ਝੋਨੇ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਦੇ ਧਰਨੇ ਜਾਰੀ
ਪਾਲ ਸਿੰਘ ਨੌਲੀ
ਜਲੰਧਰ, 23 ਅਕਤੂਬਰ
ਪੰਜਾਬ ਦੀਆਂ ਮੰਡੀਆਂ ਵਿੱਚ ਹੋ ਰਹੀ ਕਿਸਾਨਾਂ ਦੀ ਖ਼ੁਆਰੀ ਬਾਰੇ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਹੋਈ ਜਿੱਤ ਦੀ ਕਿੜ ਕੱਢ ਰਹੀ ਹੈ। ਬੀਕੇਯੂ ਦੋਆਬਾ ਦੇ ਸਕੱਤਰ ਜਨਰਲ ਸਤਨਾਮ ਸਿੰਘ ਸਾਹਨੀ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਇਕਜੁੱਟਤਾ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਪੜ੍ਹਨੇ ਪਾ ਦਿੱਤਾ ਸੀ ਪਰ ਕੇਂਦਰ ਸਰਕਾਰ ਨੇ ਜਾਣਬੁਝ ਕੇ ਸ਼ੈੱਲਰਾਂ ਵਿੱਚੋਂ ਚੌਲ ਨਹੀਂ ਚੁਕਵਾਏ। ਕਿਸਾਨ ਆਗੂਆਂ ਨੇ ਕਿਹਾ ਕਿ 1999 ਵਿੱਚ ਬਾਦਲ ਸਰਕਾਰ ਸਮੇਂ ਝੋਨਾ ਰੁਲਿਆ ਸੀ ਜਿਸ ਨੇ ਬਾਦਲ ਸਰਕਾਰ ਨੂੰ ਰੋੜ੍ਹ ਦਿੱਤਾ ਸੀ। ਸਾਲ 2004-05 ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਝੋਨਾ ਮੰਡੀਆਂ ਵਿਚ ਰੁਲਿਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਖਾਤਰ ਉਸ ਵੇਲੇ ਦੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦਫ਼ਤਰ ਅੱਗੇ ਧਰਨਾ ਲਾ ਦਿੱਤਾ ਸੀ।
ਫਗਵਾੜਾ (ਜਸਬੀਰ ਸਿੰਘ ਚਾਨਾ): ਝੋਨੇ ਦੀ ਖ਼ਰੀਦ ਨਾ ਹੋਣ ਦੇ ਰੋਸ ਵਜੋਂ ਕਿਸਾਨਾਂ ਵਲੋਂ ਜੀਟੀ ਰੋਡ ’ਤੇ ਸ਼ੂਗਰ ਮਿੱਲ ਵਿੱਚ ਸ਼ੁਰੂ ਕੀਤਾ ਗਿਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਇਸ ’ਚ ਆੜ੍ਹਤੀਆਂ ਤੇ ਹੋਰ ਸਮਾਜਿਕ ਤੇ ਧਾਰਮਿਕ ਆਗੂਆਂ ਨੇ ਪੁੱਜ ਕੇ ਨਾਅਰੇਬਾਜ਼ੀ ਕੀਤੀ ਤੇ ਸਰਕਾਰ ਨੂੰ ਇਸ ਮਾਮਲੇ ਨੂੰ ਤੁਰੰਤ ਹੱਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨੀਅਰ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਸਰਵਣ ਸਿੰਘ ਬਾਊਪੁਰ, ਨਿਰਮਲ ਸਿੰਘ ਮੰਡ, ਮੁਖਤਿਆਰ ਸਿੰਘ ਮੁੰਡੀ ਜਿਲ੍ਹਾ ਪ੍ਰਧਾਨ ਆਦਿ ਆਗੂਆਂ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ’ਚ ਬਿਲਕੁਲ ਵੀ ਰੁਲਣ ਨਹੀਂ ਦਿੱਤਾ ਜਾਵੇਗਾ ਤੇ ਕਿਸਾਨ ਆਪਣੇ ਝੋਨੇ ਦੀ ਖ਼ਰੀਦ ਕਰਵਾ ਕੇ ਹੀ ਹਟਣਗੇ। ਕਿਸਾਨਾਂ ਵਲੋਂ ਲੋਕਾਂ ਨੂੰ ਰਾਹਤ ਦਿੰਦਿਆਂ ਅੱਜ ਵੀ ਸਰਵਿਸ ਰੋਡਾਂ ਰਾਹੀਂ ਟਰੈਫਿਕ ਚਾਲੂ ਰੱਖਿਆ ਗਿਆ।
ਤਰਨ ਤਾਰਨ (ਗੁਰਬਖ਼ਸ਼ਪੁਰੀ): ਕਿਰਤੀ ਕਿਸਾਨ ਯੂਨੀਅਨ ਦੀ ਜ਼ਿਲ੍ਹਾ ਇਕਾਈ ਵੱਲੋਂ ਇੱਥੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਰਿਹਾਇਸ਼ ਅੱਗੇ ਤੀਜੇ ਦਿਨ ਵੀ ਧਰਨਾ ਦਿੱਤਾ ਗਿਆ। ਜਥੇਬੰਦੀ ਦੇ ਆਗੂ ਬਲਵੰਤ ਸਿੰਘ ਖਾਰਾ, ਸੁਖਚੈਨ ਸਿੰਘ ਸਰਹਾਲੀ ਖੁਰਦ ਅਤੇ ਗੁਰਬਖਸ਼ ਸਿੰਘ ਸੂਰਵਿੰਡ ਦੀ ਅਗਵਾਈ ਵਿੱਚ ਦਿੱਤੇ ਧਰਨੇ ਵਿੱਚ ਸ਼ਾਮਲ ਕਿਸਾਨਾਂ ਨੂੰ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਨਛੱਤਰ ਸਿੰਘ ਮੁਗਲਚੱਕ ਪੰਨੂਆਂ ਨੇ ਸੰਬੋਧਨ ਕੀਤਾ| ਉਨ੍ਹਾਂ ਕਿਹਾ ਕਿ ਸਾਧਾਰਨ ਝੋਨੇ ਦੇ ਨਾਲ ਨਾਲ ਇਸ ਵਾਰ ਬਾਸਮਤੀ ਦੀਆਂ ਕੀਮਤਾਂ ਵਿੱਚ ਪਿਛਲੇ ਸਾਲ ਨਾਲੋਂ 2000 ਰੁਪਏ ਤੱਕ ਹੇਠਾਂ ਡਿੱਗ ਗਈਆਂ ਹਨ| ਜਥੇਬੰਦੀ ਨੇ ਕਿਸਾਨ ਦੇ ਇਸ ਘਾਟੇ ਨੂੰ ਪੰਜਾਬ ਸਰਕਾਰ ਨੂੰ ਪੂਰਾ ਕਰਨ ਦੀ ਮੰਗ ਕੀਤੀ| ਵਿਧਾਇਕ ਨੇ ਧਰਨਾ ਸਥਾਨ ਵਿੱਚ ਆ ਕੇ ਕਿਸਾਨਾਂ ਦੀਆਂ ਮੰਗਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ|
ਇਲਾਕੇ ਦੀਆਂ ਦਾਣਾ ਮੰਡੀਆਂ ਵਿੱਚੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਕਰਨ ਖ਼ਿਲਾਫ਼ ਅੱਜ ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਬੱਗੂ ਅਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਗੋਰਾ ਕੋਟ ਦੀ ਸਾਂਝੀ ਅਗਵਾਈ ਵਿੱਚ ਮਾਰਕੀਟ ਕਮੇਟੀ ਨੌਸ਼ਹਿਰਾ ਪੰਨੂੰਆਂ ਦੇ ਦਫ਼ਤਰ ਸਾਹਮਣੇ ਰੋਸ ਦਿਖਾਵਾ ਕੀਤਾ ਗਿਆ ਤੇ ਝੋਨੇ ਦੀ ਖ਼ਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ ਕੀਤੀ ਗਈ|
ਭਲਕੇ ਡੀਸੀ ਦਫ਼ਤਰ ਅੱਗੇ ਧਰਨਾ ਦੇਣ ਦੀ ਚਿਤਾਵਨੀ
ਚੇਤਨਪੁਰਾ (ਰਣਬੀਰ ਸਿੰਘ ਮਿੰਟੂ): ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਛੀਨਾ ਦੀ ਪ੍ਰਧਾਨਗੀ ਹੇਠ ਅੱਡਾ ਕੁੱਕੜਾਵਾਲਾ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਕਾਮਰੇਤ ਧਨਵੰਤ ਸਿੰਘ ਖਤਰਾਏ ਕਲਾਂ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਫ਼ਸਲ ਰੁਲ ਹਰੀ ਹੈ। ਬਾਸਮਤੀ ਦਾ ਪੂਰਾ ਭਾਅ ਨਹੀਂ ਮਿਲ ਰਿਹਾ ਅਤੇ ਪਰਾਲੀ ਨੂੰ ਸਾਂਭਣ ਵਾਸਤੇ ਸਰਕਾਰ ਵੱਲੋਂ ਕੋਈ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਕਾਮਰੇਡ ਖਤਰਾਏ ਕਲਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਨ੍ਹਾਂ ਗੱਲਾਂ ਵੱਲ ਫੌਰੀ ਧਿਆਨ ਦਿੱਤਾ ਜਾਵੇ ਨਹੀਂ ਤਾਂ ਕਿਸਾਨਾਂ ਵੱਲੋਂ ਕੋਈ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ 25 ਅਕਤੂਬਰ ਨੂੰ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।