ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਾ ਤਸਕਰਾਂ ਨੇ ਤਿੰਨ ਨੌਜਵਾਨਾਂ ’ਤੇ ਚੜ੍ਹਾਈ ਕਾਰ; ਇੱਕ ਦੀ ਮੌਤ

07:05 AM Aug 18, 2024 IST
ਕੁਲਵਿੰਦਰ ਿਸੰਘ (ਇਨਸੈੱਟ) ਦੀ ਮੌਤ ਮਗਰੋਂ ਧਰਨਾ ਦੇ ਰਹੇ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਡੀਐੱਸਪੀ ਤਰਲੋਚਨ ਸਿੰਘ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 17 ਅਗਸਤ
ਪਿੰਡ ਖੇੜਾ-ਚਕਲੀ ਮੰਗਾ ਰੋਡ ’ਤੇ ਲੰਘੀ ਰਾਤ ਨਸ਼ਾ ਤਸਕਰਾਂ ਨੇ ਮੋਟਰਸਾਈਕਲ ’ਤੇ ਜਾਂਦੇ 3 ਨੌਜਵਾਨਾਂ ਨੂੰ ਗੱਡੀ ਹੇਠਾਂ ਦਰੜ ਦਿੱਤਾ। ਜ਼ਖ਼ਮੀ ਨੌਜਵਾਨਾਂ ’ਚੋਂ ਇੱਕ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨ ਸੋਹਣ ਸਿੰਘ ਤੇ ਮਨਮੋਹਣ ਸਿੰਘ ਜ਼ਖ਼ਮੀ ਹੋ ਗਏ। ਮਾਛੀਵਾੜਾ ਪੁਲੀਸ ਨੇ ਇਸ ਮਾਮਲੇ ’ਚ ਮਲਕੀਤ ਰਾਮ ਉਰਫ਼ ਮੰਤਰੀ, ਸੋਨੂੰ ਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੁਲਵਿੰਦਰ ਸਿੰਘ ਨੂੰ ਫੋਨ ਆਇਆ ਕਿ ਉਸ ਦੇ ਇੱਕ ਰਿਸ਼ਤੇਦਾਰ ਦੀ ਕਾਰ ਖ਼ਰਾਬ ਹੋ ਗਈ ਹੈ। ਉਹ ਮੋਟਰਸਾਈਕਲ ’ਤੇ ਸੋਹਣ ਸਿੰਘ ਤੇ ਮਨਮੋਹਣ ਸਿੰਘ ਨਾਲ ਪਿੰਡ ਚਕਲੀ ਮੰਗਾ ਵੱਲ ਨੂੰ ਚਲਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪਿੰਡ ਚਕਲੀ ਮੰਗਾ ਦਾ ਮਲਕੀਤ ਸਿੰਘ ਉਰਫ਼ ਮੰਤਰੀ ਤੇ ਸੋਨੂੰ (ਦੋਵੇਂ ਭਰਾ) ਨਸ਼ਾ ਵੇਚਣ ਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਨਾਲ ਕੁਲਵਿੰਦਰ ਸਿੰਘ ਦੀ ਕੋਈ ਤਕਰਾਰਬਾਜ਼ੀ ਹੋ ਗਈ ਸੀ। ਪਹਿਲਾਂ ਵੀ ਪਿੰਡ ਵਾਲੇ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਦੇ ਸਨ। ਕੁਲਵਿੰਦਰ ਸਿੰਘ ਆਪਣੇ ਸਾਥੀਆਂ ਨਾਲ ਚਕਲੀ ਮੰਗਾਂ ਤੋਂ ਵਾਪਸ ਖੇੜਾ ਜਾ ਰਿਹਾ ਸੀ ਤਾਂ ਮਲਕੀਤ ਸਿੰਘ ਉਰਫ਼ ਮੰਤਰੀ, ਉਸ ਦੇ ਭਰਾ ਸੋਨੂੰ ਅਤੇ ਕੁਝ ਹੋਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਨੂੰ ਮਾਰ ਦੇਣ ਦੀ ਨੀਅਤ ਨਾਲ ਕਾਰ ਕੁਲਵਿੰਦਰ ਸਿੰਘ ਤੇ ਉਸ ਦੇ ਸਾਥੀਆਂ ’ਤੇ ਚੜ੍ਹਾ ਦਿੱਤੀ ਜਿਸ ਕਾਰਨ ਉਹ ਜ਼ਖ਼ਮੀ ਹੋ ਕੇ ਸੜਕ ’ਤੇ ਡਿੱਗ ਗਏ। ਮੁਲਜ਼ਮਾਂ ਨੇ ਆਪਣੀ ਕਾਰ ਵਾਰ-ਵਾਰ ਪੀੜਤਾਂ ’ਤੇ ਚੜ੍ਹਾਈ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਏ। ਜ਼ਖ਼ਮੀਆਂ ਨੂੰ ਹਸਪਤਾਲ ਲਿਆਂਦਾ ਗਿਆ ਜਿਥੇ ਡਾਕਟਰਾਂ ਨੇ ਕੁਲਵਿੰਦਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਵਿਚ ਜ਼ੇਰੇ ਇਲਾਜ ਸੋਹਣ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਨੇ ਉਨ੍ਹਾਂ ’ਤੇ ਗੱਡੀ ਚੜ੍ਹਾਈ ਹੈ ਉਹ ਨਸ਼ਾ ਵੇਚਣ ਤੇ ਕਰਨ ਦੇ ਆਦੀ ਹਨ। ਮਾਛੀਵਾੜਾ ਥਾਣੇ ਵਿੱਚ ਮਲਕੀਤ ਸਿੰਘ ਉਰਫ਼ ਮੰਤਰੀ ਨਾਮ ਵਾਸੀ ਪਿੰਡ ਚਕਲੀ ਮੰਗਾ ਖ਼ਿਲਾਫ਼ ਪਹਿਲਾਂ ਵੀ ਨਸ਼ੇ ਦੇ ਕੇਸ ਦਰਜ ਹਨ। ਕੁਲਵਿੰਦਰ ਸਿੰਘ(ਮ੍ਰਿਤਕ) ਵਿਆਹਿਆ ਹੋਇਆ ਸੀ। ਉਸ ਦੇ ਦੋ ਬੱਚੇ ਹਨ। ਕੁਲਵਿੰਦਰ ਸਮਰਾਲਾ ’ਚ ਇੱਕ ਪ੍ਰਾਈਵੇਟ ਬੈਂਕ ਵਿੱਚ ਮੈਨੇਜਰ ਸੀ। ਪੁਲੀਸ ਨੇ ਕੁਲਵਿੰਦਰ ਦੀ ਲਾਸ਼ ਪੋਸਟਮਾਰਟਮ ਲਈ ਭਿਜਵਾ ਦਿੱਤੀ ਹੈ। ਹਾਦਸੇ ਦੇ ਜ਼ਖ਼ਮੀਆਂ ਨੂੰ ਪੀਜੀਆਈ ਰੈੱਫ਼ਰ ਕੀਤਾ ਗਿਆ ਹੈ।
ਮਾਛੀਵਾੜਾ ਪੁਲੀਸ ਨੇ ਮ੍ਰਿਤਕ ਕੁਲਵਿੰਦਰ ਸਿੰਘ ਦੇ ਪਿਤਾ ਲਖਵੀਰ ਸਿੰਘ ਦੇ ਬਿਆਨਾਂ ’ਤੇ ਮਲਕੀਤ ਰਾਮ ਉਰਫ਼ ਮੰਤਰੀ, ਸੋਨੂੰ ਅਤੇ ਦੋ ਹੋਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕਤਲ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਹਨ।

Advertisement

ਪਿੰਡ ਵਾਸੀਆਂ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਧਰਨਾ

ਕੁਲਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਲਈ ਮਾਛੀਵਾੜਾ ਥਾਣੇ ਅੱਗੇ ਧਰਨਾ ਦਿੱਤਾ ਤੇ ਦੋ ਘੰਟੇ ਸੜਕ ’ਤੇ ਜਾਮ ਲਾਈ ਰੱਖਿਆ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਲੜਕੇ ਕੁਲਵਿੰਦਰ ਸਿੰਘ ਦਾ ਕਤਲ ਕੀਤਾ ਗਿਆ ਹੈ ਅਤੇ ਨਸ਼ਾ ਤਸਕਰ ਬੇਖ਼ੌਫ਼ ਘੁੰਮ ਰਹੇ ਹਨ। ਮੌਕੇ ’ਤੇ ਪੁੱਜੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਅਕਾਲੀ ਆਗੂ ਪਰਮਜੀਤ ਸਿੰਘ ਢਿੱਲੋਂ, ਡੀਐੱਸਪੀ ਸਮਰਾਲਾ ਤਰਲੋਚਨ ਸਿੰਘ, ਜਥੇਦਾਰ ਮਨਮੋਹਣ ਸਿੰਘ ਖੇੜਾ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਬਲਾਕ ਸਮਿਤੀ ਮੈਂਬਰ ਹਰਜੋਤ ਸਿੰਘ ਮਾਂਗਟ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਇਆ ਹੈ। ਵਿਧਾਇਕ ਦਿਆਲਪੁਰਾ ਨੇ ਪੁਲੀਸ ਨੂੰ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਕੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਡੀਐੱਸਪੀ ਤਰਲੋਚਨ ਸਿੰਘ ਨੇ ਧਰਨੇ ’ਤੇ ਬੈਠੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨਗੇ। ਪਰਿਵਾਰਕ ਮੈਂਬਰਾਂ ਨੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ’ਤੇ ਉਨ੍ਹਾਂ ਨਾਲ ਬਦਸਲੂਕੀ ਕਰਨ ਦਾ ਦੋਸ਼ ਲਾਇਆ। ਡੀਐੱਸਪੀ ਤਰਲੋਚਨ ਸਿੰਘ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਬਦਸਲੂਕੀ ਕਰਨ ਵਾਲਾ ਸਹਾਇਕ ਥਾਣੇਦਾਰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

Advertisement
Advertisement