For the best experience, open
https://m.punjabitribuneonline.com
on your mobile browser.
Advertisement

ਭੁੱਖੇ ਰਹਿਣ ਕਾਰਨ ਡੱਲੇਵਾਲ ਦੇ ਅੰਦਰੂਨੀ ਅੰਗ ਖ਼ਰਾਬ ਹੋਣ ਲੱਗੇ

06:14 AM Dec 24, 2024 IST
ਭੁੱਖੇ ਰਹਿਣ ਕਾਰਨ ਡੱਲੇਵਾਲ ਦੇ ਅੰਦਰੂਨੀ ਅੰਗ ਖ਼ਰਾਬ ਹੋਣ ਲੱਗੇ
ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਦੇ ਹੋਏ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 23 ਦਸੰਬਰ
ਦਿੱਲੀ-ਸੰਗਰੂਰ ਕੌਮੀ ਮਾਰਗ ’ਤੇ ਕਿਸਾਨੀ ਮੰਗਾਂ ਮਨਵਾਉਣ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 28ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਜਾਂਚ ਕਰ ਰਹੇ ਡਾਕਟਰਾਂ ਅਨੁਸਾਰ ਡੱਲੇਵਾਲ ਦੇ ਅੰਦਰੂਨੀ ਅੰਗ ਖ਼ਰਾਬ ਹੋ ਰਹੇ ਹਨ ਅਤੇ ਇਸ ਨੁਕਸਾਨ ਦੀ ਭਰਪਾਈ ਨਹੀਂ ਹੋ ਸਕੇਗੀ। ਇਸ ਦੌਰਾਨ ਪਟਿਆਲਾ ਦੇ ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ ਨੇ ਕਿਸਾਨ ਆਗੂ ਦਾ ਹਾਲ ਪੁੱਛਣ ਮਗਰੋਂ ਆਰਜ਼ੀ ਹਸਪਤਾਲ ਦਾ ਦੌਰਾ ਕੀਤਾ।
ਡੱਲੇਵਾਲ ਦੀ ਸਿਹਤ ਦੀ ਦੇਖਭਾਲ ਕਰ ਰਹੀ ਡਾਕਟਰ ਸਵੈਮਾਨ ਦੀ ਟੀਮ ਦੇ ਡਾਕਟਰ ਗੁਰਪਰਵੇਸ਼ ਸਿੰਘ ਨੇ ਦੱਸਿਆ ਕਿ ਕਿਸਾਨ ਆਗੂ ਦੀ ਸਿਹਤ ਦਾ ਕਾਫੀ ਨੁਕਸਾਨ ਹੋ ਚੁੱਕਿਆ ਹੈ, ਜਿਸ ਦੀ ਭਰਪਾਈ ਨਹੀਂ ਹੋ ਸਕੇਗੀ। ਇਸੇ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸੇ ਵੇਲੇ ਵੀ ਕੋਈ ਅਣਹੋਣੀ ਘਟਨਾ ਵਾਪਰ ਸਕਦੀ ਹੈ। ਕਿਸਾਨ ਆਗੂ ਰਾਜ ਸਿੰਘ ਥੇੜੀ, ਦਿਲਬਾਗ ਸਿੰਘ ਹਰੀਗੜ੍ਹ, ਕਾਕਾ ਸਿੰਘ ਕੋਟਲਾ ਅਤੇ ਗੁਰਵਿੰਦਰ ਸਿੰਘ ਭੰਗੂ ਨੇ ਕਿਹਾ ਕਿ ਕਿਸਾਨਾਂ ਨੇ ਜਿਸ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ, ਉਸ ਦੇਸ਼ ਵਿਚ ਕਿਸਾਨਾਂ ਦੀਆਂ ਮੰਗਾਂ ਮਨਵਾਉਣ ਲਈ ਡੱਲੇਵਾਲ ਮਰਨ ਵਰਤ ’ਤੇ ਬੈਠੇ ਹਨ। ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ। ਕਿਸਾਨ ਦਿਵਸ ਮੌਕੇ ਕਿਸਾਨਾਂ ਦਾ ਇਸ ਤੋਂ ਵੱਡਾ ਅਪਮਾਨ ਨਹੀਂ ਹੋ ਸਕਦਾ। ਕਿਸਾਨ ਆਗੂਆਂ ਨੇ ਦੱਸਿਆ ਕਿ ਅੱਜ ਤੜਕੇ 3 ਵਜੇ ਤੋਂ ਮੀਂਹ ਪੈ ਰਿਹਾ ਹੈ, ਜਿਸ ਕਾਰਨ ਠੰਢ ਕਾਫੀ ਵਧ ਗਈ ਹੈ ਅਤੇ ਟਰਾਲੀਆਂ ’ਚ ਵੀ ਪਾਣੀ ਵੜ ਰਿਹਾ ਹੈ। ਇਸ ਦੇ ਬਾਵਜੂਦ ਕਿਸਾਨ ਮਜ਼ਬੂਤੀ ਨਾਲ ਮੋਰਚੇ ’ਤੇ ਡਟੇ ਹੋਏ ਹਨ ਅਤੇ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ। ਉਨ੍ਹਾਂ ਦੱਸਿਆ ਕਿ 30 ਦਸੰਬਰ ਦੇ ‘ਪੰਜਾਬ ਬੰਦ’ ਦੇ ਪ੍ਰੋਗਰਾਮ ਦੀ ਤਿਆਰੀ ਲਈ 26 ਦਸੰਬਰ ਨੂੰ ਖਨੌਰੀ ਵਿੱਚ ਟਰੇਡ ਯੂਨੀਅਨਾਂ, ਸਮਾਜਿਕ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਅਤੇ ਟੈਕਸੀ ਯੂਨੀਅਨਾਂ ਦੀ ਮੀਟਿੰਗ ਸੱਦੀ ਗਈ ਹੈ। ‘ਪੰਜਾਬ ਬੰਦ’ ਦੌਰਾਨ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਮੈਡੀਕਲ ਅਤੇ ਐਮਰਜੈਂਸੀ ਸੇਵਾਵਾਂ ਤੋਂ ਇਲਾਵਾ ਸਭ ਕੁੱਝ ਬੰਦ ਰਹੇਗਾ। ਉਨ੍ਹਾਂ ਦੱਸਿਆ ਕਿ 24 ਦਸੰਬਰ ਨੂੰ ਸ਼ਾਮ 5.30 ਵਜੇ ਦੇਸ਼ ਭਰ ਵਿੱਚ ਮੋਮਬੱਤੀ ਮਾਰਚ ਕੀਤਾ ਜਾਵੇਗਾ ਅਤੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਜ਼ਿਲ੍ਹਾ ਅਤੇ ਤਹਿਸੀਲ ਪੱਧਰ ’ਤੇ ਧਰਨੇ ਦਿੱਤੇ ਜਾਣਗੇ। ਅੱਜ ਉੱਤਰ ਪ੍ਰਦੇਸ਼ ਤੋਂ ਭਾਰਤੀ ਕਿਸਾਨ ਯੂਨੀਅਨ (ਗੈਰ-ਸਿਆਸੀ) ਦੇ ਅਹੁਦੇਦਾਰ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਅਤੇ ਸਮਰਥਨ ਦੇਣ ਲਈ ਖਨੌਰੀ ਬਾਰਡਰ ’ਤੇ ਪਹੁੰਚੇ।

Advertisement

ਸ਼ਾਹੀ ਇਮਾਮ ਨੇ ਡੱਲੇਵਾਲ ਲਈ ਕੀਤੀ ਦੁਆ

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਣ ਪੁੱਜੇ ਸ਼ਾਹੀ ਇਮਾਮ ਮੌਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕੇਂਦਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨ ਆਗੂ ਅਤੇ ਮੋਰਚੇ ਦੀ ਚੜ੍ਹਦੀ ਕਲਾ ਲਈ ਦੁਆ ਵੀ ਕੀਤੀ। ਇਸੇ ਦੌਰਾਨ ਹਰਿਆਣਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਵੀ ਡੱਲੇਵਾਲ ਨਾਲ ਮੁਲਾਕਾਤ ਕੀਤੀ। ਕੁਮਾਰੀ ਸ਼ੈਲਜਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਲੋਕ ਸਭਾ ਵਿੱਚ ਖੇਤੀਬਾੜੀ ਨਾਲ ਸਬੰਧਤ ਮਸਲੇ ਉਠਾਏ ਜਾ ਰਹੇ ਹਨ।

Advertisement

Advertisement
Author Image

sukhwinder singh

View all posts

Advertisement