ਡਾ. ਅਟਵਾਲ ਹੋਏ ਵਿਦਿਆਰਥੀਆਂ ਦੇ ਰੂਬਰੂ
ਮਨਮੋਹਨ ਸਿੰਘ ਢਿੱਲੋਂ
ਅੰਮ੍ਰਿਤਸਰ, 23 ਜੁਲਾਈ
ਪੰਜਾਬੀ ਲੇਖਕਾਂ ਦੀ ਜਥੇਬੰਦੀ ਜਨਵਾਦੀ ਲੇਖਕ ਸੰਘ ਵਲੋਂ ਅਰੰਭੀ ‘ਕਿਛ ਸੁਣੀਐ ਕਿਛੁ ਕਹੀਐ’ ਸਮਾਗਮਾਂ ਦੀ ਲੜੀ ਤਹਿਤ ਭਾਸ਼ਾ ਵਿਗਿਆਨੀ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਡਾ. ਹਰਜਿੰਦਰ ਸਿੰਘ ਅਟਵਾਲ ਵਿਦਿਆਰਥੀਆਂ ਦੇ ਰੂ ਬ ਰੂ ਹੋਏ। ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਹੋਏ ਇਸ ਸਮਾਗਮ ਦਾ ਆਗਾਜ਼ ਸਕੂਲ ਦੇ ਪ੍ਰਿੰ. ਅੰਕਿਤਾ ਸਹਿਦੇਵ ਦੇ ਸਵਾਗਤੀ ਸਬਦਾਂ ਨਾਲ ਹੋਇਆ ਜਦਕਿ ਸਮਾਗਮ ਦੇ ਕਨਵੀਨਰ ਦੀਪ ਦੇਵਿੰਦਰ ਸਿੰਘ ਸਨ। ਡਾ ਹਰਜਿੰਦਰ ਸਿੰਘ ਅਟਵਾਲ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਆਪਣੇ ਲੰਬੇ ਅਧਿਆਪਨ ਕਾਰਜ ਦੇ ਅਨੁਭਵ ਸਾਂਝੇ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਸਕੂਲ ਸਿਲੇਬਸ ਦੇ ਨਾਲ ਨਾਲ ਵਿਦਿਆਰਥੀਆਂ ਨੂੰ ਸਾਹਿਤਕ ਪੁਸਤਕਾਂ ਪੜ੍ਹਨ ਦੀ ਚੇਟਕ ਵੀ ਬਰਕਰਾਰ ਰੱਖਣੀ ਚਾਹੀਦੀ ਹੈ ਕਿਉਂਕਿ ਵਿਦਿਆਰਥੀ ਨਿੱਤ ਨਵਾਂ -ਨਰੋਆ ਸਿੱਖਣ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਜਨਵਾਦੀ ਲੇਖਕ ਸੰਘ ਦੇ ਸਕੱਤਰ ਹਰਜੀਤ ਸਿੰਘ ਸੰਧੂ ਨੇ ਵੀ ਇਸ ਮੌਕੇ ਸੰਬੋਧਨ ਕੀਤਾ। ਇਸ ਮੌਕੇ ਸਕੂਲ ਦੇ ਪ੍ਰਬੰਧਕ ਪ੍ਰਤੀਕ ਸਹਿਦੇਵ, ਮੋਹਿਤ ਸਹਿਦੇਵ ਅਤੇ ਕੋਮਲ ਸਹਿਦੇਵ ਵੀ ਹਾਜ਼ਰ ਸਨ।