ਜਲੰਧਰ ਵਿੱਚ ਸਫਾਈ ਕਾਮਿਆਂ ਦੀ ਹੜਤਾਲ ਕਾਰਨ ਗੰਦਗੀ ਦੀ ਭਰਮਾਰ
ਪੱਤਰ ਪ੍ਰੇਰਕ
ਜਲੰਧਰ, 28 ਅਕਤੂਬਰ
ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਸ਼ਹਿਰ ਵਿੱਚ ਸਫ਼ਾਈ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਸਫ਼ਾਈ ਕਰਮਚਾਰੀ, ਪੰਜਾਬ ਸਰਕਾਰ ਤੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਖ਼ਿਲਾਫ਼ ਹੜਤਾਲ ’ਤੇ ਬੈਠੇ ਹਨ। ਦੀਵਾਲੀ ਦਾ ਤਿਉਹਾਰ ਨੇੜੇ ਹੈ ਅਤੇ ਸ਼ਹਿਰ ਵਿੱਚ ਸਫ਼ਾਈ ਨਾ ਹੋਣ ਕਾਰਨ ਇਸ ਵਾਰ ਦੀਵਾਲੀ ਗੰਦਗੀ ਦੇ ਵਿਚਕਾਰ ਮਨਾਉਣੀ ਪੈ ਸਕਦੀ ਹੈ। ਹੜਤਾਲ ’ਤੇ ਗਏ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ ਪਰ ਜਲੰਧਰ ਨਗਰ ਨਿਗਮ ਦੇ ਅਧਿਕਾਰੀ ਉਕਤ ਹੁਕਮਾਂ ਸਬੰਧੀ ਕੋਈ ਕਾਰਵਾਈ ਨਹੀਂ ਕਰ ਰਹੇ।
ਇਸ ਮੰਗ ਨੂੰ ਲੈ ਕੇ ਮੁਲਾਜ਼ਮ ਹੜਤਾਲ ’ਤੇ ਚਲੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੀਵਾਲੀ ਵਿੱਚ ਸਿਰਫ਼ ਤਿੰਨ ਦਿਨ ਬਾਕੀ ਰਹਿ ਗਏ ਹਨ। ਸ਼ਹਿਰ ਵਿੱਚ ਨਗਰ ਨਿਗਮ ਦੀਆਂ ਦੋ ਯੂਨੀਅਨਾਂ ਹਨ, ਇੱਕ ਯੂਨੀਅਨ ਕੰਮ ਕਰ ਰਹੀ ਹੈ ਅਤੇ ਦੂਜੀ ਯੂਨੀਅਨ ਪਿਛਲੇ ਤਿੰਨ ਦਿਨਾਂ ਤੋਂ ਕੰਮਕਾਜ ਠੱਪ ਕਰਕੇ ਹੜਤਾਲ ’ਤੇ ਬੈਠੀ ਹੈ, ਅਜਿਹੇ ਵਿੱਚ ਅੱਧੇ ਤੋਂ ਵੱਧ ਸ਼ਹਿਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੱਜ ਤੀਜੇ ਦਿਨ ਵੀ ਜਾਰੀ ਰਹੀ ਹੜਤਾਲ ਦੌਰਾਨ ਮੁਲਾਜ਼ਮਾਂ ਨੇ ਨਗਰ ਨਿਗਮ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ ਅਤੇ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।