ਨਸ਼ਾ ਤਸਕਰ 480 ਗ੍ਰਾਮ ਅਫੀਮ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਸ਼ਾਹਕੋਟ, 5 ਨਵੰਬਰ
ਲੋਹੀਆਂ ਪੁਲੀਸ ਨੇ 480 ਗ੍ਰਾਮ ਅਫੀਮ ਸਮੇਤ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਐੱਸ.ਐੱਸ.ਪੀ. ਜਲੰਧਰ (ਦਿਹਾਤੀ) ਹਰਕਮਲਪ੍ਰੀਤ ਸਿੰਘ ਖੱਖ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮ ਦੀ ਪਛਾਣ ਤਜਿੰਦਰ ਪਾਲ ਸਿੰਘ ਉਰਫ ਤੇਜੀ ਵਾਸੀ ਵਾਰਡ ਨੰਬਰ 7 ਲੋਹੀਆਂ ਖਾਸ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਵੱਲੋਂ ਨਸ਼ੇ ਦੀ ਸਪਲਾਈ ਲਈ ਵਰਤਿਆ ਜਾਂਦਾ ਟੀ.ਵੀ.ਐੱਸ. ਜੁਪੀਟਰ ਸਕੂਟਰ ਵੀ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਮਿਲਣ ਦੇ ਆਧਾਰ ’ਤੇ ਡੀ.ਐੱਸ.ਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਦੀ ਦੇਖ ਰੇਖ ਹੇਠ ਥਾਣਾ ਲੋਹੀਆ ਖਾਸ ਦੇ ਮੁਖੀ ਯਾਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਨਾਕਾ ਲਗਾਇਆ ਸੀ। ਨਾਕੇ ਦੌਰਾਨ ਜਦੋਂ ਉਨ੍ਹਾਂ ਸਕੂਟਰ ਸਵਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਕ ਡੱਬੇ ਵਿੱਚ ਛੁਪਾਈ ਹੋਈ ਅਫੀਮ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਥਾਣਾ ਲੋਹੀਆਂ ਖਾਸ ਵਿੱਚ ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਸਪਲਾਇਰ ਤੇ ਖਰੀਦਦਾਰਾਂ ਸਮੇਤ ਪੂਰੇ ਨੈਟਵਰਕ ਦਾ ਪਰਦਾਫਾਸ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜੋ ਵੀ ਸ਼ਾਮਿਲ ਪਾਇਆ ਗਿਆ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦੋ ਮੁਲਜ਼ਮ 200 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ
ਕਪੂਰਥਲਾ (ਨਿੱਜੀ ਪੱਤਰ ਪ੍ਰੇਰਕ): ਕੋਤਵਾਲੀ ਪੁਲੀਸ ਨੇ ਦੋ ਸੌ ਗਰਾਮ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲੀਸ ਪਾਰਟੀ ਦੌਰਾਨੇ ਗਸ਼ਤ ਕਪੂਰਥਲਾ ਤੋਂ ਕਾਂਜਲੀ ਰਸਤੇ ਜਾ ਰਹੀ ਸੀ ਕਿ ਰਸਤੇ ਵਿੱਚ ਦੋ ਨੌਜਵਾਨ ਮੋਟਰਸਾਈਕਲ ਦੇ ਕੋਲ ਖੜੇ ਸਨ। ਪੁਲੀਸ ਨੂੰ ਦੇਖ ਕੇ ਜਦੋਂ ਉਹ ਭੱਜਣ ਲੱਗੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਡਿੱਗ ਗਿਆ। ਪੁਲੀਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਇਕ ਨੌਜਵਾਨ ਪਾਸੋਂ 150 ਗਰਾਮ ਹੈਰੋਇਨ ਅਤੇ ਦੂਜੇ ਨੌਜਵਾਨ ਪਾਸੋਂ 50 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਤਫ਼ਤੀਸ਼ੀ ਅਫਸਰ ਏਐੱਸਆਈ ਕੇਵਲ ਸਿੰਘ ਨੇ ਦੱਸਿਆ ਕਿ ਕੋਤਵਾਲੀ ਪੁਲੀਸ ਨੇ ਮਾਮਲਾ ਦਰਜ ਕਰਕੇ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸੇ ਦੌਰਾਨ ਸੁਭਾਨਪੁਰ ਪੁਲੀਸ ਨੇ 10 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਤਫ਼ਤੀਸ਼ੀ ਅਫਸਰ ਏਐੱਸਆਈ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਦੀ ਗਸ਼ਤ ਦੌਰਾਨ ਮੁਲਜ਼ਮ ਕੁਲਦੀਪ ਸਿੰਘ ਉਰਫ ਦੀਪੂ ਵਾਸੀ ਆਲਮਪੁਰ ਬਾਕਾ ਥਾਣਾ ਕਰਤਾਰਪੁਰ ਜ਼ਿਲ੍ਹਾ ਜਲੰਧਰ ਨੂੰ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 10 ਗਰਾਮ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਥਾਣਾ ਸੁਭਾਨਪੁਰ ਵਿੱਚ ਕੇਸ ਦਰਜ ਕਰਕੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰ ਲਿਆ।