ਪਹਿਲੀ ਚੋਣ ਰਿਹਰਸਲ ਮੌਕੇ ਮਹਿਲਾ ਅਧਿਆਪਕਾਂ ਨੇ ਸਮੱਸਿਆਵਾਂ ਦੱਸੀਆਂ
ਜੋਗਿੰਦਰ ਸਿੰਘ ਮਾਨ
ਮਾਨਸਾ, 6 ਅਕਤੂਬਰ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਸ਼ੱਕ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦੇ ਦਾਅਵੇ ਕੀਤੇ ਹਨ, ਪਰ ਪਿੰਡਾਂ ਵਿੱਚ ਚੱਲ ਰਹੀਆਂ ਧੜੇਬੰਦੀਆਂ ਤੇ ਖਹਿਬਾਜ਼ੀਆਂ ਦੇ ਮਾਹੌਲ ਕਾਰਨ ਚੋਣ ਅਮਲਾ ਖਾਸ ਕਰਕੇ ਮਹਿਲਾ ਅਧਿਆਪਕਾਂ ਵਿੱਚ ਸਹਿਮ ਪਾਇਆ ਜਾ ਰਿਹਾ ਹੈ। ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪਹਿਲੀ ਰਿਹਰਸਲ ਦੌਰਾਨ ਵੱਖ-ਵੱਖ ਅਧਿਆਪਕ ਜਥੇਬੰਦੀਆਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡਾਂ ’ਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਜਾਣ ਅਤੇ ਉਨ੍ਹਾਂ ਮਹਿਲਾ ਚੋਣ ਅਮਲੇ ਦੀਆਂ ਡਿਊਟੀਆਂ ਵੀ ਕੱਟਣ ਦੀ ਮੰਗ ਕੀਤੀ ਹੈ।
ਪੰਚਾਇਤੀ ਚੋਣਾਂ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਦੇ ਪੰਜ ਬਲਾਕ ਦੇ 547 ਪੋਲਿੰਗ ਸਟੇਸ਼ਨਾਂ ਵਿੱਚ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਦੌਰਾਨ ਮਹਿਲਾ ਅਧਿਆਪਕਾਂ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਸਾਹਮਣੇ ਚੋਣਾਂ ਦੌਰਾਨ ਹੁੰਦੀਆਂ ਲੜਾਈਆਂ ਵਿੱਚ ਸਭ ਤੋਂ ਵੱਧ ਖਮਿਆਜ਼ਾ ਉਨ੍ਹਾਂ ਨੂੰ ਭੁਗਤਣ ਦੇ ਮਾਮਲੇ ਅਧਿਕਾਰੀਆਂ ਸਾਹਮਣੇ ਲਿਆਂਦੇ ਗਏ, ਪਰ ਅਧਿਕਾਰੀ ਉਨ੍ਹਾਂ ਦੀਆਂ ਸ਼ਿਕਾਇਤਾਂ ਸਾਹਮਣੇ ਬੇਵੱਸ ਨਜ਼ਰ ਆਏ। ਦੂਜੇ ਪਾਸੇ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀਟੀਐੱਫ) ਦੇ ਪ੍ਰਧਾਨ ਅਮੋਲਕ ਡੇਲੂਆਣਾ, ਈਟੀਟੀ ਟੀਚਰਜ਼ ਯੂਨੀਅਨ ਦੇ ਪ੍ਰਧਾਨ ਹਰਦੀਪ ਸਿੰਘ ਸਿੱਧੂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਗੰਭੀਰ ਬਿਮਾਰੀਆਂ, ਅੰਗਹੀਣ ਅਤੇ ਮਹਿਲਾ ਅਧਿਆਪਕਾਂ ਦੀਆਂ ਡਿਊਟੀਆਂ ਤੁਰੰਤ ਕੱਟਣ ਦੇ ਮਾਮਲੇ ਨੂੰ ਵੀ ਉਭਾਰਿਆ।
ਡੀਸੀ ਵੱਲੋਂ ਚੋਣ ਅਮਲੇ ਦੀ ਹੌਸਲਾ-ਅਫ਼ਜ਼ਾਈ
ਪੰਚਾਇਤੀ ਚੋਣਾਂ ਲਈ ਹੋਈ ਪਹਿਲੀ ਰਿਹਰਸਲ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਕਿ 15 ਅਕਤੂਬਰ ਨੂੰ ਪੈਣ ਵਾਲੀਆਂ ਵੋਟਾਂ ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਵਿਘਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਮਾਨਸਾ ਵਿੱਚ ਚੋਣ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਚੋਣ ਅਮਲੇ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਪੰਚਾਇਤੀ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਅਤੇ ਸ਼ਾਂਤਮਈ ਤਰੀਕੇ ਨਾਲ ਕਰਵਾਉਣ ਲਈ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।