾਂਤੀਪੂਰਵਕ ਅਤੇ ਆਜ਼ਾਦਾਨਾ ਮਾਹੌਲ ਵਿੱਚ ਨੇਪਰੇ ਚਾੜ੍ਹਨਾ ਉਨ੍ਹਾਂ ਦੀ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਸਾਰੀਆਂ ਸਿਆਸੀ ਧਿਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਚੋਣ ਪ੍ਰਚਾਰ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਸੋਹੇਲ ਕਾਸਿਮ ਮੀਰ ਪਠਾਨਕੋਟ ਦੇ ਜ਼ਿਲ੍ਹਾ ਪੁਲੀਸ ਮੁਖੀ ਨਿਯੁਕਤ
ਪਠਾਨਕੋਟ (ਪੱਤਰ ਪ੍ਰੇਰਕ): ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਬਦਲੇ ਗਏ ਜ਼ਿਲ੍ਹਾ ਪੁਲੀਸ ਮੁਖੀਆਂ ਦੇ ਬਾਅਦ ਪਠਾਨਕੋਟ ਵਿਖੇ 2017 ਬੈਚ ਦੇ ਆਈਪੀਐਸ ਸੋਹੇਲ ਕਾਸਿਮ ਮੀਰ ਨੂੰ ਜ਼ਿਲ੍ਹਾ ਪੁਲੀਸ ਮੁਖੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਉਹ ਮੂਲ ਰੂਪ ਤੋਂ ਜੰਮੂ-ਕਸ਼ਮੀਰ ਦੇ ਆਨੰਤਨਾਗ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਸਾਲ 2017 ਬੈਚ ਵੱਜੋਂ ਬਤੌਰ ਟ੍ਰੇਨੀ ਅੰਮ੍ਰਿਤਸਰ ਦਿਹਾਤੀ ਦੇ ਚਾਟੀ ਵਿੰਡ ਥਾਣੇ ਵਿੱਚ ਜੁਆਇਨ ਕੀਤਾ ਸੀ ਅਤੇ ਇਸ ਦੇ ਬਾਅਦ ਉਹ ਪੰਜਾਬ ਦੇ ਅਲੱਗ-ਅਲੱਗ ਸ਼ਹਿਰਾਂ ਤੇ ਪੁਲੀਸ ਦੇ ਅਹਿਮ ਅਹੁਦਿਆਂ ’ਤੇ ਰਹੇ।
ਨਵ-ਨਿਯੁਕਤ ਡੀਸੀ ਇਤਿਹਾਸਕ ਗੁਰਦੁਆਰਾ ਕੰਧ ਸਾਹਿਬ ਨਤਮਸਤਕ
ਬਟਾਲਾ (ਨਿੱਜੀ ਪੱਤਰ ਪ੍ਰੇਰਕ): ਨਵਨਿਯੁਕਤ ਡੀਸੀ ਵਿਸ਼ੇਸ਼ ਸਾਰੰਗਲ ਅੱਜ ਅਹੁਦਾ ਸੰਭਾਲਣ ਮਗਰੋਂ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਦੇ ਪਿਤਾ ਜਨਕ ਰਾਜ ਸਾਰੰਗਲ ਅਤੇ ਬਟਾਲਾ ਦੇ ਐੱਸਡੀਐੱਮ ਸ੍ਰੀਮਤੀ ਸ਼ਾਇਰੀ ਮਲਹੋਤਰਾ ਵੀ ਮੌਜੂਦ ਸਨ। ਡੀਸੀ ਸਾਰੰਗਲ ਨੇ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਇਸ ਮੌਕੇ ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਦੀ ਨਿਸ਼ਾਨੀ ਪਾਵਨ ਕੱਚੀ ਕੰਧ ਦੇ ਦਰਸ਼ਨ ਕੀਤੇ ਅਤੇ ਇਸ ਪਾਵਨ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਗੁਰਨਾਮ ਸਿੰਘ ਜੱਸਲ ਵੱਲੋਂ ਡੀਸੀ ਵਿਸ਼ੇਸ਼ ਸਾਰੰਗਲ ਅਤੇ ਉਨ੍ਹਾਂ ਦੇ ਪਿਤਾ ਨੂੰ ਸਿਰੋਪਾਓ ਭੇਟ ਕੀਤਾ।