ਜ਼ਿਮਨੀ ਚੋਣਾਂ ਦੌਰਾਨ ਭਖ ਸਕਦੈ ਮੰਡੀਆਂ ਵਿੱਚ ਝੋਨੇ ਦੀ ਬੇਕਦਰੀ ਦਾ ਮੁੱਦਾ
ਮਹਿੰਦਰ ਸਿੰਘ ਰੱਤੀਆਂ
ਮੋਗਾ, 23 ਅਕਤੂਬਰ
ਸੂਬੇ ’ਚ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਲਈ ਬੀਕੇਯੂ ਉਗਰਾਹਾਂ ਵੱਲੋਂ ‘ਆਪ’ ਦੇ ਵਿਧਾਇਕਾਂ ਤੇ ਟੌਲ ਪਲਾਜ਼ਿਆਂ ਪੱਕੇ ਮੋਰਚੇ ਜਾਰੀ ਹਨ। ਵਿਧਾਨ ਸਭਾ ਵਿਚ ਵਿਰੋਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਸੂਬੇ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ ਆੜ੍ਹਤੀਆਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣ ਰਹੇ ਹਨ। ਸ੍ਰੀ ਬਾਜਵਾ ਨੇ ਭਲਕੇ 24 ਅਕਤੂਬਰ ਨੂੰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ਮੋਗਾ, ਨਿਹਾਲ ਸਿੰਘ ਵਾਲਾ ਤੇ ਬਾਘਾਪੁਰਾਣਾ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਲਾਂ ਸੁਣਨ ਲਈ ਪ੍ਰੋਗਰਾਮ ਰੱਖਿਆ ਗਿਆ ਹੈ। ਪੰਜਾਬ ਕਾਂਗਰਸ ਸੂਬੇ ’ਚ ਹੋ ਰਹੀਆਂ ਜ਼ਿਮਨੀ ਚੋਣਾਂ ਦੌਰਾਨ ਮੰਡੀਆਂ’ਚ ਝੋਨੇ ਦੀ ਬੇਕਦਰੀ ਨੂੰ ਮੁੱਦਾ ਬਣਾਉਣ ਦੇ ਮੂਡ ’ਚ ਹੈ। ਇਥੇ ਜ਼ਿਲ੍ਹੇ ’ਚ ਮੰਡੀਆਂ ’ਚ ਝੋਨੇ ਦੀ ਸੁਸਤ ਖਰੀਦ ’ਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਗੀਤਾ ਬਿਸੰਭੂ ਨੇ ਆੜ੍ਹਤੀਆਂ ਤੇ ਖਰੀਦ ਏਜੰਸੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਥਿੱਤੀ ਦੇ ਜਾਇਜ਼ਾ ਲਿਆ ਅਤੇ ਖਰੀਦ ਤੇਜ਼ ਕਰਨ ਦੀਆ ਹਦਾਇਤਾਂ ਦਿੱਤੀਆਂ। ਇਹ ਵੀ ਪਤਾ ਲੱਗਾ ਹੈ ਅੱਜ 24 ਅਕਤੂਬਰ ਨੂੰ ਹੀ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੁਚੱਕ ਮੋਗਾ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਆ ਰਹੇ ਹਨ ਪਰ ਕਿਸਾਨਾਂ ਦੇ ਵਿਰੋਧ ਦੇ ਡਰੋਂ ਉਨ੍ਹਾਂ ਦੇ ਦੌਰੇ ਨੁੰ ਗੁਪਤ ਰੱਖਿਆ ਜਾ ਰਿਹਾ ਹੈ। ਬੀਕੇਯੂ ਉਗਰਾਹਾਂ ਆਗੂ ਬਲੌਰ ਸਿੰਘ ਘਾਲੀ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਵੱਲੋਂ ਦੋ ਦਿਨਾਂ ਵਿੱਚ ਪੰਜਾਬ ਦੀਆਂ ਮੰਡੀਆਂ ਵਿੱਚੋਂ ਝੋਨੇ ਦੀ ਨਿਰਵਿਘਨ ਖਰੀਦ ਤੇ ਲਿਫਟਿੰਗ ਸ਼ੁਰੂ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਸੀ ਪਰ ਕਿਸਾਨਾ ਨੇ 4 ਦਿਨ ਦੀ ਮੋਹਲਤ ਦਿੱਤੀ ਸੀ ਪਰ ਹਾਲੇ ਤੱਕ ਝੋਨੇ ਦੀ ਖਰੀਦ ਨੇ ਰਫ਼ਤਾਰ ਨਹੀਂ ਫੜੀ।