ਮੁਰਮੂ, ਮੋਦੀ ਤੇ ਖੜਗੇ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾਂਜਲੀ
ਨਵੀਂ ਦਿੱਲੀ, 6 ਦਸੰਬਰ
ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਨਰਿੰਦਰ ਮੋਦੀ ਨੇ ਕਿਹਾ ਕਿ ਉਹ ਡਾ. ਅੰਬੇਡਕਰ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵੱਲੋਂ ਦੇਸ਼ ਲਈ ਪਾਇਆ ਗਿਆ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਐਕਸ ’ਤੇ ਕਿਹਾ, ‘ਮਹਾਪ੍ਰੀਨਿਰਵਾਣ ਦਿਵਸ ਮੌਕੇ ਅਸੀਂ ਆਪਣੇ ਸੰਵਿਧਾਨ ਦੇ ਨਿਰਮਾਤਾ ਤੇ ਸਮਾਜਿਕ ਨਿਆਂ ਦੇ ਪ੍ਰਤੀਕ ਡਾ. ਬਾਬਾ ਸਾਹਿਬ ਅੰਬੇਡਕਰ ਨੂੰ ਨਮਨ ਕਰਦੇ ਹਾਂ।’ ਇਸੇ ਤਰ੍ਹਾਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਭੁਬਨੇਸ਼ਵਰ ਦੇ ਏਜੀ ਸਕੁਏਅਰ ਪਹੁੰਚ ਕੇ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਸਾਹਿਬ ਦੇ ਆਦਰਸ਼ਾਂ ਤੇ ਵਿਚਾਰਾਂ ਦੀ ਰਾਖੀ ਕਰਨਾ ਅੱਜ ਦੇ ਦੌਰ ਦੀ ਜ਼ਰੂਰਤ ਹੈ। ਉਨ੍ਹਾਂ ਐਕਸ ’ਤੇ ਕਿਹਾ, ‘ਬਾਬਾ ਸਾਹਿਬ ਦੇ ਮਹਾਪ੍ਰੀਨਿਰਵਾਣ ਦਿਵਸ ਮੌਕੇ ਅਸੀਂ ਸੰਵਿਧਾਨ ਤੇ ਸਮਾਜਿਕ ਨਿਆਂ ਦੇ ਹਮਾਇਤੀ ਪ੍ਰਤੀ ਸ਼ੁਕਰੀਆ ਜ਼ਾਹਿਰ ਕਰਦੇ ਹਾਂ।’ ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਆਪਣੀ ਪੂਰੀ ਜ਼ਿੰਦਗੀ ਆਜ਼ਾਦੀ, ਭਾਈਚਾਰੇ ਤੇ ਨਿਆਂ ਦੇ ਜਮਹੂਰੀ ਅਧਿਕਾਰ ਦੀ ਵਕਾਲਤ ਨੂੰ ਸਮਰਪਿਤ ਕਰ ਦਿੱਤੀ। ਇਸੇ ਤਰ੍ਹਾਂ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਅਤੇ ਹੋਰਾਂ ਨੇ ਵੀ ਡਾ. ਅੰਬੇਡਕਰ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। -ਪੀਟੀਆਈ