ਨਸ਼ਾ ਤਸਕਰਾਂ ਨੂੰ ਧੰਦਾ ਜਾਂ ਪੰਜਾਬ ’ਚੋਂ ਇੱਕ ਛੱਡਣਾ ਪੈਣਾ: ਬਲਬੀਰ ਸਿੰਘ
ਸ਼ਗਨ ਕਟਾਰੀਆ
ਬਠਿੰਡਾ, 7 ਮਾਰਚ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਆਖਿਆ, ‘ਜਾਂ ਤਾਂ ਉਹ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਅਸੀਂ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ ਜਵਾਨੀ ਨੂੰ ਗ਼ਲਤ ਰਾਹ ’ਤੇ ਲਿਜਾਣ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।’ ਇੱਥੇ ਸਰਕਾਰੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨ ਆਏ ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਬਿਲਡਿੰਗਾਂ ਨੂੰ ਢਾਹਿਆ ਜਾਵੇਗਾ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਮਾਜ ਦੇ ਹਰ ਵਰਗ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਘਰ ਦਾ ਕੋਈ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ, ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਜਾਵੇ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਦੇ ਬਾਹਰ ਨਸ਼ੀਲੀਆਂ ਗੋਲੀਆਂ ਵਿਕਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ, ਤਾਂ ਸਬੰਧਤ ਕੇਂਦਰ ਦੇ ਪ੍ਰਬੰਧਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਪ੍ਰਾਈਵੇਟ ਨਸ਼ਾ ਛੁਡਵਾਊ ਕੇਂਦਰਾਂ ਦੇ ਪ੍ਰਬੰਧਕਾਂ ਤੋਂ ਮਨੋਰੋਗ ਮਾਹਿਰ ਡਾਕਟਰਾਂ ਸਬੰਧੀ ਵੀ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੜ ਵਸੇਬਾ ਕੇਂਦਰ ’ਚ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਕਿੱਤਾ ਮੁਖੀ ਕੋਰਸਾਂ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਆ। ਉਨ੍ਹਾਂ ਸੈਂਟਰ ਵਿੱਚ ਬਣੇ ਜਿੰਮ ਦਾ ਵੀ ਨਿਰੀਖ਼ਣ ਕੀਤਾ। ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਤੇ ਮਾਸਟਰ ਜਗਸੀਰ ਸਿੰਘ, ਡੀਸੀ ਸ਼ੌਕਤ ਅਹਿਮਦ ਪਰੇ, ਐੱਸਐੱਸਪੀ ਅਮਨੀਤ ਕੌਂਡਲ, ਕਾਰਜਕਾਰੀ ਸਿਵਲ ਸਰਜਨ ਡਾ. ਨਵਦੀਪ ਕੌਰ ਸਰਾ, ਨੀਲ ਗਰਗ, ਨਵਦੀਪ ਜੀਦਾ, ਅਨਿਲ ਠਾਕੁਰ ਤੇ ਹੋਰ ਹਾਜ਼ਰ ਸਨ।
ਹਰ ਪਿੰਡ ’ਚ ਬਣੇਗੀ 15 ਮੈਂਬਰੀ ਕਮੇਟੀ: ਸਿਹਤ ਮੰਤਰੀ
ਬਰਨਾਲਾ (ਪਰਸ਼ੋਤਮ ਬੱਲੀ): ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਆਖਿਆ ਕਿ ਨਸ਼ਿਆਂ ਦੇ ਖਾਤਮੇ ਲਈ ਹਰ ਪਿੰਡ ਵਿੱਚ 15 ਮੈਂਬਰੀ ਸਿਹਤ ਕਮੇਟੀ ਤੇ ਹਰ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕ ਵਿੱਚ ‘ਸਪੋਰਟ ਗਰੁੱਪ’ ਬਣਾਏ ਜਾਣਗੇ। ਉਨ੍ਹਾਂ ਅੱਜ ਬਰਨਾਲਾ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਔਰਤਾਂ ਲਈ ਵੱਖਰੇ ਵਾਰਡ ਬਣਾਏ ਜਾਣਗੇ ਤੇ ਉਨ੍ਹਾਂ ਦਾ ਸਨਮਾਨ ਸਹਿਤ ਇਲਾਜ ਕਰ ਕੇ ਨਸ਼ਾ ਛੁਡਵਾਇਆ ਜਾਵੇਗਾ। ਉਨ੍ਹਾਂ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਆੜ ਹੇਠ ਨਸ਼ਿਆਂ ਦਾ ਕਾਰੋਬਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਲਾਭ ਸਿੰਘ ਉੱਗੋਕੇ, ਰਾਮ ਤੀਰਥ ਮੰਨਾ, ਡਿਪਟੀ ਕਮਿਸ਼ਨਰ ਟੀ ਬੈਨਿਥ, ਜ਼ਿਲ੍ਹਾ ਪੁਲੀਸ ਮੁਖੀ ਮੁਹੰਮਦ ਸਰਫ਼ਰਾਜ਼ ਆਲਮ, ਐੱਸ ਪੀ ਸੌਰਭ ਜਿੰਦਲ ਤੇ ਹੋਰ ਹਾਜ਼ਰ ਸਨ। ਇਸੇ ਦੌਰਾਨ ਸਿਵਲ ਹਸਪਤਾਲ ਬਰਨਾਲਾ ਦੌਰੇ ’ਤੇ ਪੁੱਜੇ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਨੂੰ ਸਿਵਲ ਹਸਪਤਾਲ ਬਚਾਓ ਕਮੇਟੀ ਦਾ ਵਫ਼ਦ ਕਨਵੀਨਰ ਪ੍ਰੇਮ ਕੁਮਾਰ ਦੀ ਅਗਵਾਈ ਹੇਠ ਮਿਲਿਆ। ਵਫ਼ਦ ਵੱਲੋਂ ਉਠਾਈਆਂ ਗਈਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਦੇ ਸਕੱਤਰ ਸੋਹਣ ਸਿੰਘ ਮਾਝੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਬਣਨ ਸਮੇਂ ਤੋਂ ਸਿਵਲ ਹਸਪਤਾਲ ਵਿੱਚ ਬਣੀ ਬੱਚਿਆਂ ਦੀ ਨਰਸਰੀ ਨਰਸਿੰਗ ਸਟਾਫ਼ ਦੀ ਵੱਡੀ ਘਾਟ ਕਾਰਨ ਬੰਦ ਪਈ ਹੈ। ਆਗੂ ਨਰਾਇਣ ਦੱਤ, ਖ਼ੁਸ਼ੀਆ ਸਿੰਘ, ਗੁਰਪ੍ਰੀਤ ਰੂੜੇਕੇ, ਹਰਚਰਨ ਚਹਿਲ ਤੇ ਡਾ. ਰਜਿੰਦਰ ਪਾਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਖਾਲੀ ਪਈਆਂ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਚੌਥਾ ਦਰਜਾ ਕਰਮਚਾਰੀਆਂ ਦੀਆਂ ਪੋਸਟਾਂ ਭਰਨ ਦੀ ਥਾਂ ਨਿੱਜੀਕਰਨ ਕਰਨ ਦੇ ਰਾਹ ਪੈ ਗਈ ਹੈ। ਇਸ ਲੋਕ ਵਿਰੋਧੀ ਨੀਤੀ ਨੂੰ ਕਦਾਚਿੱਤ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਿਹਤ ਮੰਤਰੀ ਨੂੰ ਮਿਲਣ ਉਪਰੰਤ ਆਗੂਆਂ ਨੇ ਕਿਹਾ ਕਿ ਜੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਕੀਤਾ ਜਾਵੇਗਾ।