ਡੀਟੀਐੱਫ ਵੱਲੋਂ 6 ਨੂੰ ਸੰਗਰੂਰ ਵਿੱਚ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 26 ਸਤੰਬਰ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਅੱਜ ਐਲਾਨ ਕੀਤਾ ਗਿਆ ਹੈ ਕਿ 6 ਅਕਤੂਬਰ ਨੂੰ ਮੁੱਖ ਮੰਤਰੀ ਦੇ ਜੱਦੀ ਸ਼ਹਿਰ ਸੰਗਰੂਰ ਵਿੱਚ ਸੂਬਾ ਪੱਧਰੀ ਭਰਵੀਂ ਰੋਸ ਰੈਲੀ ਕੱਢੀ ਜਾਵੇਗੀ। ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ 2 ਅਕਤੂਬਰ ਦੇ ਬਰਨਾਲਾ ਐਕਸ਼ਨ ਵਿੱਚ ਵੀ ਸ਼ਮੂਲੀਅਤ ਕੀਤੀ ਜਾਵੇਗੀ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਅਤੇ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲੀ ਤੋਂ ਸਰਕਾਰ ਲਗਾਤਾਰ ਆਨਾਕਾਨੀ ਕਰ ਰਹੀ ਹੈ। ਸਿੱਖਿਆ ਵਿਭਾਗ ਵਿੱਚ ਆਊਟਸੋਰਸਿੰਗ ਪ੍ਰਣਾਲੀ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ। ਪੰਜਾਬ ਦੇ ਮੁਲਾਜ਼ਮਾਂ ਅਤੇ ਅਧਿਆਪਕਾਂ ਦੇ ਲਗਪਗ 37 ਤਰ੍ਹਾਂ ਦੇ ਭੱਤਿਆਂ ਤੇ ਕੈਂਚੀ ਫੇਰੀ ਜਾ ਚੁੱਕੀ ਹੈ। ਜੁਲਾਈ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ’ਤੇ ਕੇਂਦਰੀ ਤਨਖਾਹ ਕਮਿਸ਼ਨ ਲਾਗੂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ 6 ਅਕਤੂਬਰ ਦੀ ਸੰਗਰੂਰ ਰੈਲੀ ਵਿੱਚ ਅਧਿਆਪਕ ਸ਼ਾਮਲ ਹੋਣਗੇ।