ਮੁੱਖ ਮੰਤਰੀ ਦੀ ਕੋਠੀ ਵੱਲ ਵਧਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਨਾਲ ਖਿੱਚ-ਧੂਹ
ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਜੁਲਾਈ
ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ (ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ) ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਅਤੇ ਪੁਲੀਸ ਵਿਚਕਾਰ ਮਾਮੂਲੀ ਖਿੱਚ-ਧੂਹ ਹੋਈ। ਪ੍ਰਦਰਸ਼ਨਕਾਰੀ ਪ੍ਰੋਫੈਸਰ ਪੁਲੀਸ ਦੇ ਬੈਰੀਕੇਡ ਉਖਾੜ ਕੇ ਅੱਗੇ ਵਧੇ ਜਦੋਂ ਕਿ ਦੂਜੇ ਨਾਕੇ ’ਤੇ ਪੁਲੀਸ ਨੇ ਉਨ੍ਹਾਂ ਨੂੰ ਰੋਕ ਲਿਆ। ਪ੍ਰਦਰਸ਼ਨਕਾਰੀ ਪ੍ਰੋਫੈਸਰਾਂ ਵੱਲੋਂ ਸੜਕ ’ਤੇ ਹੀ ਆਵਾਜਾਈ ਠੱਪ ਕਰ ਕੇ ਰੋਸ ਧਰਨਾ ਲਗਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀ ਪਿਛਲੇ ਸੈਸ਼ਨ ਵਾਂਗ ਅਕਾਦਮਿਕ ਸੈਸ਼ਨ 2024-25 ਗੈਸਟ ਫੈਕਲਟੀ ਦੀ ਪ੍ਰਵਾਨਗੀ ਦੇਣ ਅਤੇ 10 ਜੁਲਾਈ 2024 ਨੂੰ ਜਾਰੀ ਪੱਤਰ ਰੱਦ ਕਰਨ ਦੀ ਮੰਗ ਕਰ ਰਹੇ ਸਨ।
ਗੈਸਟ ਫੈਕਲਟੀ ਅਧਿਆਪਕ ਯੂਨੀਅਨ (ਨੇਬਰਹੁੱਡ ਕੈਂਪਸ ਅਤੇ ਕਾਂਸਟੀਚੂਐਂਟ) ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਅਗਵਾਈ ਹੇਠ ਵੱਖ-ਵੱਖ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰ ਸਥਾਨਕ ਮਿਲਕ ਪਲਾਂਟ ਨੇੜੇ ਇਕੱਠੇ ਹੋਏ, ਜਿਥੋਂ ਰੋਸ ਮਾਰਚ ਕਰਦੇ ਹੋਏ ਜਿਉਂ ਹੀ ਮੁੱਖ ਮੰਤਰੀ ਦੀ ਰਿਹਾਇਸ਼ ਵਾਲੀ ਕਲੋਨੀ ਦੇ ਨਜ਼ਦੀਕ ਪੁੱਜੇ ਤਾਂ ਪੁਲੀਸ ਵੱਲੋਂ ਨਾਕੇਬੰਦੀ ਕਰ ਕੇ ਰੋਕ ਲਿਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਗੁਰਸੇਵਕ ਸਿੰਘ ਅਤੇ ਮੀਤ ਪ੍ਰਧਾਨ ਅਮਨਦੀਪ ਸਿੰਘ ਨੇ ਕਿਹਾ ਕਿ ਗੈਸਟ ਫੈਕਲਟੀ ਪ੍ਰੋਫੈਸਰ ਲੰਮੇ ਸਮੇਂ ਤੋਂ ਨਿਗੂਣੀਆਂ ਤਨਖਾਹਾਂ ’ਤੇ ਸੇਵਾਵਾਂ ਨਿਭਾ ਰਹੇ ਹਨ ਪਰ ਤਨਖਾਹ ਯੂਜੀਸੀ ਨਿਯਮਾਂ ਮੁਤਾਬਕ ਨਹੀਂ ਦਿੱਤੀ ਜਾ ਰਹੀ ਜਦੋਂ ਕਿ ਉਹ ਯੂਜੀਸੀ, ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੁਆਰਾ ਨਿਰਧਾਰਿਤ ਸਾਰੀਆਂ ਯੋਗਤਾਵਾਂ ਪੂਰੀਆਂ ਕਰਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਅਧੀਨ 13 ਕਾਂਸਟੀਚੂਐਂਟ ਕਾਲਜ ਅਤੇ 5 ਨੇਬਰਹੁੱਡ ਕੈਂਪਸ ਹਨ, ਜਿਨ੍ਹਾਂ ’ਚ ਕਰੀਬ 250 ਗੈਸਟ ਫੈਕਲਟੀ ਪ੍ਰੋਫੈਸਰ ਸੇਵਾਵਾਂ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਮੁੜ ਤੋਂ ਇੰਟਰਵਿਊ ਲੈਣ ਦਾ ਪੱਤਰ ਜਾਰੀ ਕਰ ਦਿੱਤਾ ਗਿਆ ਹੈ, ਜਿਸ ਕਾਰਨ ਗੈਸਟ ਫੈਕਲਟੀ ਪ੍ਰੋਫੈਸਰ ਚਿੰਤਤ ਹਨ। ਉਨ੍ਹਾਂ ਮੰਗ ਕੀਤੀ ਕਿ ਗੈਸਟ ਫੈਕਲਟੀ ਨੂੰ 2024-25 ਸੈਸ਼ਨ ਦੀ ਪ੍ਰਵਾਨਗੀ ਦਿੱਤੀ ਜਾਵੇ, 10 ਜੁਲਾਈ ਨੂੰ ਜਾਰੀ ਪੱਤਰ ਰੱਦ ਕੀਤਾ ਜਾਵੇ ਅਤੇ ਸੇਵਾਵਾਂ ਰੈਗੂਲਰ ਕੀਤੀਆਂ ਜਾਣ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿੱਖਿਆ ਮੰਤਰੀ ਨਾਲ ਛੇਤੀ ਮੀਟਿੰਗ ਦੇ ਦਿੱਤੇ ਭਰੋਸੇ ਮਗਰੋਂ ਧਰਨਾ ਸਮਾਪਤ ਹੋਇਆ।