For the best experience, open
https://m.punjabitribuneonline.com
on your mobile browser.
Advertisement

ਨਸ਼ਾ ਤਸਕਰ 1.07 ਕਰੋੜ ਰੁਪਏ ਦੀ ਡਰੱਗ ਮਨੀ ਸਣੇ ਕਾਬੂ

08:16 AM Jul 29, 2024 IST
ਨਸ਼ਾ ਤਸਕਰ 1 07 ਕਰੋੜ ਰੁਪਏ ਦੀ ਡਰੱਗ ਮਨੀ ਸਣੇ ਕਾਬੂ
ਮੁਲਜ਼ਮ ਤੋਂ ਫੜੀ ਗਈ ਇਕ ਕਰੋੜ ਰੁਪਏ ਦੀ ਰਕਮ। -ਫੋਟੋ: ਪੰਜਾਬੀ ਟਿ੍ਰਬਿਊਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 28 ਜੁਲਾਈ
ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਵਿਦੇਸ਼ ਆਧਾਰਿਤ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ ਅਤੇ ਕਿੰਦਰਬੀਰ ਸਿੰਘ ਉਰਫ਼ ਸੰਨੀ ਦਿਆਲ ਦੇ ਦੋ ਸਾਥੀਆਂ ਨੂੰ 1.07 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਸਣੇ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਦਿਲਬਾਗ ਸਿੰਘ ਵਾਸੀ ਪਿੰਡ ਲੋਹਕਾ, ਤਰਨ ਤਾਰਨ ਅਤੇ ਕਮਲਦੀਪ ਸਿੰਘ ਵਾਸੀ ਪੱਟੀ, ਤਰਨ ਤਾਰਨ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਨੋਟ ਗਿਣਨ ਵਾਲੀ ਮਸ਼ੀਨ, ਦੋ ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਦੀ ਕਾਰ ਜ਼ਬਤ ਕਰ ਲਈ ਹੈ।
ਡੀਜੀਪੀ ਨੇ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਨਸ਼ਾ ਤਸਕਰਾਂ ਦੇ ਦੋ ਸਾਥੀ ਦਿਲਬਾਗ ਸਿੰਘ ਅਤੇ ਕਮਲਦੀਪ ਸਿੰਘ ਨੂੰ ਫਤਿਹਗੜ੍ਹ ਚੂੜੀਆਂ ਰੋਡ, ਅੰਮ੍ਰਿਤਸਰ ਸਥਿਤ ਕਿਰਾਏ ਦੇ ਮਕਾਨ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਮੁਲਜ਼ਮ ਇਨਕ੍ਰਿਪਟਡ ਸੋਸ਼ਲ ਮੀਡੀਆ ਪਲੈਟਫਾਰਮਾਂ ਰਾਹੀਂ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਦੇ ਲਗਾਤਾਰ ਸੰਪਰਕ ਵਿੱਚ ਸੀ ਅਤੇ ਇਕੱਠੀ ਕੀਤੀ ਇੱਕ ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਉਨ੍ਹਾਂ ਨੂੰ ਹਵਾਲਾ ਰੂਟ ਰਾਹੀਂ ਭੇਜਣੀ ਸੀ। ਉਨ੍ਹਾਂ ਕਿਹਾ ਕਿ ਗੁਰਜੰਟ ਭੋਲੂ ਅਤੇ ਸੰਨੀ ਦਿਆਲ ਦੋਵੇਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹਨ। ਪੁਲੀਸ ਨੇ ਐੱਨਡੀਪੀਐੱਸ ਐਕਟ ਦੀ ਧਾਰਾ 21, 25, 27-ਏ ਅਤੇ 29, ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐੱਨਐੱਸ) ਦੀ ਧਾਰਾ 111 ਅਤੇ 61 (2) ਤਹਿਤ ਪੁਲੀਸ ਸਟੇਸ਼ਨ ਸਟੇਟ ਸਪੈਸ਼ਲ ਅਪ੍ਰੇਸ਼ਨ ਸੈੱਲ (ਐੱਸਐੱਸਓਸੀ), ਅੰਮ੍ਰਿਤਸਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲੀਸ ਰਿਮਾਂਡ ਲਿਆ ਜਾਵੇਗਾ।

Advertisement

ਕਾਰ ਸਵਾਰਾਂ ਕੋਲੋਂ 1.77 ਕਰੋੜ ਰੁਪਏ ਬਰਾਮਦ

ਪਟਿਆਲਾ (ਪੱਤਰ ਪ੍ਰੇਰਕ): ਇੱਥੇ ਸ਼ੰਭੂ ਥਾਣਾ ਪੁਲੀਸ ਨੇ ਐੱਸਐੱਸਪੀ ਵਰੁਣ ਸ਼ਰਮਾ ਦੇ ਹੁਕਮਾਂ ਤਹਿਤ ਨਾਕੇਬੰਦੀ ਦੌਰਾਨ ਅੱਜ ਇੱਕ ਐੱਸਯੂਵੀ ਗੱਡੀ ਵਿੱਚੋਂ ਕਰੀਬ 1.77 ਕਰੋੜ ਰੁਪਏ ਬਰਾਮਦ ਕੀਤੇ ਹਨ। ਸ਼ੰਭੂ ਥਾਣਾ ਇੰਚਾਰਜ ਅਮਨਪਾਲ ਸਿੰਘ ਵਿਰਕ ਨੇ ਦੱਸਿਆ ਕਿ ਅੰਬਾਲਾ-ਰਾਜਪੁਰਾ ਰੋਡ ’ਤੇ ਪਿੰਡ ਮਹਿਤਾਬਗੜ੍ਹ ਨੇੜੇ ਗੱਡੀ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ 1,77,17,000 ਰੁਪਏ ਦੀ ਨਕਦੀ ਬਰਾਮਦ ਹੋਈ। ਡਰਾਈਵਰ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਲਾਨੀ ਥਾਣਾ ਅਮਲੋਹ ਅਤੇ ਉਸ ਦੇ ਨਾਲ ਦੀ ਸੀਟ ’ਤੇ ਬੈਠੇ ਵਿਅਕਤੀ ਦੀ ਪਛਾਣ ਬਲਦੇਵ ਸਿੰਘ ਪਿੰਡ ਜਸੜਾ ਥਾਣਾ ਗੋਬਿੰਦਗੜ੍ਹ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਜੋਂ ਹੋਈ। ਪੁਲੀਸ ਨੇ ਲੋੜੀਂਦੀ ਕਾਰਵਾਈ ਲਈ ਇਨਕਮ ਟੈਕਸ ਇਨਵੈਸਟੀਗੇਸ਼ਨ ਵਿੰਗ ਪਟਿਆਲਾ ਨੂੰ ਮੌਕੇ ’ਤੇ ਸੱਦਿਆ ਅਤੇ ਮੁਲਜ਼ਮਾਂ ਸਣੇ ਬਰਾਮਦ ਕੀਤੀ ਗਈ ਨਕਦੀ ਵਿਭਾਗ ਦੀ ਟੀਮ ਨੂੰ ਸੌਂਪ ਦਿੱਤੀ। ਆਮਦਨ ਕਰ ਵਿਭਾਗ ਦੇ ਅਧਿਕਾਰੀਆਂ ਨੇ ਨਕਦੀ ਜ਼ਬਤ ਕਰ ਕੇ ਮੁਲਜ਼ਮ ਗੁਰਪ੍ਰੀਤ ਸਿੰਘ ਤੇ ਬਲਦੇਵ ਸਿੰਘ ਨੂੰ ਨੋਟਿਸ ਜਾਰੀ ਕਰਕੇ ਛੱਡ ਦਿੱਤਾ।

Advertisement

Advertisement
Author Image

sukhwinder singh

View all posts

Advertisement