ਡੀਟੀਐੱਫ਼ ਵੱਲੋਂ ਪ੍ਰਿੰਸੀਪਲਾਂ ਦੀਆਂ ਖਾਲੀ ਅਸਾਮੀਆਂ ਭਰਨ ਦੀ ਮੰਗ
ਖੇਤਰੀ ਪ੍ਰਤੀਨਿਧ
ਬਰਨਾਲਾ, 4 ਫਰਵਰੀ
ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀਟੀਐੱਫ) ਨੇ ‘ਆਪ’ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਲਿਆਉਣ ਦੇ ਦਾਅਵੇ ‘ਤੇ ਸਵਾਲ ਚੁੱਕਦੇ ਹੋਏ ਸਕੂਲਾਂ ਵਿੱਚ ਸਿੱਧੀ ਭਰਤੀ ਅਤੇ ਹੈੱਡ ਮਾਸਟਰ ਤੇ ਲੈਕਚਰਾਰ ਕਾਡਰਾਂ ਤੋਂ ਵਿਭਾਗੀ ਤਰੱਕੀਆਂ ਰਾਹੀਂ ਪ੍ਰਿੰਸੀਪਲਾਂ ਦੀਆਂ ਸਾਰੀਆਂ ਅਸਾਮੀਆਂ ਫੌਰੀ ਭਰਨ ਦੀ ਮੰਗ ਕੀਤੀ ਹੈ। ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਰਾਜੀਵ ਕੁਮਾਰ ਬਰਨਾਲਾ ਤੇ ਜ਼ਿਲ੍ਹਾ ਸਕੱਤਰ ਨਿਰਮਲ ਚੁਹਾਣਕੇ ਨੇ ਦੱਸਿਆ ਕਿ ਜਥੇਬੰਦਕ ਢਾਂਚੇ ਰਾਹੀਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਮਾਨਸਾ ਜ਼ਿਲ੍ਹੇ ਦੇ 73 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 60 ਅਤੇ ਬਰਨਾਲੇ ਦੇ 47 ਵਿੱਚੋਂ 36 ਸਕੂਲਾਂ ਵਿੱਚ ਪ੍ਰਿੰਸੀਪਲ ਦੀਆਂ ਅਸਾਮੀਆਂ ਖਾਲੀ ਹਨ। ਇਸ ਦੌਰਾਨ ਇਹ ਵੀ ਤੱਥ ਸਾਹਮਣੇ ਆਇਆ ਕਿ ਬਰਨਾਲਾ ਤੇ 3 ਸਿੱਖਿਆ ਬਲਾਕਾਂ ਵਿੱਚ ਬਰਨਾਲਾ ਵਿੱਚ 19 ਵਿੱਚੋਂ 15, ਮਹਿਲ ਕਲਾਂ 17 ਵਿੱਚੋਂ 13 ਤੇ ਸ਼ਹਿਣਾ ਵਿੱਚ 11 ਵਿੱਚੋਂ 8 ਪ੍ਰਿੰਸੀਪਲ ਦੀਆਂ ਅਸਾਮੀਆਂ ਖਾਲੀ ਹਨ। ਉਨ੍ਹਾਂ ਦੱਸਿਆ ਜਿੱਥੇ ਬਾਕੀ ਥਾਵਾਂ ’ਤੇ ਪ੍ਰਿੰਸੀਪਲਾਂ ਦੀ ਘਾਟ ਹੈ, ਉੱਥੇ ਮੁਹਾਲੀ ਜ਼ਿਲ੍ਹੇ ਦੀਆਂ 47 ਵਿੱਚੋਂ 46 ਅਸਾਮੀਆਂ ਭਰੀਆਂ ਹੋਈਆਂ ਹਨ। ਡੀਟੀਐੱਫ ਦੇ ਸੂਬਾ ਕਮੇਟੀ ਮੈਂਬਰ ਸੁਖਦੀਪ ਤਪਾ, ਰਜਿੰਦਰ ਮੂਲੋਵਾਲ, ਖਜ਼ਾਨਚੀ ਲਖਵੀਰ ਠੁੱਲੀਵਾਲ ਤੇ ਮੀਤ ਪ੍ਰਧਾਨ ਮਨਮੋਹਨ ਭੱਠਲ, ਸਹਾਇਕ ਪ੍ਰੈੱਸ ਸਕੱਤਰ ਪਲਵਿੰਦਰ ਠੀਕਰੀਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸਿੱਖਿਆ ਖੇਤਰ ਵਿੱਚ ਬੁਨਿਆਦੀ ਸੁਧਾਰ ਕਰਨ ਵੱਲ ਵਧਣਾ ਚਾਹੀਦਾ ਹੈ।