ਮੁਲਾਜ਼ਮਾਂ ਦੀ ਕਲਮ ਛੋੜ ਹੜਤਾਲ ਕਾਰਨ ਲੋਕ ਹੋਏ ਖੱਜਲ-ਖੁਆਰ
ਮਹਿੰਦਰ ਸਿੰਘ ਰੱਤੀਆਂ
ਮੋਗਾ, 17 ਨਵੰਬਰ
ਸੂਬਾ ਸਰਕਾਰ ਵੱਲੋਂ ਐਸਮਾਂ ਐਕਟ ਲਾਗੂ ਕਰਨ ਦੇ ਬਾਵਜੂਦ ਦਫ਼ਤਰੀ ਬਾਬੂ 10 ਦਿਨ ਤੋਂ ਕਲਮ ਛੋੜ ਹੜਤਾਲ ਉੱਤੇ ਹਨ। ਦਫ਼ਤਰੀ ਕਾਮਿਆਂ ਨੇ ਆਪਣੀਆਂ ਮੰਗਾਂ ਲਈ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਹੜਤਾਲ ਕਾਰਨ ਤਹਿਸੀਲਾਂ ਆਦਿ ਵਿਚ ਕੰਮ ਪ੍ਰਭਾਵਿਤ ਹੋਇਆ ਅਤੇ ਲੋਕ ਖੁਆਰ ਹੁੰਦੇ ਰਹੇ। ਮੁੱਖ ਮੰਤਰੀ ਭਗਵੰਤ ਮਾਨ ਵੱਲੋ ਦਫ਼ਤਰੀ ਬਾਬੂਆਂ ਨੂੰ ਕਲਮ ਛੋੜ ਤੋਂ ਪਹਿਲਾਂ ਦਿੱਤੀ ਗਈ ਘੁਰਕੀ ਵੀ ਬੇਅਸਰ ਹੋ ਗਈ ਹੈ। ਇਥੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਅਤੇ ਜਨਰਲ ਸਕੱਤਰ ਸੰਦੀਪ ਕੁਮਾਰ ਨੇ ਦੱਸਿਆ ਕਿ ਸੂਬਾ ਭਰ ਵਿਚ ਦਫ਼ਤਰੀ ਕਾਮੇ 8 ਨਵੰਬਰ ਤੋਂ ਹੜਤਾਲ ਉੱਤੇ ਹਨ ਪਰ ਸਰਕਾਰ ਦੇ ਕੰਨ ਉੱਤੇ ਜੂੰਅ ਨਹੀਂ ਸਰਕੀ। ਸਰਕਾਰ ਨੂੰ ਪਹਿਲਾਂ ਹੀ ਨੋਟਿਸ ਭੇਜ ਕੇ ਸੂਚਿਤ ਕੀਤਾ ਜਾ ਚੁੱਕਾ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਸਮੇਂ ਹੋਈ ਮੀਟਿੰਗ ਵਿੱਚ ਮੰਨੀਆਂ ਹੋਈਆਂ ਮੰਗਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਅਤੇ ਨਾ ਹੀ ਵਾਅਦੇ ਮੁਤਾਬਕ ਜਥੇਬੰਦੀ ਨੂੰ ਦੁਬਾਰਾ ਮੀਟਿੰਗ ਲਈ ਸਮਾਂ ਦਿੱਤਾ ਗਿਆ ਹੈ ਜਿਸ ਕਰਕੇ ਮਨਿਸਟੀਰੀਅਲ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 20 ਨਵੰਬਰ ਤੱਕ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਕਲਮ ਛੋੜ/ਕੰਪਿਊਟਰ ਛੋੜ ਹੜਤਾਲ ’ਤੇ ਰਹੇਗਾ। ਇਸ ਹੜਤਾਲ ਕਾਰਨ ਪੰਜਾਬ ਸਰਕਾਰ ਦਾ ਸਮੁੱਚਾ ਕੰਮ-ਕਾਜ ਠੱਪ ਹੋ ਗਿਆ ਹੈ, ਜਿਸ ਕਾਰਨ ਦਫ਼ਤਰਾਂ ਵਿੱਚ ਵੱਖ-ਵੱਖ ਪਿੰਡਾਂ ਤੋਂ ਕੰਮ ਕਰਵਾਉਣ ਆਏ ਲੋਕ ਸਰਕਾਰੀ ਦਫ਼ਤਰਾਂ ਵਿੱਚੋਂ ਆਪਣੇ ਕੰਮ ਨਾ ਹੋਣ ਕਾਰਨ ਆਪਣੇ-ਆਪਣੇ ਘਰਾਂ ਨੂੰ ਨਿਰਾਸ਼ ਹੋ ਕੇ ਵਾਪਸ ਮੁੜਦੇ ਦੇਖੇ ਗਏ। ਉਨ੍ਹਾਂ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਨੂੰ ਤਵੱਜੋ ਨਹੀ ਦਿੰਦੀ ਇਸ ਕਰਕੇ ਸੂਬਾ ਲੀਡਰਸ਼ਿਪ ਨਾਲ ਅਗਲੀ ਮੀਟਿੰਗ ਕਰਕੇ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ।
ਫਰੀਦਕੋਟ (ਜਸਵੰਤ ਜੱਸ): ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਦੀ ਅਗਵਾਈ ਵਿੱਚ ਹੜਤਾਲ ਦੇ ਲਗਾਤਾਰ 10ਵੇਂ ਦਿਨ ਮੁਲਾਜ਼ਮਾਂ ਵੱਲੋਂ ਦਫ਼ਤਰਾਂ ਅੱਗੇ ਰੋਸ ਰੈਲੀਆਂ ਕੀਤੀਆਂ ਗਈਆਂ। ਅੱਜ ਵੀ ਪੰਜਾਬ ਦੇ ਮਨਿਸਟਰੀਅਲ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ/ਕੰਪਿਊਟਰ ਬੰਦ/ਆਨਲਾਈਨ ਕੰਮ ਬੰਦ ਕਰਕੇ ਸਮੁੱਚਾ ਦਫਤਰੀ ਕੰਮ ਠੱਪ ਰੱਖਿਆ ਗਿਆ। ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਦੇਸ ਰਾਜ ਗੁਰਜਰ, ਸੇਵਕ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ ਨੇ ਕਿਹਾ ਕਿ ਕੋਰ ਕਮੇਟੀ ਦੀ ਮੀਟਿੰਗ ਵਿੱਚ ਲਏ ਗਏ ਫੈਸਲੇ ਅਨੁਸਾਰ ਕਲਮ ਛੋੜ ਹੜਤਾਲ ਵਿੱਚ 20-11-2023 ਤੱਕ ਦਾ ਵਾਧਾ ਕੀਤਾ ਗਿਆ ਹੈ। ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜੇਕਰ ਕੋਈ ਵੀ ਕੈਬਨਿਟ ਮੰਤਰੀ ਕਿਸੇ ਵੀ ਜ਼ਿਲ੍ਹੇ ਵਿੱਚ ਸਰਕਾਰੀ ਪ੍ਰੋਗਰਾਮ ਵਿੱਚ ਆਉਂਦਾ ਹੈ ਤਾਂ ਉਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਜ਼ਾਹਰ ਕੀਤਾ ਜਾਵੇਗਾ। ਮੁਲਾਜ਼ਮਾਂ ਨੇ ਮੰਗ ਕੀਤੀ ਕਿ ਸਰਕਾਰ ਮੰਨੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ ਅਤੇ ਜੇਕਰ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਮਜਬੂਰਨ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਪੁਰਾਣੀ ਪੈਨਸ਼ਨ ਤੇ ਹੋਰ ਲਾਭ ਨਾ ਮਿਲਣ ’ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ
ਮਾਨਸਾ (ਜੋਗਿੰਦਰ ਸਿੰਘ ਮਾਨ): ਪੰਜਾਬ ਸਟੇਟ ਮਨਿਸਟਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ’ਤੇ ਮਾਨਸਾ ਜ਼ਿਲ੍ਹੇ ਦੇ ਸਮੂਹ ਦਫ਼ਤਰਾਂ ਦੇ ਕਲੈਰੀਕਲ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਕਲਮ ਛੋੜ ਹੜਤਾਲ ਅੱਜ 10ਵੇਂ ਦਿਨ ਵੀ ਜਾਰੀ ਰਹੀ। ਸਮੂਹ ਦਫ਼ਤਰੀ ਬਾਬੂਆਂ ਵੱਲੋਂ ਆਪਣਾ ਸਮੁੱਚਾ ਕੰਮ-ਕਾਜ ਠੱਪ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਦਫ਼ਤਰਾਂ ਵਿੱਚ ਕਾਮਿਆਂ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਜੋ ਪਹਿਲੀ ਜਨਵਰੀ 2004 ਤੋਂ ਬਾਅਦ ਭਰਤੀ ਹੋਏ ਹਨ, ਉਨ੍ਹਾਂ ਕਰਮਚਾਰੀਆਂ ਦੀਆਂ ਸਾਲ 1972 ਦੇ ਰੂਲਾਂ ਅਨੁਸਾਰ ਪੁਰਾਣੀ ਪੈਨਸ਼ਨ ਹੂ ਬ ਹੂ ਲਾਗੂ ਕਰਨ, ਏ.ਸੀ.ਪੀ. ਸਕੀਮ ਦੀ ਬਹਾਲੀ, ਕੇਂਦਰੀ ਪੈਟਰਨ ’ਤੇ ਭਰਤੀ ਬੰਦ ਕਰਵਾਉਣ ਅਤੇ ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਛੇਵੇਂ ਪੇਅ-ਕਮਿਸ਼ਨ ਦਾ ਬਕਾਇਆ ਜਾਰੀ ਕਰਵਾਉਣ ਲਈ ਇਹ ਹੜਤਾਲ ਕੀਤੀ ਜਾ ਰਹੀ ਹੈ। ਯੂਨੀਅਨ ਦੇ ਸੂਬਾ ਜੁਆਇੰਟ ਸਕੱਤਰ ਜ਼ਸਦੀਪ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਤੀ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।