ਕਰੋਨਾ ਦੌਰਾਨ ਕੇਂਦਰ ਨੇ ਅਰਥਚਾਰਾ ਸੰਭਾਲੀ ਰੱਖਿਆ: ਮੇਘਵਾਲ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 24 ਜੂਨ
ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਇੱਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਦੇਸ਼ ਦੇ 47 ਫੀਸਦੀ ਤੋਂ ਵੱਧ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਦੇ ਕੰਮਕਾਜ ਤੋਂ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਹ ਖੁਲਾਸਾ ਹਾਲ ਹੀ ਵਿੱਚ ਕੀਤੇ ਗਏ ਇਕ ਸਰਵੇਖਣ ਰਾਹੀਂ ਹੋਇਆ ਹੈ। ਇਸ ਦੌਰਾਨ ਉਨ੍ਹਾਂ ਭਾਜਪਾ ਸਰਕਾਰ ਦਾ ਪਿਛਲੇ ਨੌਂ ਸਾਲ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ।
ਉਨ੍ਹਾਂ ਕਿਹਾ ਕਿ ਕਰੋਨਾ ਮਹਾਮਾਰੀ ਕਾਰਨ ਆਲਮੀ ਅਰਥਚਾਰੇ ਨੂੰ ਵੱਡਾ ਝਟਕਾ ਲੱਗਾ ਪਰ ਭਾਰਤ ਸਰਕਾਰ ਨੇ ਇਸ ਮਾੜੇ ਦੌਰ ਦੌਰਾਨ ਵੀ ਦੇਸ਼ ਦਾ ਅਰਥਚਾਰਾ ਸੰਭਾਲੀ ਰੱਖਿਆ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਭਾਰਤ ਇਸ ਵੇਲੇ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਅਰਥਵਿਵਸਥਾ ਵਾਲਾ ਦੇਸ਼ ਬਣ ਗਿਆ ਹੈ। ਜਲਦੀ ਹੀ ਇਹ ਤੀਜੇ ਸਥਾਨ ‘ਤੇ ਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਭਾਜਪਾ ਸਰਕਾਰ ਦੀਆਂ ਵੱਖ ਵੱਖ ਖੇਤਰਾਂ ਦੀਆਂ ਵੱਡੀਆਂ ਪ੍ਰਾਪਤੀਆਂ ਦਾ ਜ਼ਿਕਰ ਵੀ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਦੇਸ਼ ਦੇ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੀ ਜ਼ਿੰਮੇਵਾਰੀ ਨਾਲ ਪੂਰੇ ਕੀਤੇ ਗਏ ਹਨ।