ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨ ਹੋ ਰਹੇ ਨੇ ਖੁਆਰ: ਲੱਖੋਵਾਲ
ਗੁਰਿੰਦਰ ਸਿੰਘ
ਲੁਧਿਆਣਾ, 10 ਨਵੰਬਰ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਦੋਸ਼ ਲਗਾਇਆ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਮਿਲੀਭੁਗਤ ਕਾਰਨ ਪੰਜਾਬ ਦਾ ਕਿਸਾਨ ਮੰਡੀਆਂ ਵਿੱਚ ਖੱਜਲ-ਖੁਆਰ ਹੋ ਰਿਹਾ ਹੈ ਪਰ ਦੋਹੇਂ ਸਰਕਾਰਾਂ ਕੁੰਭਕਰਨੀ ਨੀਂਦ ਸੁੱਤੀਆਂ ਪਈਆਂ ਹਨ। ਅੱਜ ਇੱਥੇ ਜਥੇਬੰਦੀ ਦੀ ਇੱਕ ਮੀਟਿੰਗ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਕਿਸਾਨੀ ਮਸਲਿਆਂ ਬਾਰੇ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ। ਮੀਟਿੰਗ ਬਾਰੇ ਅਵਤਾਰ ਸਿੰਘ ਮੇਹਲੋਂ ਸਰਪ੍ਰਸਤ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪਿਛਲੇ 60 ਸਾਲਾਂ ਵਿੱਚ ਕਦੇ ਵੀ ਅਜਿਹਾ ਵੇਖਣ ਨੂੰ ਨਹੀਂ ਮਿਲਿਆ ਜੋ ਮੰਡੀਆਂ ਵਿੱਚ ਅੱਜ ਵਾਪਰ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਈ ਹੈ ਪਰ ਅੱਜ 10 ਨਵੰਬਰ ਤੱਕ ਵੀ ਸਰਕਾਰ ਸਿਰਫ਼ ਖਰੀਦੇ ਦੇ ਨਾਮ ਤੇ ਖਾਨਾਪੂਰਤੀ ਹੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਣ ਬੁੱਝ ਕੇ ਕਿਸਾਨਾਂ ਤੋਂ ਦਿੱਲੀ ਮੋਰਚੇ ਦੀ ਕਿੜ ਕੱਢਣ ਲਈ ਝੋਨੇ ਦੀ ਫ਼ਸਲ ਨਹੀਂ ਖਰੀਦੀ ਜਾ ਰਹੀ ਜਿਸ ਵਿੱਚ ਪੰਜਾਬ ਸਰਕਾਰ ਦੁਆਰਾ ਵੀ ਕੇਂਦਰ ਦਾ ਸਹਿਯੋਗ ਕੀਤਾ ਜਾ ਰਿਹਾ ਹੈ ਜੋ ਕਿ ਨਿੰਦਣਯੋਗ ਹੈ। ਇਸ ਮੌਕੇ ਅਜਮੇਰ ਸਿੰਘ ਲੱਖੋਵਾਲ ਨੇ ਮੰਗ ਕੀਤੀ ਕਿ ਮੰਡੀਆਂ ਵਿੱਚੋਂ ਝੋਨੇ ਦੇ ਭੰਡਾਰ ਖ਼ਤਮ ਕੀਤੇ ਜਾਣ, ਡੀਏਪੀ ਖਾਦ ਦੀ ਸਪਲਾਈ ਯਕੀਨੀ ਬਣਾਈ ਜਾਵੇ, ਕਟੌਤੀ ਦੇ ਨਾਮ ਤੇ ਕਿਸਾਨਾਂ ਦੀ ਲੁੱਟ ਬੰਦ ਕੀਤੀ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਪੰਜਾਬ ਦੀ ਕਿਸੇ ਵੀ ਮੰਡੀ ਵਿੱਚ ਕਿਸਾਨਾਂ ਦੀ ਝੋਨੇ ਦੀ ਫ਼ਸਲ ਵਪਾਰੀ, ਆੜਤੀ ਜਾ ਸ਼ੈਲਰ ਮਾਲਕਾਂ ਦੁਆਰਾ ਕੱਟ ਲਾ ਕੇ ਖਰੀਦੀ ਗਈ ਹੈ ਤਾਂ ੳੇੁਹ ਤੁਰੰਤ ਲਿਖਤੀ ਰੂਪ ਵਿੱਚ ਉਨ੍ਹਾਂ ਨਾਲ ਸੰਪਰਕ ਕਰਨ। ਯੂਨੀਅਨ ਉਨ੍ਹਾਂ ਦੀ ਪੂਰੀ ਪੈਰਵੀ ਕਰੇਗੀ ਅਤੇ ਲੁੱਟਣ ਵਾਲਿਆਂ ਦੇ ਘਰਾਂ ਅਤੇ ਸ਼ੈਲਰਾਂ ਦਾ ਘਿਰਾਓ ਕਰਕੇ ਕਿਸਾਨਾਂ ਦੇ ਪੈਸੇ ਵਾਪਸ ਦਿਲਵਾਏ ਜਾਣਗੇ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨ ਲੀਡਰਾਂ ਵਿਰੁੱਧ ਕੀਤੀ ਜਾ ਰਹੀ ਬਿਆਨਬਾਜ਼ੀ ਦੀ ਸਖਤ ਸਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਹੈ ਕਿ ਕਿਸਾਨਾਂ ਦੇ ਖਾਤੇ ਚੈਕ ਕਰਨ ਦੀ ਸਲਾਹ ਦੇਣ ਵਾਲੇ ਬਿੱਟੂ ਦੇ ਖਾਤਿਆਂ ਦੀ ਵੀ ਜਾਤ ਹੋਣੀ ਚਾਹੀਦੀ ਹੈ। ਇਸ ਮੌਕੇ ਪਰਮਿੰਦਰ ਸਿੰਘ ਪਾਲਮਾਜ਼ਰਾ, ਪਰਸ਼ੋਤਮ ਸਿੰਘ ਗਿੱਲ, ਮਨਪ੍ਰੀਤ ਸਿੰਘ, ਨਿਰਮਲ ਸਿੰਘ ਝੰਡੂਕੇ, ਹਰਮਿੰਦਰ ਸਿੰਘ ਖਹਿਰਾ, ਗੁਰਵਿੰਦਰ ਸਿੰਘ ਕੂੰਮਕਲਾਂ, ਬਲਦੇਵ ਸਿੰਘ ਪੂਨੀਆ, ਗੁਲਜ਼ਾਰ ਸਿੰਘ ਘੱਲਕਲਾਂ ਨੇ ਵੀ ਸੰਬੋਧਨ ਕੀਤਾ।