Drug Free Punjab: ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਛੇ ਦਿਨਾ ਪੈਦਲ ਯਾਤਰਾ ਕੱਢਣਗੇ ਰਾਜਪਾਲ
ਆਤਿਸ਼ ਗੁਪਤਾ
ਚੰਡੀਗੜ੍ਹ, 31 ਮਾਰਚ
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਛੇ ਦਿਨਾ ਪੈਦਲ ਯਾਤਰਾ ਕੱਢੀ ਜਾਵੇਗੀ। ਇਹ ਯਾਤਰਾ 3 ਅਪਰੈਲ ਨੂੰ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਹੋ ਕੇ 8 ਅਪਰੈਲ ਨੂੰ ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ ਵਿੱਚ ਸਮਾਪਤ ਕੀਤੀ ਜਾਵੇਗੀ। ਸ੍ਰੀ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਕੱਢੀ ਜਾਣ ਵਾਲੀ ਇਸ ਯਾਤਰਾ ਵਿੱਚ ਸ਼ਾਮਿਲ ਹੋਣ ਵਾਸਤੇ ਸਾਰੀਆਂ ਰਾਜਸੀ ਪਾਰਟੀਆਂ, ਵਿਧਾਇਕਾਂ, ਸੰਸਦ ਮੈਂਬਰ ਅਤੇ ਰਾਜ ਸਭਾ ਮੈਂਬਰਾਂ ਨੂੰ ਸੱਦਾ ਦਿੱਤਾ ਗਿਆ ਹੈ। ਨਸ਼ਿਆਂ ਵਿਰੁੱਧ ਕੱਢੀ ਜਾਣ ਵਾਲੀ ਯਾਤਰਾ ਦੇ ਸਮਾਪਤੀ ਸਮਾਰੋਹ ਵਿੱਚ ਸ਼ਾਮਿਲ ਹੋਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਵੀ ਸੱਦਾ ਦਿੱਤਾ ਗਿਆ ਹੈ। ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ ਪੰਜਾਬ ਵਿੱਚ ਹੀ ਨਹੀਂ ਪੂਰੇ ਦੇਸ਼ ਵਿੱਚ ਹੈ ਪਰ ਇਹ ਪੰਜਾਬ ਵਿੱਚ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਜਿਸ ਦੇ ਖਾਤਮੇ ਲਈ ਸਾਰਿਆਂ ਨੂੰ ਇੱਕਜੁੱਟ ਹੋ ਕੇ ਲੜਾਈ ਲੜਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੀ ਸਰਹੱਦੀ ਸੂਬਿਆਂ ਵਿੱਚ ਨਸ਼ਿਆਂ ਦੇ ਖਾਤਮੇ ਲਈ ਬਣਦੀ ਮਦਦ ਕੀਤੀ ਜਾ ਰਹੀ ਹੈ। ਇਸ ਲਈ ਪਹਿਲਾਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਨੌਂ ਡਰੋਨ ਭੇਜੇ ਸਨ ਅਤੇ ਉਸ ਤੋਂ ਬਾਅਦ 22 ਨਵੇਂ ਹੋਰ ਐਂਟਰੀ ਡਰੋਨ ਭੇਜੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬਾਰਡਰ ਡਿਵੈਲਪਮੈਂਟ ਫੰਡ ਪਿਛਲੇ ਲੰਬੇ ਸਮੇਂ ਤੋਂ ਬੰਦ ਹੈ, ਉਸ ਬਾਰੇ ਵੀ ਕੇਂਦਰ ਸਰਕਾਰ ਨਾਲ ਗੱਲ ਕੀਤੀ ਗਈ ਹੈ। ਕੇਂਦਰ ਸਰਕਾਰ ਵੱਲੋਂ ਇਸ ਨੂੰ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਗਿਆ ਹੈ।