ਜੰਮੂ ਕਸ਼ਮੀਰ ਵਿੱਚ ਭਾਸ਼ਣ ਦੌਰਾਨ ਖੜਗੇ ਨੂੰ ਚੱਕਰ ਆਇਆ
ਜਸਰੋਟਾ/ਜੰਮੂ, 29 ਸਤੰਬਰ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਅੱਜ ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਜਸਰੋਟਾ ਇਲਾਕੇ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਚੱਕਰ ਆ ਗਿਆ। ਹਾਲਤ ਸਥਿਰ ਹੋਣ ਤੋਂ ਬਾਅਦ ਉਨ੍ਹਾਂ ਫਿਰ ਤੋਂ ਭਾਸ਼ਣ ਦਿੱਤਾ। ਉਨ੍ਹਾਂ ਕਿਹਾ ਕਿ ਉਹ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਹਟਾਏ ਬਿਨਾਂ ਮਰਨ ਵਾਲੇ ਨਹੀਂ ਹਨ। ਡਾਕਟਰ ਉਨ੍ਹਾਂ ਦਾ ਇਲਾਜ ਕਰ ਰਹੇ ਹਨ। ਪਾਰਟੀ ਆਗੂਆਂ ਨੇ ਇਹ ਜਾਣਕਾਰੀ ਦਿੱਤੀ। ਖੜਗੇ ਕਠੂਆ ਵਿੱਚ ਅਤਿਵਾਦੀਆਂ ਖ਼ਿਲਾਫ਼ ਜਾਰੀ ਮੁਹਿੰਮ ਵਿੱਚ ਸ਼ਹੀਦ ਹੋਏ ਹੈੱਡ ਕਾਂਸਟੇਬਲ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਸਨ। ਇਸ ਮੁਕਾਬਲੇ ਵਿੱਚ ਦੋ ਹੋਰ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਕਾਂਗਰਸ ਜਨਰਲ ਸਕੱਤਰ ਗੁਲਾਮ ਅਹਿਮਦ ਮੀਰ ਨੇ ਦੱਸਿਆ, ‘‘ਉਹ ਜਸਰੋਟਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਬੇਚੈਨੀ ਮਹਿਸੂਸ ਹੋਈ ਅਤੇ ਚੱਕਰ ਆਉਣ ਲੱਗਿਆ। ਉਨ੍ਹਾਂ ਦੇ ਸਹਿਯੋਗੀਆਂ ਨੇ ਉਨ੍ਹਾਂ ਨੂੰ ਕੁਰਸੀ ’ਤੇ ਬਿਠਾਉਣ ਵਿੱਚ ਮਦਦ ਕੀਤੀ।’’ ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਦੀ ਹਾਲਤ ਸਥਿਰ ਹੈ। ਉਨ੍ਹਾਂ ਦਾ ਊਧਮਪੁਰ ਜ਼ਿਲ੍ਹੇ ਦੇ ਰਾਮਨਗਰ ਵਿੱਚ ਇੱਕ ਹੋਰ ਰੈਲੀ ਨੂੰ ਸੰਬੋਧਨ ਕਰਨ ਦਾ ਪ੍ਰੋਗਰਾਮ ਹੈ। -ਪੀਟੀਆਈ