For the best experience, open
https://m.punjabitribuneonline.com
on your mobile browser.
Advertisement

ਹਾਈ ਕੋਰਟ ਵੱਲੋਂ ਡੀਐੱਸਪੀ ਗੁਰਸ਼ੇਰ ਸੰਧੂ ਨੂੰ ਰਾਹਤ

07:48 AM Jul 30, 2024 IST
ਹਾਈ ਕੋਰਟ ਵੱਲੋਂ ਡੀਐੱਸਪੀ ਗੁਰਸ਼ੇਰ ਸੰਧੂ ਨੂੰ ਰਾਹਤ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 29 ਜੁਲਾਈ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮੁਹਾਲੀ ਦੇ ਡੀਐੱਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਵੱਡੀ ਰਾਹਤ ਦਿੰਦਿਆਂ ਜ਼ਿਲ੍ਹਾ ਅਦਾਲਤ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ, ਜਿਨ੍ਹਾਂ ਵਿੱਚ ਡੀਐੱਸਪੀ ਸੰਧੂ ਦੀ ਜਾਂਚ ਨੂੰ ਸ਼ੱਕੀ ਦੱਸਿਆ ਗਿਆ ਸੀ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਜ਼ਿਲ੍ਹਾ ਅਦਾਲਤ ਨੇ ਡੀਐੱਸਪੀ ਸੰਧੂ ਵੱਲੋਂ ਇਮੀਗ੍ਰੇਸ਼ਨ ਧੋਖਾਧੜੀ ਦੇ ਦੋ ਮਾਮਲਿਆਂ ਵਿੱਚ ਕੀਤੀ ਜਾਂਚ ਨੂੰ ਕਥਿਤ ਤੌਰ ’ਤੇ ਸ਼ੱਕੀ ਦੱਸਦਿਆਂ ਇਨ੍ਹਾਂ ਦੋਵੇਂ ਮਾਮਲਿਆਂ ਦੀ ਨਵੇਂ ਸਿਰਿਓਂ ਨਿਰਪੱਖ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਸਨ। ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਜੱਜ ਹਰਸਿਮਰਨਜੀਤ ਸਿੰਘ ਦੀ ਅਦਾਲਤ ਨੇ ਇੱਕ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਹਦਾਇਤ ਕੀਤੀ ਸੀ ਕਿ ਇਨ੍ਹਾਂ ਮਾਮਲਿਆਂ ਦੀ ਜਾਂਚ ਕਿਸੇ ਸੀਨੀਅਰ ਆਈਪੀਐੱਸ ਅਧਿਕਾਰੀ ਤੋਂ ਕਰਵਾਈ ਜਾਵੇ। ਇਨ੍ਹਾਂ ਵਿੱਚੋਂ ਇੱਕ ਕੇਸ ਸੋਹਾਣਾ ਥਾਣੇ ਅਤੇ ਦੂਜਾ ਕੇਸ ਖਰੜ ਸਦਰ ਥਾਣੇ ਨਾਲ ਸਬੰਧਤ ਹੈ, ਇਹ ਦੋਵੇਂ ਮਾਮਲੇ ਪਿਛਲੇ ਸਾਲ ਦੇ ਹਨ।
ਡੀਐੱਸਪੀ ਸੰਧੂ ਨੇ ਇਨਸਾਫ਼ ਲਈ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਉੱਚ ਅਦਾਲਤ ਦੇ ਧਿਆਨ ਵਿੱਚ ਲਿਆਂਦਾ ਕਿ ਦੋਵੇਂ ਮਾਮਲਿਆਂ ਦੀ ਪੜਤਾਲ ਤੱਥਾਂ ਦੇ ਆਧਾਰ ’ਤੇ ਕੀਤੀ ਗਈ ਸੀ। ਉੱਚ ਅਦਾਲਤ ਨੇ ਡੀਐੱਸਪੀ ਸੰਧੂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਮੁਹਾਲੀ ਅਦਾਲਤ ਦੇ ਹੁਕਮਾਂ ’ਤੇ ਸਟੇਅ ਆਰਡਰ ਜਾਰੀ ਕਰ ਕੇ ਮਾਮਲੇ ਦੀ ਸੁਣਵਾਈ ਲਈ ਅਗਲੀ ਤਰੀਕ 25 ਅਕਤੂਬਰ ਨਿਰਧਾਰਤ ਕੀਤੀ ਹੈ।
ਮੁਹਾਲੀ ਅਦਾਲਤ ਨੇ ਕਿਹਾ ਸੀ ਕਿ ਦੋ ਇਮੀਗ੍ਰੇਸ਼ਨ ਮਾਮਲਿਆਂ ਵਿੱਚ ਡੀਐੱਸਪੀ ਸੰਧੂ ਵੱਲੋਂ ਕੀਤੀ ਗਈ ਪੜਤਾਲ ਸ਼ੱਕੀ ਜਾਪਦੀ ਹੈ। ਇਸ ਲਈ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਜ਼ਰੂਰੀ ਹੈ। ਇਸ ਮਾਮਲੇ ਵਿੱਚ ਪੀੜਤਾਂ ਵੱਲੋਂ ਡੀਐੱਸਪੀ ਦੀ ਜਾਂਚ ਨੂੰ ਸ਼ੱਕੀ ਦੱਸਦਿਆਂ ਮੁਹਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ।

Advertisement

Advertisement
Advertisement
Author Image

joginder kumar

View all posts

Advertisement