ਮੁੱਖ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਮੁਲਾਜ਼ਮ ਭੜਕੇ
ਹਤਿੰਦਰ ਮਹਿਤਾ
ਜਲੰਧਰ, 14 ਸਤੰਬਰ
ਰੋਡਵੇਜ਼-ਪਨਬੱਸ, ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਪਿਛਲੀਆਂ ਮੀਟਿੰਗਾਂ ਵਾਂਗ ਇਸ ਵਾਰ ਵੀ ਮੀਟਿੰਗ ਰੱਦ ਕਰਕੇ ਅਗਲੀ ਤਾਰੀਖ਼ 29 ਸਤੰਬਰ ਦਿੱਤੀ ਗਈ ਹੈ। ਇਸ ਕਾਰਨ ਰੋਡਵੇਜ਼ ਵਿੱਚ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ। ਮੁੱਖ ਮੰਤਰੀ ਦੇ ਜਲੰਧਰ ਦੌਰੇ ਤੋਂ ਪਹਿਲਾਂ ਬੱਸ ਸਟੈਂਡ ਵਿੱਚ ਉਨ੍ਹਾਂ ਦਾ ਪੁਤਲਾ ਫੂਕਿਆ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ। ਮੁਲਾਜ਼ਮਾਂ ਨੇ ਪਹਿਲਾਂ ਹੀ ਚਿਤਾਵਨੀ ਦਿੱਤੀ ਸੀ ਕਿ ਜੇ ਮੁੱਖ ਮੰਤਰੀ 14 ਸਤੰਬਰ ਦੀ ਮੀਟਿੰਗ ਤੋਂ ਪਿੱਛੇ ਹਟ ਗਏ ਤਾਂ ਉਹ ਬੱਸਾਂ ਦਾ ਚੱਕਾ ਜਾਮ ਕਰ ਦੇਣਗੇ। ਮੁਲਾਜ਼ਮ ਆਗੂਆਂ ਦਾ ਕਹਿਣਾ ਹੈ ਕਿ ਹੁਣ 29 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਕਾਰਨ ਚੱਕਾ ਜਾਮ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਸਮਾਂ ਦੇਣ ਤੋਂ ਬਾਅਦ ਮੀਟਿੰਗ ਰੱਦ ਹੋ ਚੁੱਕੀ ਹੈ। ਯੂਨੀਅਨ ਦੇ ਸੀਨੀਅਰ ਸੂਬਾ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲ ਅਤੇ ਬਲਵਿੰਦਰ ਸਿੰਘ ਰਾਠ ਨੇ ਕਿਹਾ ਕਿ ਮੁੱਖ ਮੰਤਰੀ ਕੋਲ 1064 ਸਰਕਾਰੀ ਬੱਸਾਂ ਲੈ ਕੇ ਰੈਲੀ ਕਰਨ ਵਾਲੇ ਮੁਲਾਜ਼ਮਾਂ ਨੂੰ ਮਿਲਣ ਦਾ ਸਮਾਂ ਨਹੀਂ ਹੈ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਜਿਸ ਨੂੰ ਮੁਲਾਜ਼ਮਾਂ ਨੇ ਸੱਤਾ ਦੀਆਂ ਚਾਬੀਆਂ ਸੌਂਪੀਆਂ ਸਨ, ਉਹ ਹੁਣ ਮੁਲਾਜ਼ਮਾਂ ਦੀ ਗੱਲ ਕਰਨ ਦੀ ਬਜਾਏ ਭੱਜ ਰਹੇ ਹਨ। ਜਲੰਧਰ 1 ਅਤੇ 2 ਡਿੱਪੂ ਦੇ ਗੇਟ ’ਤੇ ਬੋਲਦਿਆਂ ਸੂਬਾ ਸੀਨੀਅਰ ਮੀਤ ਪ੍ਰਧਾਨ ਦਲਜੀਤ ਸਿੰਘ ਜੱਲੇਵਾਲਾ ਨੇ ਕਿਹਾ ਕਿ ਪੰਜਾਬ ’ਚ ਟਰਾਂਸਪੋਰਟ ਵਿਭਾਗ ਦੀ ਹਾਲਤ ਅਜਿਹੀ ਹੈ ਕਿ ਪੰਜਾਬ ਸਰਕਾਰ ਪਿਛਲੇ ਦੋ ਸਾਲਾਂ ’ਚ ਇਕ ਵੀ ਨਵੀਂ ਬੱਸ ਨਹੀਂ ਖਰੀਦ ਸਕੀ। ਇੱਥੋਂ ਤੱਕ ਕਿ ਬੱਸਾਂ ਨੂੰ ਦਿੱਤੇ ਗਏ ਰੂਟ ਅਤੇ ਟਾਈਮ ਟੇਬਲ ਵੀ ਪੂਰੀ ਤਰ੍ਹਾਂ ਟਰਾਂਸਪੋਰਟ ਮਾਫੀਆ ਦੇ ਕਬਜ਼ੇ ਹੇਠ ਹਨ।