ਡੀਟੀਐੱਫ ਤੇ ਸਾਂਝੇ ਅਧਿਆਪਕ ਮੋਰਚੇ ਵੱਲੋਂ ‘ਸੰਧਵਾਂ’ ਦੇ ਘਰ ਵੱਲ ਰੋਸ ਮਾਰਚ ਦਾ ਐਲਾਨ
ਕੁਲਦੀਪ ਸਿੰਘ
ਚੰਡੀਗੜ੍ਹ, 6 ਜਨਵਰੀ
ਡੈਮੋਕ੍ਰੈਟਿਕ ਟੀਚਰਜ਼ ਫਰੰਟ ਅਤੇ ਸਾਂਝੇ ਅਧਿਆਪਕ ਮੋਰਚੇ ਵੱਲੋਂ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ 11 ਜਨਵਰੀ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਵੱਲ ਰੋਸ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ। ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਅਤੇ ਸੂਬਾ ਸਕੱਤਰ ਬਲਬੀਰ ਲੌਂਗੋਵਾਲ ਸਣੇ ਸਾਂਝੇ ਅਧਿਆਪਕ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਈਟੀਟੀ ਕਾਡਰ ਤੋਂ ਮਾਸਟਰ, ਮਾਸਟਰ ਕਾਡਰ ਤੋਂ ਲੈਕਚਰਾਰ ਅਤੇ ਪੀਟੀਆਈ ਤੋਂ ਡੀਪੀਈ ਦੀ ਤਰੱਕੀ ਤੋਂ ਵਾਂਝੇ ਅਧਿਆਪਕਾਂ ਨੂੰ ਲੰਬੀ ਉਡੀਕ ਅਤੇ ਖੱਜਲਖ਼ੁਆਰੀ ਤੋਂ ਬਾਅਦ ਤਰੱਕੀ ਦੇਣ ਸਮੇਂ ਸਿੱਖਿਆ ਵਿਭਾਗ ਦੀ ਅਫ਼ਸਰਸ਼ਾਹੀ ਵੱਲੋਂ ਧੱਕੇ ਨਾਲ ਇਨ੍ਹਾਂ ਅਧਿਆਪਕਾਂ ਨੂੰ ਆਪਣੇ ਪਿੱਤਰੀ ਜ਼ਿਲ੍ਹਿਆਂ ਤੋਂ ਦੂਰ ਦੁਰਾਡੇ ਸਟੇਸ਼ਨਾਂ ’ਤੇ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਆਗੂਆਂ ਨੇ ਵਿਭਾਗ ਦੀ ਜ਼ੁਬਾਨੀ-ਕਲਾਮੀ ਤਰੱਕੀ ਨੀਤੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੇਂਡੂ ਖੇਤਰ ਦੇ ਹਾਈ ਅਤੇ ਮਿਡਲ ਸਕੂਲਾਂ ਵਿਚ ਖਾਲੀ ਅਸਾਮੀਆਂ ਨੂੰ ਜਬਰੀ ਲੁਕਾ ਕੇ ਰੱਖਿਆ ਗਿਆ ਹੈ। ਇਸ ਤੋਂ ਇਲਾਵਾ 16 ਫਰਵਰੀ, 2024 ਦੀ ਹੜਤਾਲ ਵਿੱਚ ਸ਼ਾਮਲ ਅਧਿਆਪਕ ਆਗੂਆਂ ਦੀ ਤਨਖਾਹ ਕਟੌਤੀ ਦਾ ਪੱਤਰ ਵਾਪਸ ਲੈਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਵੀਂ ਸਿੱਖਿਆ ਨੀਤੀ-2020 ਨੂੰ ਲਾਗੂ ਕਰਦਿਆਂ ਲਗਪਗ 2400 ਮਿਡਲ ਸਕੂਲਾਂ ਨੂੰ ਹਾਈ ਸਕੂਲਾਂ ਵਿਚ ਮਰਜ਼ ਕਰਨ ਦਾ ਫੈਸਲਾ ਕੀਤਾ ਜਾ ਚੁੱਕਿਆ ਹੈ ਜਿਸ ਤਹਿਤ ਪੇਂਡੂ ਖੇਤਰ ਦੇ ਲੋੜਵੰਦ ਵਿਦਿਆਰਥੀਆਂ ਦੇ ਭਵਿੱਖ ਨੂੰ ਖ਼ਤਰਾ ਖੜ੍ਹਾ ਹੋ ਗਿਆ ਹੈ।