ਡੀਟੀਐੱਫ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੇ ਦਫ਼ਤਰ ਅੱਗੇ ਧਰਨਾ ਲਾਇਆ
ਹਤਿੰਦਰ ਮਹਿਤਾ
ਜਲੰਧਰ, 6 ਸਤੰਬਰ
ਅਧਿਆਪਕਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਪੰਜਾਬ) ਜ਼ਿਲ੍ਹਾ ਜਲੰਧਰ ਨੇ ਅੱਜ ਇੱਥੇ ਜ਼ਿਲ੍ਹਾ ਸਿੱਖਿਆ ਅਫਸ਼ਰ (ਸੈ.ਸਿੱ.) ਜਲੰਧਰ ਦੇ ਦਫਤਰ ’ਚ ਰੋਸ ਧਰਨਾ ਦਿੱਤਾ। ਜ਼ਿਲ੍ਹਾ ਪ੍ਰਧਾਨ ਸੁਖਵਿੰਦਰਪ੍ਰੀਤ ਸਿੰਘ, ਸਕੱਤਰ ਅਵਤਾਰ ਲਾਲ, ਵਿੱਤ ਸਕੱਤਰ ਅੰਮ੍ਰਿਤਪਾਲ ਸਿੰਘ ਬਲਾਕ ਸ਼ਾਹਕੋਟ-1 ਦੇ ਪ੍ਰਧਾਨ ਨਰਿੰਦਰਪਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕੋਟਲੀ ਅਤੇ ਬੀਐੱਡ ਅਧਿਆਪਕ ਫਰੰਟ (ਪੰਜਾਬ) ਬਲਾਕ ਸ਼ਾਹਕੋਟ ਦੇ ਪ੍ਰਧਾਨ ਅਮਰਪ੍ਰੀਤ ਸਿੰਘ ਝੀਤਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕਾਂ ਨੂੰ ਗੈਰ-ਵਿੱਦਿਅਕ ਕੰਮਾਂ ਤੇ ਬੇਲੋੜੀ ਡਾਕ ਅਤੇ ਫਜ਼ੂਲ ਦੀਆਂ ਗਤੀਵਿਧੀਆਂ ਵਿੱਚ ਉਲਝਾ ਕੇ ਪੰਜਾਬ ਸਰਕਾਰ ਨੇ ਸਿੱਖਿਆ ਦਾ ਬੇੜਾ ਗਰਕ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਬੜੀ ਸੋਚੀ ਸਮਝੀ ਯੋਜਨਾ ਤਹਿਤ ਸਿੱਖਿਆ ਨੀਤੀ 2020 ਨੂੰ ਲਾਗੂ ਕਰ ਕੇ ਸਰਕਾਰੀ ਸਿੱਖਿਆ ਦਾ ਭੋਗ ਪਾਉਣ ਦੇ ਰਾਹ ਤੁਰੀ ਹੋਈ ਹੈ। ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਤੇ ਸਿੱਖਿਆ ਮੰਤਰੀ ਕੋਲ ਸਮਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੇ। ਇਸ ਦੌਰਾਨ ਵਿਸ਼ੇਸ਼ ਮਤਾ ਪਾਸ ਕਰ ਕੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਮੁਲਾਜ਼ਮ ਆਗੂਆਂ ’ਤੇ ਕਥਿਤ ਝੂਠਾ ਕੇਸ ਦਰਜ ਕਰਨ ਅਤੇ ਸੰਗਰੂਰ ਵਿੱਚ ਕੰਪਿਊਟਰ ਅਧਿਆਪਕਾਂ ’ਤੇ ਲਾਠੀਚਾਰਜ ਕਰਨ ਦੀ ਨਿਖੇਧੀ ਕੀਤੀ ਗਈ। ਇਸ ਮੌਕੇ ਡੀਈਓ ਅਤੇ ਡਿਪਟੀ ਡੀਈਓ ਦੀ ਗੈਰ ਮੌਜੂਦਗੀ ’ਚ ਸੁਪਰਡੈਂਟ ਸੁਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਸ਼ਮਿੰਦਰ ਸਿੰਘ, ਮੇਨਪਾਲ, ਮਨਵੀਰ ਸਿੰਘ, ਬਲਵਿੰਦਰ ਸਿੰਘ ਮੁਰੀਦਵਾਲ ਆਦਿ ਮੌਜੂਦ ਸਨ।