ਸਿਆਸੀ ਆਗੂਆਂ ਦੀ ਸਰਪ੍ਰਸਤੀ ਹੇਠ ਵਿਕ ਰਿਹੈ ਨਸ਼ਾ: ਚੰਨੀ
ਸਰਬਜੀਤ ਗਿੱਲ
ਫਿਲੌਰ, 14 ਮਈ
ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਫਿਲੌਰ ਵਿੱਚ ਫੜੇ ਗਏ ਨਸ਼ੀਲੇ ਪਦਾਰਥਾਂ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਕਥਿਤ ਸ਼ਮੂਲੀਅਤ ਹੈ, ਜਿਸ ਦੀ ਨਿਰਪੱਖ ਜਾਂਚ ਕਰਨ ’ਤੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਚਰਨਜੀਤ ਸਿੰਘ ਚੰਨੀ ਅੱਜ ਵਿਧਾਨ ਸਭਾ ਹਲਕਾ ਫਿਲੌਰ ਦਾ ਦੌਰਾ ਕਰਨ ਆਏ ਹੋਏ ਸਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਚੋਣ ਮੀਟਿੰਗਾਂ ਕਰਕੇ ਲੋਕਾਂ ਨੂੰ ਕਾਂਗਰਸ ਪਾਰਟੀ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਵੀ ਕੀਤੀ।
ਚਰਨਜੀਤ ਸਿੰਘ ਚੰਨੀ ਨੇ ਇੱਕ ਤਸਵੀਰ ਦਿਖਾਉਂਦੇ ਹੋਏ ਦੋਸ਼ ਲਗਾਇਆ ਕਿ ਇੱਥੇ ਨਸ਼ੇ ਦੀ ਤਸਕਰੀ ਵਿੱਚ ਸਿਆਸੀ ਆਗੂਆਂ ਦੀ ਸਰਪ੍ਰਸਤੀ ਹੈ ਅਤੇ ਜਵਾਨੀ ਨੂੰ ਖ਼ਤਮ ਕਰਨ ਤੇ ਆਪਣੇ ਖ਼ਜ਼ਾਨੇ ਭਰਨ ਲਈ ਰਾਜਨੀਤਕ ਨੇਤਾਵਾਂ ਨੇ ਨਸ਼ੇ ਦੇ ਕਾਰੋਬਾਰ ਵਿੱਚ ਆਪਣੇ ਪੈਰ ਪਸਾਰੇ ਹਨ। ਇਸ ਮੌਕੇ ਉਨ੍ਹਾਂ ਜਲੰਧਰ ਦੇ ਲੋਕਾਂ ਨੂੰ ਨਸ਼ਾ ਖਤਮ ਕਰਨ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਹ ਲੋਕਾਂ ਦਾ ਭਰੋਸਾ ਨਹੀਂ ਤੋੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਅੱਜ ਨਸ਼ੇ ਵਰਗੀ ਅਲਾਮਤ ਨੂੰ ਖ਼ਤਮ ਕਰਨ ਬਹੁਤ ਜ਼ਰੂਰੀ ਹੈ ਤੇ ਉਹ ਇਸ ਅਲਾਮਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਕੰਮ ਕਰਨਗੇ।
ਅੱਜ ਦੀਆਂ ਮੀਟਿੰਗਾਂ ਦੌਰਾਨ ਚੰਨੀ ਨੇ ਕਿਹਾ ਕਿ ਫਿਲੌਰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ ਤੇ ਇਥੇ ਵੀ ਯੋਜਨਾਬੱਧ ਤਰੀਕੇ ਨਾਲ ਸਰਵਪੱਖੀ ਵਿਕਾਸ ਕੀਤਾ ਜਾਵੇਗਾ।
ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਈ ਯੋਜਨਾਵਾਂ ਤਹਿਤ ਨਵੇਂ ਪ੍ਰਾਜੈਕਟ ਲਿਆਂਦੇ ਜਾ ਸਕਦੇ ਹਨ ਤੇ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਇੱਥੇ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾਣ।
‘ਆਪ’ ਦੀ ਮਹਿਲਾ ਕੌਂਸਲਰ ਕਾਂਗਰਸ ਵਿੱਚ ਸ਼ਾਮਲ
ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਕਰਤਾਰਪੁਰ ਦੇ ਵਾਰਡ ਨੰਬਰ ਇੱਕ ਦੀ ਕੌਂਸਲਰ ਬਲਜਿੰਦਰ ਕੌਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ। ਜਲੰਧਰ ਤੋਂ ਲੋਕ ਸਭਾ ਲਈ ਕਾਂਗਰਸ ਦੇ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੌਂਸਲਰ ਬਲਜਿੰਦਰ ਕੌਰ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ। ਇਸ ਮੌਕੇ ਜ਼ਿਲ੍ਹਾ ਮਹਿਲਾ ਕਾਂਗਰਸ ਦਿਹਾਤੀ ਦੀ ਪ੍ਰਧਾਨ ਰੇਨੂ ਤੇ ਜਨਰਲ ਸਕੱਤਰ ਜੋਤੀ ਬੱਗਾ ਮੌਜੂਦ ਸਨ।