ਦਸਹਿਰੇ ਤੇ ਦੀਵਾਲੀ ਮੌਕੇ ਪਟਾਕੇ ਚਲਾਉਣ ਕਾਰਨ ਵਧਦੈ ਪ੍ਰਦੂਸ਼ਣ: ਡੱਲੇਵਾਲ
ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਨਵੰਬਰ
ਦਿੱਲੀ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਕਿਸਾਨ ਤੇ ਹਿੰਦੂ ਆਗੂ ਆਹਮੋ-ਸਾਹਮਣੇ ਹੁੰਦੇ ਦਿਖਾਈ ਦੇ ਰਹੇ ਹਨ। ਇੱਕ ਪਾਸੇ ਜਿੱਥੇ ਪਰਾਲੀ ਸਾੜਨ ਦੇ ਮੁੱਦੇ ’ਤੇ ਕਿਸਾਨ ਹਵਾ ਪ੍ਰਦੂਸ਼ਣ ਲਈ ਹੋਰ ਕਈ ਕਾਰਨ ਗਿਣਾ ਰਹੇ ਹਨ ਤਾਂ ਉਥੇ ਹੀ ਹਿੰਦੂਵਾਦੀ ਆਗੂ ਦੀਵਾਲੀ ਮੌਕੇ ਪਟਾਕੇ ਚਲਾਉਣ ਨੂੰ ਜਾਇਜ਼ ਠਹਿਰਾਅ ਰਹੇ ਹਨ। ਪ੍ਰੈੱਸ ਕਲੱਬ ਆਫ ਇੰਡੀਆ ਵਿੱਚ ਅੱਜ ਇੱਕੋ ਸਮੇਂ ਕਿਸਾਨ ਆਗੂਆਂ ਤੇ ਹਿੰਦੂ ਆਗੂਆਂ ਵੱਲੋਂ ਦੋ ਵੱਖ-ਵੱਖ ਪ੍ਰੈੱਸ ਕਾਨਫਰੰਸ ਕੀਤੀਆਂ ਗਈਆਂ।
ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡੱਲੇਵਾਲ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪ੍ਰਦੂਸ਼ਣ ਮਾਮਲੇ ਵਿੱਚ ਸਿਰਫ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਉਲਟ ਦਸਹਿਰੇ ਮੌਕੇ ਦਿੱਲੀ ’ਚ ਕਰੀਬ 600 ਪੁਤਲੇ ਸਾੜਨ ਕਾਰਨ ਪੈਦਾ ਹੋਏ ਪ੍ਰਦੂਸ਼ਣ ਅਤੇ ਅਗਲੇ ਦਿਨਾਂ ਦੌਰਾਨ ਦੀਵਾਲੀ ਮੌਕੇ ਚਲਾਏ ਜਾਣ ਵਾਲੇ ਪਟਾਕਿਆਂ ਵੱਲ ਧਿਆਨ ਖਿੱਚਿਆ ਹੈ।
ਸ੍ਰੀ ਡੱਲੇਵਾਲ ਨੇ ਕਿਹਾ ਕਿ ਦਸਹਿਰੇ ਮੌਕੇ ਚਲਾਏ ਪਟਾਕਿਆਂ ਦਾ ਪ੍ਰਦੂਸ਼ਣ ਵੀ ਹਵਾ ਵਿੱਚ ਹੀ ਹੈ ਤੇ ਅਗਲੇ ਦਿਨਾਂ ਦੌਰਾਨ ਦੀਵਾਲੀ ਦੀ ਰਾਤ ਪਟਾਕੇ ਚਲਾਉਣ ਕਾਰਨ ਹੋਰ ਪ੍ਰਦੂਸ਼ਣ ਪੈਦਾ ਹੋਵੇਗਾ ਪਰ ਇਸ ਲਈ ਸਿਰਫ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ, ਜੋ ਕਿ ਨਿੰਦਣਯੋਗ ਹੈ।
ਦੂਜੇ ਪਾਸੇ ਯੂਨਾਈਟਿਡ ਹਿੰਦੂ ਫਰੰਟ ਦੇ ਆਗੂ ਜੈ ਭਗਵਾਨ ਗੋਇਲ ਨੇ ਕਿਹਾ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਪਟਾਕਿਆਂ ਉਪਰ ਰੋਕ ਲਾ ਕੇ ਕਰੋੜਾਂ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੀਵਾਲੀ ਮੌਕੇ ਪਟਾਕੇ ਚਲਾਉਣਾ ਪੁਰਾਣੀ ਪਰੰਪਰਾ ਹੈ। ਉਨ੍ਹਾਂ ਤਰਕ ਦਿੱਤਾ ਕਿ ਪਟਾਕੇ ਚਲਾਉਣ ਨਾਲ ਜੀਵਾਣੂ ਮਰਦੇ ਹਨ ਤੇ ਡੇਂਗੂ, ਮਲੇਰੀਆ, ਚਿਕਨਗੁਣੀਆ ਆਦਿ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ।