ਬਰਸਾਤਾਂ ਦੇ ਮੌਸਮ ’ਚ ਨਿਕਾਸੀ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸਨ ਦੀ ਨੀਂਦ ਖੁੱਲ੍ਹੀ
ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 26 ਜੂਨ
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਰਸਾਤਾਂ ਦੇ ਮੌਸਮ ਦੌਰਾਨ ਸ਼ਹਿਰ ਵਿੱਚ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਪਰ ਇਹ ਪ੍ਰਬੰਧ ਕਾਗ਼ਜ਼ੀ ਕਾਰਵਾਈ ਹੀ ਸਾਬਿਤ ਹੋ ਰਹੇ ਹਨ। ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਬਾਰੇ ਸੀਨੀਅਰ ਡਿਪਟੀ ਮੇਅਰ ਦੀ ਸ਼ਿਕਾਇਤ ਤੋਂ ਬਾਅਦ ਪ੍ਰਸ਼ਾਸਨ ਦੇ ਇਨ੍ਹਾਂ ਪ੍ਰਬੰਧਾਂ ਦੀ ਪੋਲ ਖੁੱਲ੍ਹ ਗਈ। ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਬਾਰੇ ਸੀਨੀਅਰ ਡਿਪਟੀ ਮੇਅਰ ਦੀ ਸ਼ਿਕਾਇਤ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ।
ਇਸੇ ਤਹਿਤ ਅੱਜ ਸਵੇਰੇ ਐੱਸਡੀਐੱਮ (ਸੈਂਟਰਲ) ਸੰਯਮ ਗਰਗ ਨੇ ਪਟਿਆਲਾ ਕੀ ਰਾਓ ਨਦੀ ਦੀ ਸਫਾਈ ਦਾ ਨਿਰੀਖਣ ਕੀਤਾ। ਪ੍ਰਸ਼ਾਸਨ ਵੱਲੋਂ ਕੀਤੇ ਜਾਂਦੇ ਸਫ਼ਾਈ ਦੇ ਵੱਡੇ-ਵੱਡੇ ਦਾਅਵਿਆਂ ਦੀ ਉਸ ਵੇਲੇ ਪੋਲ ਖੁੱਲ੍ਹ ਗਈ ਜਦੋਂ ਇੱਥੇ ਨਿਰੀਖਣ ਕਰਨ ਪੁੱਜੀ ਟੀਮ ਨੇ ਦੇਖਿਆ ਕਿ ਹਾਲੇ ਤੱਕ ਇੱਥੇ ਸਫ਼ਾਈ ਨਹੀਂ ਹੋਈ ਹੈ। ਦੱਸਣਯੋਗ ਹੈ ਕਿ ਪਿਛਲੀ ਵਾਰ ਵੀ ਸਫ਼ਾਈ ਪ੍ਰਬੰਧ ਦਰੁਸਤ ਨਾ ਹੋਣ ਕਾਰਨ ਭਾਰੀ ਮੀਂਹ ਦੌਰਾਨ ਇਸ ਨਦੀ ਦੇ ਨੇੜਲੇ ਪੇਂਡੂ ਖੇਤਰਾਂ ਵਿੱਚ ਪਾਣੀ ਭਰ ਗਿਆ ਸੀ, ਜਿਸ ਕਾਰਨ ਕਈ ਕਿਸਾਨਾਂ ਦੀਆਂ ਫ਼ਸਲਾਂ ਡੁੱਬ ਗਈਆਂ ਸਨ। ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਜਾ ਰਿਹਾ ਸੀ ਕਿ ਪਟਿਆਲਾ ਕੀ ਰਾਓ ਨਦੀ ਦੀ ਸਫ਼ਾਈ ਕਰ ਦਿੱਤੀ ਗਈ ਹੈ। ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਨੇ ਕਿਹਾ ਕਿ ਪਟਿਆਲਾ ਕੀ ਰਾਓ ਨਦੀ ਦੀ ਪਿਛਲੇ 20 ਸਾਲਾਂ ਤੋਂ ਕੋਈ ਸਫ਼ਾਈ ਨਹੀਂ ਹੋਈ। ਇਸ ਲਈ ਉਨ੍ਹਾਂ ਚੰਡੀਗੜ੍ਹ ਦੇ ਚੀਫ਼ ਇੰਜਨੀਅਰ ਨੂੰ ਪੱਤਰ ਵੀ ਲਿਖਿਆ ਸੀ ਪਰ ਉਸ ਤੋਂ ਬਾਅਦ ਵੀ ਸਫਾਈ ਸਿਰਫ ਕਾਗਜ਼ਾਂ ਵਿੱਚ ਹੀ ਦਿਖਾਈ ਗਈ ਹੈ। ਉਨ੍ਹਾਂ ਮੰਗਲਵਾਰ ਨੂੰ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੂੰ ਇਸ ਸਬੰਧੀ ਸ਼ਿਕਾਇਤ ਕੀਤੀ ਸੀ। ਅੱਜ ਬੁੱਧਵਾਰ ਨੂੰ ਡੀਸੀ ਦੀਆਂ ਹਦਾਇਤਾਂ ’ਤੇ ਐੱਸਡੀਐੱਮ ਸੰਯਮ ਗਰਗ ਨੇ ਇੱਥੇ ਨਦੀ ਵਿੱਚ ਸਫਾਈ ਪ੍ਰਬੰਧਾਂ ਦਾ ਮੌਕੇ ’ਤੇ ਜਾ ਕੇ ਮੁਆਇਨਾ ਕੀਤਾ। ਐੱਸਡੀਐੱਮ ਸੰਯਮ ਗਰਗ ਨੇ ਦੱਸਿਆ ਕਿ ਉਨ੍ਹਾਂ ਨੇ ਮੌਕੇ ਦਾ ਜਾਇਜ਼ਾ ਲਿਆ ਹੈ ਅਤੇ ਇੱਥੋਂ ਦੇ ਸਫਾਈ ਪ੍ਰਬੰਧਾਂ ਬਾਰੇ ਪੂਰੀ ਰਿਪੋਰਟ ਬਣਾ ਕੇ ਡੀਸੀ ਵਿਨੈ ਪ੍ਰਤਾਪ ਸਿੰਘ ਨੂੰ ਭੇਜੀ ਜਾਏਗੀ।
ਸਫ਼ਾਈ ਨਾ ਹੋਣ ਕਾਰਨ ਇਸ ਵਿੱਚ ਕਾਫ਼ੀ ਮਿੱਟੀ ਜਮ੍ਹਾਂ ਹੋ ਗਈ ਹੈ ਜਿਸ ਕਾਰਨ ਬਰਸਾਤੀ ਪਾਣੀ ਦੀ ਸਮਰੱਥਾ ਘੱਟ ਗਈ ਹੈ ਅਤੇ ਹਲਕੀ ਬਾਰਿਸ਼ ਤੋਂ ਬਾਅਦ ਹੀ ਇਹ ਉੱਛਲ ਜਾਂਦੀ ਹੈ। ਇਸ ਦੌਰਾਨ ਇਸ ਨਦੀ ਦਾ ਪਾਣੀ ਬਾਹਰ ਵਹਿ ਕੇ ਪਿੰਡਾਂ ਸਮੇਤ ਨੇੜਲੇ ਇਲਾਕਿਆਂ ਵਿੱਚ ਮਾਰ ਕਰਦਾ ਹੈ।