For the best experience, open
https://m.punjabitribuneonline.com
on your mobile browser.
Advertisement

ਜੇਲ੍ਹ ਨਹੀਂ ਸੁਧਾਰ ਘਰਾਂ ਵਿੱਚ ਜਾਣਗੇ ਨਸ਼ੇਡ਼ੀ: ਡਾ. ਬਲਬੀਰ ਸਿੰਘ

10:42 AM Jul 02, 2023 IST
ਜੇਲ੍ਹ ਨਹੀਂ ਸੁਧਾਰ ਘਰਾਂ ਵਿੱਚ ਜਾਣਗੇ ਨਸ਼ੇਡ਼ੀ  ਡਾ  ਬਲਬੀਰ ਸਿੰਘ
ਸਮਾਰੋਹ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਹੋਰ ਆਗੂ ਯੂਨੀਅਨ ਦਾ ਸੋਵੀਨਰ ਜਾਰੀ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 1 ਜੁਲਾਈ
ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਨੂੰ ਨਸ਼ਾਮੁਕਤ ਕਰਨ ਲਈ ‘ਆਪ’ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਹੁਣ ਨਸ਼ੇਡ਼ਿਆਂ ਨੂੰ ਜੇਲ੍ਹਾਂ ਵਿੱਚ ਨਹੀਂ ਬਲਕਿ ਸੁਧਾਰ ਘਰਾਂ ਵਿੱਚ ਭੇਜਿਆ ਜਾਵੇਗਾ, ਜਿੱਥੇ ਨਸ਼ਾ ਕਰਨ ਵਾਲੇ ਨੌਜਵਾਨਾਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਕਸਰਤ ਕਰਵਾਈ ਜਾਵੇਗੀ। ਉਹ ਅੱਜ ਚੰਡੀਗਡ਼੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਇੰਸਟੀਚਿਊਟ ਆਫ਼ ਪਬਲਿਕ ਐਡਮਿਨਸਟਰੇਸ਼ਨ ਵਿੱਚ ਚੰਡੀਗਡ਼੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟਸ ਦੀ 24ਵੀਂ ਸਾਲਾਨਾ ਮੀਟਿੰਗ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ।
ਸਿਹਤ ਮੰਤਰੀ ਨੇ ਕਿਹਾ ਕਿ ਇਹ ਨਿਯਮ ਨਸ਼ਾ ਕਰਨ ਵਾਲਿਆਂ ’ਤੇ ਹੀ ਲਾਗੂ ਹੋਣਗੇ ਜਦਕਿ ਨਸ਼ਾ ਵੇਚਣ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਨਾਮ ਬਦਲਣ ਬਾਰੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਸ਼ਾ ਵਰਕਰਾਂ ਦੇ ਬੱਚਿਆਂ ਨੂੰ ਮੁਫ਼ਤ ਨਰਸਿੰਗ ਕੋਰਸ ਕਰਵਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਇਸ ਨਾਲ ਗਰੀਬ ਦੇ ਬੱਚੇ ਨੂੰ ਵੀ ਵਧੀਆ ਕਾਲਜਾਂ ’ਚ ਸਿੱਖਿਆ ਮਿਲ ਸਕੇਗੀ। ਸਿਹਤ ਮੰਤਰੀ ਨੇ ਹਵਾ ਤੇ ਪਾਣੀ ਦੀ ਸੰਭਾਲ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਤੰਦਰੁਸਤ ਰਹਿਣ ਲਈ ਵਾਤਾਵਰਨ ਸਾਫ ਰੱਖਣ ਤੇ ਰੋਜ਼ਾਨਾ ਯੋਗ ਕਰਨ ਦੀ ਅਪੀਲ ਕੀਤੀ। ਸਿਹਤ ਮੰਤਰੀ ਨੇ ਮੀਡੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਚੌਥੇ ਥੰਮ੍ਹ ਵਜੋਂ ਬਹੁਤ ਵਧੀਆ ਕੰਮ ਕਰ ਰਿਹਾ ਹੈ ਪਰ ਇਲੈਕਟ੍ਰੌਨਿਕ ਤੇ ਸੋਸ਼ਲ ਮੀਡੀਆ ਦੇ ਆਉਣ ਨਾਲ ਮੀਡੀਆ ’ਚ ਕੁਝ ਬਦਲਾਅ ਹੋਇਆ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਆਪਣੇ ਫ਼ਰਜ਼ ਨਿਭਾਉਣ ’ਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ। ਉਨ੍ਹਾਂ ਪੱਤਰਕਾਰਾਂ ਦੀ ਸੁਰੱਖਿਆ ਤੇ ਆਜ਼ਾਦੀ ਬਾਰੇ ਗੱਲ ਕਰਦਿਆਂ ਕਿਹਾ ਕਿ ਅੱਜ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ, ਇਸ ਲਈ ਪ੍ਰੈੱਸ ਦੀ ਆਜ਼ਾਦੀ ਦੀ ਰਾਖੀ ਕਰਨ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪ੍ਰੈੱਸ ਦੀ ਆਜ਼ਾਦੀ ਲਈ ਵਚਨਬੱਧ ਹੈ ਤੇ ਇਸ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ।
ਇਸ ਮੌਕੇ ਇੰਡੀਅਨ ਜਰਨਲਿਸਟ ਯੂਨੀਅਨ ਅਤੇ ਚੰਡੀਗਡ਼੍ਹ-ਪੰਜਾਬ ਯੂਨੀਅਨ ਆਫ਼ ਜਰਨਲਿਸਟਸ ਦੇ ਪ੍ਰਧਾਨ ਵਿਨੋਦ ਕੋਹਲੀ ਨੇ ਤੇਜ਼ੀ ਨਾਲ ਬਦਲ ਰਹੀ ਦੁਨੀਆਂ ਵਿੱਚ ਪੱਤਰਕਾਰਾਂ ਨੂੰ ਦਰਪੇਸ਼ ਚੁਣੌਤੀਆਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਸੀਪੀਯੂਜੇ ਪੱਤਰਕਾਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਚੌਥੇ ਥੰਮ੍ਹ ਨੂੰ ਕਈ ਤਰ੍ਹਾਂ ਦੇ ਖਤਰਿਆਂ ਤੋਂ ਬਚਾਉਣ ਲਈ ਕੰਮ ਕਰੇਗੀ। ਇਸ ਮੌਕੇ ਆਈਜੇਯੂ ਦੇ ਸਾਬਕਾ ਪ੍ਰਧਾਨ ਸੁਰੇਸ਼ ਅਖੌਰੀ ਤੇ ਹੋਰ ਮੈਂਬਰ ਵੀ ਹਾਜ਼ਰ ਰਹੇ।

Advertisement

Advertisement
Tags :
Author Image

sukhwinder singh

View all posts

Advertisement
Advertisement
×