ਭੋਰਸੀ ਰਾਜਪੂਤਾਂ ਵਿੱਚ ਨਸ਼ਾ ਤਸਕਰ ਦਾ ਘਰ ਢਾਹਿਆ
ਦਵਿੰਦਰ ਸਿੰਘ ਭੰਗੂ
ਰਈਆ, 29 ਮਾਰਚ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਡੱਕਣ ਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣ ਵਿੱਚ ਫੈਸਲਾਕੁਨ ਸਾਬਤ ਹੋਵੇਗੀ ਅਤੇ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ’ਤੇ ਰਹਿਣ ਨਹੀਂ ਦਿੱਤਾ ਜਾਵੇਗਾ। ਇਹ ਸਬਦ ਐੱਸ ਐੱਸ ਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਪਿੰਡ ਭੋਰਸੀ ਰਾਜਪੂਤਾਂ ਵਿਚ ਇੱਕ ਨਸ਼ਾ ਤਸਕਰ ਦੇ ਪੰਚਾਇਤੀ ਜ਼ਮੀਨ ’ਤੇ ਨਾਜਾਇਜ਼ ਢੰਗ ਨਾਲ ਉਸਾਰੇ ਗਏ ਮਕਾਨ ਨੂੰ ਢਾਹੁਣ ਸਬੰਧੀ ਹੋਈ ਕਾਰਵਾਈ ਦੌਰਾਨ ਕਹੇ। ਉਨ੍ਹਾਂ ਕਿਹਾ ਕਿ ਪੁਲੀਸ ਕਿਸੇ ਵੀ ਨਾਗਰਿਕ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਕਰੇਗੀ ਪ੍ਰੰਤੂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਵਿੱਚ ਕਿਸੇ ਕਿਸਮ ਦਾ ਸਮਝੌਤਾ ਵੀ ਨਹੀਂ ਕੀਤਾ ਜਾਵੇਗਾ। ਪਿੰਡ ਭੋਰਸੀ ਰਾਜਪੂਤਾਂ ਵਾਸੀ ਜੇਠਾ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ ਤੇ ਪੁੱਤਰ ਸੁਖਜਿੰਦਰ ਸਿੰਘ, ਬਲਜਿੰਦਰ ਸਿੰਘ ਤੇ ਰਣਜੋਧ ਸਿੰਘ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਅਸਲਾ ਐਕਟ, ਐਨ ਡੀ ਪੀ ਐਸ ਐਕਟ, ਐਕਸਾਈਜ਼ ਐਕਟ ਸਮੇਤ 35 ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਨ੍ਹਾਂ ਦੀ ਹਰ ਹਾਲ ਮਦਦ ਕੀਤੀ ਜਾਵੇਗੀ।
ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ।